ਸਿਟੀ ਸੈਂਟਰ ਘੋਟਾਲਾ: ਬੈਂਸ ਦੀ ਪਟੀਸ਼ਨ 'ਤੇ ਸਰਕਾਰ ਨੂੰ ਨੋਟਿਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੁਧਿਆਣਾ ਸਿਟੀ ਸੈਂਟਰ ਘੁਟਾਲੇ ਮਾਮਲੇ 'ਚ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੱਲੋਂ ਧਿਰ ਬਨਣ ਦੀ ਮੰਗ ਵਾਲੀ ਪਟੀਸ਼ਨ....

Simrjeet Singh Bains

ਚੰਡੀਗੜ੍ਹ (ਭਾਸ਼ਾ) : ਲੁਧਿਆਣਾ ਸਿਟੀ ਸੈਂਟਰ ਘੁਟਾਲੇ ਮਾਮਲੇ 'ਚ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੱਲੋਂ ਧਿਰ ਬਨਣ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਬੈਂਸ ਇਸ ਮਾਮਲੇ 'ਚ ਆਪਣਾ ਪੱਖ ਪੇਸ਼ ਕਰਨ ਦੀ ਇਜਾਜ਼ਤ ਲੈਣ ਲਈ ਹਾਈਕੋਰਟ ਪਹੁੰਚੇ ਨੇ। ਇਸ ਤੋਂ ਪਹਿਲਾਂ ਲੁਧਿਆਣਾ ਦੀ ਅਦਾਲਤ ਨੇ ਬੈਂਸ ਦੀ ਇਸੇ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ, ਜਿਸ ਤੋਂ 11 ਮਹੀਨਿਆਂ ਬਾਅਦ ਬੈਂਸ ਨੇ ਹਾਈਕੋਰਟ ਦਾ ਰੁਖ਼ ਕੀਤਾ ਹੈ।

ਬੈਂਸ ਨੇ ਦਾਅਵਾ ਕੀਤਾ ਹੈ ਕਿ ਇਹ ਭ੍ਰਿਸ਼ਟਾਚਾਰ ਦਾ ਮਾਮਲਾ ਹੈ ਤੇ ਉਨ੍ਹਾਂ ਨੂੰ ਕਲੋਜ਼ਰ ਰਿਪੋਰਟ ਨੂੰ ਚੁਣੌਤੀ ਦੇਣ ਦਾ ਪੂਰਾ ਹੱਕ ਹੈ। ਬੈਂਸ ਨੇ ਲੁਧਿਆਣਾ ਅਦਾਲਤ ਦੇ ਫੈਸਲੇ ਨੂੰ ਇੱਕ ਪਾਸੇ ਕਰਨ ਲਈ ਵੀ ਹਾਈਕੋਰਟ ਦਾ ਦਖ਼ਲ ਮੰਗਿਆ ਹੈ। ਜਸਟਿਸ ਇੰਦਰਜੀਤ ਸਿੰਘ ਨੇ ਆਉਂਦੀ 23 ਜਨਵਰੀ ਨੂੰ ਬੈਂਸ ਦੀ ਪਟੀਸ਼ਨ 'ਤੇ ਸੁਣਵਾਈ ਤੈਅ ਕੀਤੀ ਹੈ ਅਤੇ ਸਰਕਾਰ ਨੇ ਇਸ ਤੋਂ ਪਹਿਲਾਂ-ਪਹਿਲਾਂ ਆਪਣਾ ਪੱਖ ਸਾਫ਼ ਕਰਨਾ ਹੈ।

ਜ਼ਿਕਰ ਏ ਖਾਸ ਹੈ ਕਿ 19 ਅਗਸਤ 2017 ਨੂੰ ਮਾਮਲੇ ਦੀ ਜਾਂਚ ਕਰ ਰਹੇ ਵਿਜੀਲੈਂਸ ਬਿਊਰੋ ਨੇ ਸਿਟੀ ਸੈਂਟਰ ਪ੍ਰਾਜੈਕਟ 'ਚ ਕਿਸੇ ਘਪਲੇ ਦੇ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਕਲੀਨ ਚਿੱਟ ਦੇ ਦਿੱਤੀ ਸੀ ਤੇ ਮਾਮਲਾ ਬੰਦ ਕਰਨ ਦੀ ਰਿਪੋਰਟ ਵੀ ਦਾਇਰ ਕਰ ਦਿੱਤੀ ਹੈ, ਜਿਸ 'ਤੇ ਫੈਸਲਾ ਹਾਲੇ ਆਉਣਾ ਹੈ।