ਬਾਗ਼ੀ ਟਕਸਾਲੀਆਂ ਵਲੋਂ ਸ਼੍ਰੋਮਣੀ ਕਮੇਟੀ ਦੀ ਚੋਣ ਲੜਨ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

16 ਦਸੰਬਰ ਨੂੰ ਨਵਾਂ ਅਕਾਲੀ ਦਲ ਬਣਾਉਣ ਦਾ ਐਲਾਨ ਕਰਨ ਜਾ ਰਹੇ ਬਾਗ਼ੀ ਟਕਸਾਲੀ ਆਗੂਆਂ ਵਲੋਂ ਹੁਣ ਸ਼੍ਰੋਮਣੀ ਕਮੇਟੀ ਚੋਣਾਂ ਲੜਨ ਦਾ ਐਲਾਨ....

Ranjit Singh Brahmpura

ਚੰਡੀਗੜ੍ਹ (ਭਾਸ਼ਾ) : 16 ਦਸੰਬਰ ਨੂੰ ਨਵਾਂ ਅਕਾਲੀ ਦਲ ਬਣਾਉਣ ਦਾ ਐਲਾਨ ਕਰਨ ਜਾ ਰਹੇ ਬਾਗ਼ੀ ਟਕਸਾਲੀ ਆਗੂਆਂ ਵਲੋਂ ਹੁਣ ਸ਼੍ਰੋਮਣੀ ਕਮੇਟੀ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ। ਟਕਸਾਲੀ ਆਗੂਆਂ ਨੇ ਇਹ ਐਲਾਨ ਪ੍ਰਕਾਸ਼ ਸਿੰਘ ਬਾਦਲ ਦੇ ਉਸ ਬਿਆਨ ਤੋਂ ਬਾਅਦ ਆਇਆ ਹੈ, ਜਿਸ ਵਿਚ ਸਰਦਾਰ ਬਾਦਲ ਨੇ ਇਹ ਆਖਿਆ ਹੈ ਕਿ ਜਿਸ ਕੋਲ ਸ਼੍ਰੋਮਣੀ ਕਮੇਟੀ ਹੈ, ਉਹੀ ਅਸਲ ਅਕਾਲੀ ਦਲ ਹੈ। ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੜਨ ਦਾ ਐਲਾਨ ਅਕਾਲੀ ਦਲ ਬਾਦਲ ਤੋਂ ਵੱਖ ਹੋਏ ਸੀਨੀਅਰ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ ਵਲੋਂ ਕੀਤਾ ਗਿਆ ਹੈ।

ਇਸ ਦੌਰਾਨ ਪਾਰਟੀ ਦੀ ਸ਼ੁਰੂਆਤ ਲਈ 16 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਵਿਸ਼ੇਸ਼ ਸਮਾਗਮ ਵੀ ਰੱਖਿਆ ਗਿਆ ਹੈ, ਜਿਸ ਵਿਚ ਪਾਰਟੀ ਦੇ ਨਾਂਅ ਦਾ ਐਲਾਨ ਕੀਤਾ ਜਾਵੇਗਾ। ਟਕਸਾਲੀ ਆਗੂ ਇਥੇ ਅਕਾਲੀ ਦਲ ਬਾਦਲ ਦੀ ਲੀਡਰਸ਼ਿਪ ਤੋਂ ਨਾਰਾਜ਼ ਤੇ ਨਿਰਾਸ਼ ਆਗੂਆਂ ਤੇ ਕਾਰਕੁਨਾਂ ਨੂੰ ਪਾਰਟੀ ਵਿਚ ਸ਼ਾਮਲ ਕਰਨ ਲਈ ਪੁੱਜੇ ਸਨ। ਨਵੀਂ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਮਰਹੂਮ ਅਕਾਲੀ ਆਗੂ ਮਨਜੀਤ ਸਿੰਘ ਕਲਕੱਤਾ ਦੇ ਬੇਟੇ ਗੁਰਪ੍ਰੀਤ ਸਿੰਘ ਕਲਕੱਤਾ, ਸਾਬਕਾ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਸਿੰਘ ਵਾਲੀਆ,

ਸ੍ਰੀ ਅਕਾਲ ਤਖ਼ਤ ਦੇ ਮਰਹੂਮ ਜਥੇਦਾਰ ਚੇਤ ਸਿੰਘ ਦੇ ਬੇਟੇ ਤਰਲੋਚਨ ਸਿੰਘ ਸਮੇਤ ਜ਼ਿਲਾ ਅਕਾਲੀ ਜਥੇ ਦੇ ਹੋਰ ਸਾਬਕਾ ਆਗੂ ਤੇ ਕਾਰਕੁਨ ਸ਼ਾਮਲ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਸ੍ਰੀ ਬ੍ਰਹਮਪੁਰਾ ਨੇ ਆਖਿਆ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਹੋਣ ਦੀ ਸੰਭਾਵਨਾ ਹੈ ਕਿਉਂਕਿ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਦਾ ਸਮਾਂ ਪੂਰਾ ਹੋ ਚੁੱਕਾ ਹੈ। ਜੇਕਰ ਚੋਣਾਂ ਕਰਾਉਣ ਵਿਚ ਅੜਿੱਕਾ ਖੜ੍ਹਾ ਕੀਤਾ ਗਿਆ ਤਾਂ ਉਹ ਇਸ ਸਬੰਧੀ ਕਾਨੂੰਨੀ ਚਾਰਾਜ਼ੋਈ ਵੀ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਉਹ ਪਾਰਟੀ ਦਾ ਪੁਰਾਤਨ ਸਰੂਪ ਅਤੇ ਸੰਵਿਧਾਨ ਮੁੜ ਤੋਂ ਕਾਇਮ ਕਰਨਗੇ।