ਬਰਨਾਲਾ ਦੇ ਨੇੜਲੇ ਪਿੰਡ ’ਚ ਨਸ਼ੇ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਸ਼ੇ ਦੀ ਓਵਰਡੋਜ਼ ਕਾਰਨ ਬਰਨਾਲਾ ਦੇ ਨੇੜਲੇ ਪਿੰਡ ਚੂੰਘਾਂ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

Gurwinder Singh

ਬਰਨਾਲਾ (ਲਖਵੀਰ ਸਿੰਘ ਚੀਮਾ): ਨਸ਼ੇ ਦੀ ਓਵਰਡੋਜ਼ ਕਾਰਨ ਬਰਨਾਲਾ ਦੇ ਨੇੜਲੇ ਪਿੰਡ ਚੂੰਘਾਂ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਵਿੰਦਰ ਸਿੰਘ (22) ਪੁੱਤਰ ਗੁਰਪਾਲ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਨਸ਼ੇ ਦੀ ਹਾਲਤ ਵਿਚ ਪਿੰਡ ਦੀ ਧਰਮਸ਼ਾਲਾ ਵਿਚ ਪਿਆ ਮਿਲਿਆ। ਮ੍ਰਿਤਕ ਨੌਜਵਾਨ ਦੇ ਚਾਚਾ ਰਜਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਹਨਾਂ ਦਾ ਭਤੀਜਾ ਗੁਰਵਿੰਦਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਅਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ।

ਉਹਨਾਂ ਦੱਸਿਆਕਿ ਤਿੰਨ ਸਾਲ ਪਹਿਲਾਂ ਗੁਰਵਿੰਦਰ ਸਿੰਘ ਕਬੱਡੀ ਦਾ ਬਹੁਤ ਵਧੀਆ ਖਿਡਾਰੀ ਸੀ ਅਤੇ ਉਸ ਨੇ ਕਈ ਮੁਕਾਬਲਿਆਂ ਵਿਚ ਅਪਣੇ ਪਿੰਡ ਦਾ ਨਾਂਅ ਵੀ ਰੌਸ਼ਨ ਕੀਤਾ। ਪਿਛਲੇ ਸਾਲ ਲਾਕਡਾਊਨ ਕਾਰਨ ਉਸ ਨੇ ਖੇਡਣਾ ਬੰਦ ਕਰ ਦਿੱਤਾ। ਰੁਜ਼ਗਾਰ ਨਾ ਮਿਲਣ ਤੋਂ ਬਾਅਦ ਸਿਰ ’ਤੇ ਚੜ੍ਹੇ ਕਰਜ਼ੇ ਕਾਰਨ ਉਹ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ। ਇਸ ਤੋਂ ਬਾਅਦ ਉਸ ਨੇ ਨਸ਼ੇ ਦਾ ਸੇਵਨ ਕਰਨਾ ਸ਼ੁਕੂ ਕਰ ਦਿੱਤਾ।

ਨਸ਼ੇ ਦੀ ਓਵਰਡੋਜ਼ ਕਾਰਨ ਉਸ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਤਪਾ ਮੰਡੀ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿਚ ਹੀ ਉਸ ਨੇ ਦਮ ਤੋੜ ਦਿੱਤਾ। ਨੌਜਵਾਨ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਪੰਚਾਇਤ ਆਗੂਆਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਗੁਰਵਿੰਦਰ ਸਿੰਘ ਘਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ, ਜਿਸ ’ਤੇ 8 ਲੱਖ ਦੇ ਕਰੀਬ ਕਰਜ਼ਾ ਹੈ।

ਉਹਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰ ਸਿਰ ਚੜ੍ਹਿਆ ਕਰਜ਼ਾ ਮਾਫ ਕੀਤਾ ਜਾਵੇ ਅਤੇ ਪਰਿਵਾਰ ਵਿਚ ਬਾਕੀ ਰਹਿੰਦੇ ਮਾਤਾ-ਪਿਤਾ ਅਤੇ ਦੋ ਛੋਟੀਆਂ ਭੈਣਾਂ ਦੀ ਆਰਥਿਕ ਮਦਦ ਕੀਤੀ ਜਾਵੇ ਤਾਂ ਜੋ ਘਰ ਦਾ ਗੁਜ਼ਾਰਾ ਚੱਲ ਸਕੇ। ਉਹਨਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨਸ਼ੇ ਨੂੰ ਪੂਰਨ ਤੌਰ ’ਤੇ ਖ਼ਤਮ ਕਰਨ ਲਈ ਕਦਮ ਚੁੱਕੇ  ਤਾਂ ਜੋ ਉਹਨਾਂ ਦੇ ਪੁੱਤ ਵਾਂਗ ਕਿਸੇ ਹੋਰ ਦਾ ਪੁੱਤ ਇਸ ਦਾ ਸ਼ਿਕਾਰ ਨਾ ਹੋਵੇ। ਇਸ ਸਬੰਧੀ ਪੁਲਿਸ ਥਾਣਾ ਟੱਲੇਵਾਲ ਦੇ ਐਸਐਚਓ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਮਾਮਲੇ ਸਬੰਧੀ ਬਿਆਨ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।