ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਏ.ਐਸ.ਆਈ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

VIGILANCE BUREAU ARRESTS ASI IN CORRUPTION CASE FOR TAKING BRIBE RS 5,000

 

ਚੰਡੀਗੜ੍ਹ: ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਭੁਲੱਥ, ਜ਼ਿਲ੍ਹਾ ਕਪੂਰਥਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਲਖਵਿੰਦਰ ਸਿੰਘ (899/ਕਪੂਰਥਲਾ) ਨੂੰ 5,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਦਰਜ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਵਤਾਰ ਸਿੰਘ ਵਾਸੀ ਪਿੰਡ ਆਕਾਲਾ, ਭੁਲੱਥ ਨੇ ਦੋਸ਼ ਲਗਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸਦੇ ਲੜਕੇ ਬਾਰੇ ਪੁਲਿਸ ਸਟੇਸ਼ਨ ਵਿਖੇ ਦਰਜ ਸ਼ਿਕਾਇਤ 'ਤੇ ਕਾਰਵਾਈ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਲਈ ਹੈ। ਉਹ ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਲਈ ਰਿਸ਼ਵਤ ਵਜੋਂ ਹੋਰ ਪੈਸੇ ਮੰਗ ਰਿਹਾ ਸੀ ਅਤੇ ਸ਼ਿਕਾਇਤਕਰਤਾ ਨੇ ਇਸ ਸਬੰਧੀ ਹੋਈ ਗੱਲਬਾਤ ਵੀ ਰਿਕਾਰਡ ਕਰ ਲਈ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਮੰਗਣ ਅਤੇ ਲੈਣ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਉਪਰੰਤ ਉਕਤ ਪੁਲਿਸ ਅਧਿਕਾਰੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿੱਚ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਏ.ਐਸ.ਆਈ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।