ਪੰਜਾਬ ਸਮੇਤ ਵੱਖ ਵੱਖ ਸੂਬਿਆਂ ਵਿਚ ਕੋਰੋਨਾ ਵੈਕਸੀਨ ਮੁਹਿੰਮ ਦੀ ਹੋਈ ਸ਼ੁਰੂਆਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਸਨੂੰ ਵੈਕਸੀਨ ਲਗਾਏ ਜਾਣ ਤੋਂ ਬਆਦ ਫਖ਼ਰ ਮਹਿਸੂਸ ਹੋ ਰਿਹਾ ਹੈ ਤੇ ਉਹ ਬਿਲਕੁਲ ਤੰਦਰੁਸਤ ਹੈ।

corona vaccine

ਚੰਡੀਗੜ੍ਹ: ਕੋਰੋਨਾ ਮਹਾਂਮਾਰੀ ਖਿਲਾਫ ਕਈ ਮਹੀਨਿਆਂ ਤੋਂ ਜਾਰੀ ਜੰਗ ਦੌਰਾਨ ਅੱਜ ਭਾਰਤ ਵਿਚ ਦੁਨੀਆਂ ਦੀ ਸਭ ਤੋਂ ਵੱਡੀ ਟੀਕਾਕਰਣ ਮੁਹਿੰਮ ਦਾ ਆਗਾਜ਼ ਹੋਣ ਜਾ ਰਿਹਾ ਹੈ। ਪਹਿਲੇ ਹੀ ਦਿਨ ਦੇਸ਼ ਦੇ ਤਿੰਨ ਲੱਖ ਸਿਹਤ ਕਰਮਚਾਰੀਆਂ ਨੂੰ ਖੁਰਾਕ ਦਿੱਤੀ ਜਾਵੇਗੀ। ਦੇਸ਼ ਦੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਕੁੱਲ 3006 ਟੀਕਾਕਰਣ ਕੇਂਦਰ ਬਣਾਏ ਗਏ ਹਨ। ਸਭ ਤੋਂ ਪਹਿਲਾਂ ਰਾਜਸਥਾਨ ਵਿਚ ਜੈਪੁਰ ਦੇ ਸਵਾਈ ਮਾਨ ਸਿੰਘ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਸੁਧੀਰ ਭੰਡਾਰੀ ਨੂੰ ਟੀਕੇ ਦੀ ਖੁਰਾਕ ਦਿੱਤੀ ਜਾਵੇਗੀ। ਉਦਘਾਟਨ ਵਾਲੇ ਦਿਨ ਹਰੇਕ ਕੇਂਦਰ ‘ਤੇ ਕਰੀਬ 100 ਲੋਕਾਂ ਨੂੰ ਟੀਕਾ ਲਗਾਇਆ ਜਾਵੇਗਾ।

ਅੰਮ੍ਰਿਤਸਰ 'ਚ ਕੋਰੋਨਾ ਮੁਹਿੰਮ ਸ਼ੁਰੂ 
47 ਸਾਲਾਂ ਮੈਡੀਕਲ ਲੈਬ ਟੈਕਨੀਸ਼ੀਅਨ ਰਾਜੇਸ਼ ਸ਼ਰਮਾ ਨੂੰ ਅੱਜ ਕੋਵਿਡ ਦੀ ਪਹਿਲੀ ਵੈਕਸੀਨ ਲਗਾਈ ਗਈ ਹੈ। ਰਾਜੇਸ਼ ਸ਼ਰਮਾ ਪਿਛਲੇ 6 ਸਾਲਾਂ ਤੋਂ ਅੰਮ੍ਰਿਤਸਰ ਦੇ ਸਿਵਲ ਹਸਪਤਾਲ 'ਚ ਸੇਵਾਵਾਂ ਦੇ ਰਹੇ ਹਨ। ਕੋਰੋਨਾ ਕਾਲ ਦੌਰਾਨ ਪਿਛਲੇ ਸਾਲ ਤੋਂ ਰਾਜੇਸ਼ ਸ਼ਰਮਾ ਨੇ ਆਪਣੀ ਟੀਮ ਨਾਲ ਕੋਵਿਡ ਦੇ ਸੈਂਪਲ ਇਕੱਠੇ ਕਰਨ 'ਚ ਅਹਿਮ ਭੂਮਿਕਾ ਨਿਭਾਈ। ਰਾਜੇਸ਼ ਨੇ ਦੱਸਿਆ ਕਿ ਉਸਨੂੰ ਵੈਕਸੀਨ ਲਗਾਏ ਜਾਣ ਤੋਂ ਬਆਦ ਫਖ਼ਰ ਮਹਿਸੂਸ ਹੋ ਰਿਹਾ ਹੈ ਤੇ ਉਹ ਬਿਲਕੁਲ ਤੰਦਰੁਸਤ ਹੈ।

ਤਰਨ ਤਾਰਨ 'ਚ ਕੋਰੋਨਾ ਟੀਕਾਕਰਨ ਦੀ ਸ਼ੁਰੂਆਤ
ਕੋਰੋਨਾ ਟੀਕਾਕਰਨ ਦੀ ਸ਼ੁਰੂਆਤ ਸਿਵਲ ਹਸਪਤਾਲ ਤਰਨਤਾਰਨ ਵਿਖੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ, ਵਿਧਾਇਕ ਹਰਮਿੰਦਰ ਗਿੱਲ ਦੀ ਅਗਵਾਈ ਹੇਠ ਹੋਈ। ਇਸ ਮੌਕੇ ਤਰਨਤਾਰਨ ਦੇ ਸਿਵਲ ਸਰਜਨ ਡਾ. ਰੋਹਿਤ ਮਹਿਤਾ ਨੂੰ ਪਹਿਲਾਂ ਟੀਕਾ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਐਸ. ਐਮ. ਓ. ਸਿਵਲ ਹਸਪਤਾਲ ਤਰਨਤਾਰਨ ਡਾ. ਸਵਰਨਜੀਤ ਧਵਨ ਆਦਿ ਮੌਜੂਦ ਸਨ।

ਮੋਗਾ 'ਚ ਕੋਰੋਨਾ ਟੀਕਾਕਰਨ ਮੁਹਿੰਮ 
ਮੋਗਾ ਜ਼ਿਲ੍ਹੇ ਦੇ ਜ਼ਿਲ੍ਹਾ ਪੱਧਰੀ ਹਸਪਤਾਲ ਵਿਖੇ ਅੱਜ ਸਿਹਤ ਅਧਿਕਾਰੀਆਂ ਸਿਵਲ ਸਰਜਨ ਡਾ. ਅਮਰਪ੍ਰੀਤ ਕੌਰ ਬਾਜਵਾ, ਸਹਾਇਕ ਸਿਵਲ ਸਰਜਨ ਡਾ. ਜਸਵੰਤ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਿੰਦਰ ਸਿੰਘ ਨੇ ਸਭ ਤੋਂ ਪਹਿਲਾਂ ਟੀਕਾ ਲਗਵਾ ਕੇ ਕੋਰੋਨਾ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਹਲਕਾ ਵਿਧਾਇਕ ਡਾ. ਹਰਜੋਤ ਕਮਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।