ਟੀਕਾਕਰਣ ਦੀ ਸ਼ੁਰੂਆਤ ਦੌਰਾਨ ਬੋਲੇ CM, ‘ਮੈਂ ਚਾਹੁੰਦਾ ਸੀ ਸਭ ਤੋਂ ਪਹਿਲਾਂ ਮੈਨੂੰ ਟੀਕਾ ਲਗਾਇਆ ਜਾਵੇ’

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਵਿਚ ਵੀ ਟੀਕਾਕਰਣ ਮੁਹਿੰਮ ਦੀ ਸ਼ੁਰੂਆਤ

Captain Amarinder Singh

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿਚ ਅੱਜ ਮੋਹਾਲੀ ਵਿਖੇ ਟੀਕਾਕਰਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਕਈ ਅਧਿਕਾਰੀ ਵੀ ਸ਼ਾਮਲ ਰਹੇ।

ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਯੋਧਿਆਂ ਨੂੰ ਪਹਿਲ ਦੇ ਅਧਾਰ ‘ਤੇ ਟੀਕਾ ਲਗਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਬਿਮਾਰੀ ਦਾ ਬੋਝ ਘਟਾਉਣ ਅਤੇ ਇਸ ਦੇ ਅੱਗੇ ਫੈਲਾਅ ਨੂੰ ਰੋਕਣ ਲਈ ਗ਼ਰੀਬ ਲੋਕਾਂ ਲਈ ਮੁਫਤ ਵੈਕਸੀਨ ਮੁਹੱਈਆ ਕਰਵਾਈ ਜਾਵੇ, ਜਿਸ ਦੇ ਨਤੀਜੇ ਵਜੋਂ ਆਰਥਿਕ ਗਤੀਵਿਧੀਆਂ ਵਿਚ ਵਾਧਾ ਹੋਵੇਗਾ।

ਮੀਡੀਆ ਨਾਲ ਗੱਲ਼ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉਹ ਚਾਹੁੰਦੇ ਸੀ ਕਿ ਸਭ ਤੋਂ ਪਹਿਲਾਂ ਉਹਨਾਂ ਨੂੰ ਟੀਕਾ ਲਗਾਇਆ ਜਾਵੇ ਪਰ ਕੇਂਦਰ ਸਰਕਾਰ ਦੇ ਨਿਰਦੇਸ਼ਾਂ ਕਾਰਨ ਅਜਿਹਾ ਨਹੀਂ ਹੋ ਸਕਿਆ।

ਇਸ ਦੌਰਾਨ ਉਹਨਾਂ ਨੇ ਕੋਰੋਨਾ ਵੈਕਸੀਨ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਬਾਰੇ ਸੁਚੇਤ ਕਰਦਿਆਂ ਕਿਹਾ ਕਿ ਵਿਗਿਆਨੀ ਉਦੋਂ ਤੱਕ ਕੋਈ ਚੀਜ਼ ਆਕ ਲੋਕਾਂ ਰਿਲੀਜ਼ ਨਹੀਂ ਕਰਦਾ ਜਦੋਂ ਤੱਕ ਉਹ ਸੰਤੁਸ਼ਟ ਨਹੀਂ ਹੋ ਜਾਂਦਾ। ਉਹਨਾਂ ਕਿਹਾ ਇਸ ਵਿਚ ਕੋਈ ਡਰ ਨਹੀਂ।ਇਸ ਮੁਹਿੰਮ ਦੀ ਸ਼ੁਰੂਆਤ ਦੌਰਾਨ ਅੱਜ ਸੂਬੇ ਵਿਚ ਕੁੱਲ 59 ਥਾਵਾਂ 'ਤੇ 5900 ਸਿਹਤ ਕਰਮਚਾਰੀਆਂ ਨੂੰ ਟੀਕਾ ਲਗਾਇਆ ਜਾਵੇਗਾ।