Punjab Weather Update: ਪੰਜਾਬ ਵਿਚ ਅਜੇ ਹੋਰ ਵੱਟ ਕੱਢੇਗੀ ਕੜਾਕੇ ਦੀ ਠੰਢ, ਮੌਸਮ ਵਿਭਾਗ ਨੇ ਚੇਤਾਵਨੀ ਕੀਤੀ ਜਾਰੀ
Punjab Weather Update: ਰਾਜ ਦੇ ਕਈ ਹਿੱਸਿਆਂ ਵਿਚ ਸੰਘਣੀ ਧੁੰਦ ਅਤੇ ਤੇਜ਼ ਠੰਡੀਆਂ ਹਵਾਵਾਂ ਦੀ ਸਥਿਤੀ ਬਣੀ ਰਹਿਣ ਦੀ ਸੰਭਾਵਨਾ ਹੈ।
ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿੱਚ ਹੱਡ ਚੀਰਵੀਂ ਠੰਢ ਪੈ ਰਹੀ ਹੈ। ਮੁਹਾਲੀ, ਚੰਡੀਗੜ੍ਹ ਸਮੇਤ ਅੱਜ ਕਈ ਥਾਈਂ ਸੰਘਣੀ ਧੁੰਦ ਪਈ। ਜਿਸ ਨਾਲ ਜ਼ੀਰੋ ਵਿਜ਼ੀਬਿਲਟੀ ਰਹੀ। 24 ਘੰਟਿਆਂ ਵਿੱਚ ਸਭ ਤੋਂ ਘੱਟ ਤਾਪਮਾਨ ਬਠਿੰਡਾ ਵਿੱਚ 1.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ਵਿੱਚ 2.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਪਰ ਇਹ ਅਜੇ ਵੀ ਆਮ ਨਾਲੋਂ 4.3 ਡਿਗਰੀ ਘੱਟ ਹੈ। ਸ਼ਨੀਵਾਰ ਤੋਂ ਅਗਲੇ ਚਾਰ ਦਿਨਾਂ ਤੱਕ, ਘੱਟੋ-ਘੱਟ ਤਾਪਮਾਨ ਤਿੰਨ ਤੋਂ ਪੰਜ ਡਿਗਰੀ ਵਧੇਗਾ। 18 ਤਰੀਕ ਤੋਂ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਫਤਿਹਗੜ੍ਹ ਸਾਹਿਬ, ਪਟਿਆਲਾ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਜਦੋਂ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮਾਨਸਾ, ਸੰਗਰੂਰ, ਰੂਪਨਗਰ, ਐਸ.ਏ.ਐਸ.ਨਗਰ (ਮੁਹਾਲੀ) ਅਤੇ ਮਲੇਰਕੋਟਲਾ ਦੇ ਕੁਝ ਥਾਵਾਂ 'ਤੇ ਕੋਹਰਾ ਪੈ ਸਕਦਾ ਹੈ।
ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ 'ਤੇ ਦਿਨ ਦਾ ਤਾਪਮਾਨ ਆਮ ਨਾਲੋਂ ਹੇਠਾਂ ਰਹਿ ਸਕਦਾ ਹੈ। ਜਦੋਂ ਕਿ ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ ਅਤੇ ਮਾਨਸਾ ਦੇ ਕੁਝ ਇਲਾਕਿਆਂ ਵਿੱਚ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵਲੋਂ 19 ਜਨਵਰੀ 2026 ਤਕ ਜ਼ਿਲ੍ਹਾਵਾਰ ਮੌਸਮੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਅਨੁਸਾਰ ਰਾਜ ਦੇ ਕਈ ਹਿੱਸਿਆਂ ਵਿਚ ਸੰਘਣੀ ਧੁੰਦ ਅਤੇ ਤੇਜ਼ ਠੰਡੀਆਂ ਹਵਾਵਾਂ ਦੀ ਸਥਿਤੀ ਬਣੀ ਰਹਿਣ ਦੀ ਸੰਭਾਵਨਾ ਹੈ।। 17 ਤੇ 18 ਜਨਵਰੀ ਤਕ ਪੰਜਾਬ ਦੇ ਕਈ ਹਿੱਸਿਆਂ ਲਈ ਯੈਲੋ ਅਲਰਟ ਜਾਰੀ ਰਹੇਗਾ।
ਇਸ ਦੌਰਾਨ ਕੁਝ ਇਲਾਕਿਆਂ ਵਿਚ ਸੰਘਣੀ ਧੁੰਦ ਬਣੀ ਰਹਿਣ ਦੀ ਸੰਭਾਵਨਾ ਹੈ, ਹਾਲਾਂਕਿ ਬਹੁਤ ਸਾਰੇ ਜ਼ਿਲ੍ਹਿਆਂ ਵਿਚ ਮੌਸਮ ਹੌਲੀ-ਹੌਲੀ ਸਧਾਰਨ ਹੋਣ ਦੀ ਉਮੀਦ ਜਤਾਈ ਗਈ ਹੈ। ਉੱਥੇ ਹੀ ਵਿਭਾਗ ਨੇ 19 ਜਨਵਰੀ ਨੂੰ ਫਿਰ ਮੌਸਮ ਵਿਗੜਣ ਦੇ ਸੰਕੇਤ ਦਿਤੇ ਹਨ। ਜਦਕਿ ਬਾਕੀ ਜ਼ਿਲ੍ਹਿਆਂ ਵਿਚ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ।