ਪੁਲਵਾਮਾ ‘ਚ ਸੂਬੇ ਦੇ ਸ਼ਹੀਦ ਜਵਾਨਾਂ ਦੇ ਵਾਰਸਾਂ ਨੂੰ ਮਿਲੇਗੀ ਨੌਕਰੀ ਤੇ 12-12 ਲੱਖ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ‘ਚ ਹੋਏ ਅਤਿਵਾਦੀ ਹਮਲੇ ਵਿਚ ਸੂਬੇ ਨਾਲ...

Captain Amarinder Singh

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ‘ਚ ਹੋਏ ਅਤਿਵਾਦੀ ਹਮਲੇ ਵਿਚ ਸੂਬੇ ਨਾਲ ਸਬੰਧਤ  ਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਅਤੇ 12-12 ਲੱਖ ਰੁਪਏ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਨ੍ਹਾਂ ਜਵਾਨਾਂ ਦਾ ਅੱਜ ਪੂਰੇ ਸਰਕਾਰੀ ਸਨਮਾਨ ਨਾਲ ਸੰਸਕਾਰ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਸ ਘਿਨਾਉਣੇ ਹਮਲੇ ਵਿਚ ਸ਼ਹੀਦ ਹੋਏ ਪੰਜਾਬ ਦੇ 4 ਜਵਾਨਾਂ ਦੇ ਪਰਿਵਾਰਾਂ ਨਾਲ ਇੱਕਮੁੱਠਤਾ ਪ੍ਰਗਟ ਕੀਤੀ ਹੈ।

ਪੁਲਵਾਮਾ ਵਿਖੇ ਸੁਰੱਖਿਆ ਫੋਰਸ ’ਤੇ ਹੋਏ ਕਾਇਰਤਾ ਭਰਪੂਰ ਹਮਲੇ ਵਿਚ 44 ਜਵਾਨਾਂ ਨੇ ਅਪਣੀਆਂ ਜਾਨਾਂ ਗਵਾਈਆਂ ਹਨ ਜਿਨ੍ਹਾਂ ਵਿਚ ਪੰਜਾਬ ਦੇ ਕੁਲਵਿੰਦਰ ਸਿੰਘ ਰੂਪਨਗਰ ਜ਼ਿਲ੍ਹਾ, ਸੁਖਵਿੰਦਰ ਸਿੰਘ ਤਰਨਤਾਰਨ, ਜੈਮਲ ਸਿੰਘ ਮੋਗਾ ਅਤੇ ਮਨਜਿੰਦਰ ਸਿੰਘ ਦੀਨਾ ਨਗਰ (ਗੁਰਦਾਸਪਰ) ਸ਼ਾਮਲ ਹਨ। ਇਸ ਸੰਕਟ ਦੀ ਘੜੀ ਅਪਣੀ ਸਰਕਾਰ ਵਲੋਂ ਦੁਖੀ ਪਰਿਵਾਰਾਂ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿਵਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਪੂਰੀ ਤਰਾਂ ਇਨ੍ਹਾਂ ਪਰਿਵਾਰਾਂ ਦੇ ਨਾਲ ਹਨ।

ਮਾਨਵਤਾ ਵਿਰੁਧ ਇਹ ਘਿਨਾਉਣਾ ਅਪਰਾਧ ਕਰਨ ਵਾਲਿਆਂ ਵਿਰੁਧ ਸਖ਼ਤ ਜਵਾਬੀ ਕਾਰਵਾਈ ਕਰਨ ਲਈ ਅਪਣੀ ਮੰਗ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਬਹਾਦਰ ਸਪੂਤਾਂ ਦਾ ਬਲੀਦਾਨ ਵਿਅਰਥ ਨਹੀਂ ਜਾਵੇਗਾ।