ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਐਸ.ਏ.ਐਸ. ਨਗਰ ਦੇ 2 ਬੂਥਾਂ ’ਤੇ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ
ਸਮੁੱਚੇ ਨਗਰ ਨਿਗਮ ਐਸ.ਏ.ਐਸ. ਨਗਰ ਲਈ ਪਈਆਂ ਵੋਟਾਂ ਦੀ ਗਿਣਤੀ ਹੁਣ 18 ਫਰਵਰੀ
ਚੰਡੀਗੜ੍ਹ: ਰਾਜ ਚੋਣ ਕਮਿਸ਼ਨ ਵਲੋਂ ਅੱਜ ਨਗਰ ਨਿਗਮ ਐਸ.ਏ.ਐਸ. ਨਗਰ ਦੇ 2 ਬੂਥਾਂ ’ਤੇ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਮਿਤੀ 16 ਫਰਵਰੀ 2021 ਨੂੰ ਸਬ ਡਵੀਜ਼ਨਲ ਮੈਜਿਸਟ੍ਰੇਟ ਕਮ ਰਿਟਰਨਿੰਗ ਅਫਸਰ ਐਸ.ਏ.ਐਸ. ਨਗਰ ਵਲੋਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਰਾਹੀਂ ਰਿਪੋਰਟ ਭੇਜੀ ਗਈ।
ਰਿਪੋਰਟ ਵਿਚ ਨਗਰ ਨਿਗਮ ਐਸ.ਏ.ਐਸ. ਨਗਰ ਦੇ ਵਾਰਡ ਨੰ: 10 ਦੇ ਬੂਥ ਨੰ: 32 ਅਤੇ 33 ਵਿਚ ਵੋਟਾਂ ਪੈਣ ਦੋਰਾਨ ਹੋਈਆਂ ਕੁਤਾਹੀਆਂ ਦਾ ਜ਼ਿਕਰ ਕੀਤਾ ਗਿਆ ਅਤੇ ਇਨ੍ਹਾਂ ਬੂਥਾਂ ਤੇ ਮੁੜ ਵੋਟਾਂ ਕਰਵਾਉਣ ਦੀ ਸਿਫਾਰਸ਼ ਕੀਤੀ ਗਈ ਸੀ। ਬੁਲਾਰੇ ਨੇ ਦੱਸਿਆ ਕਿ ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਇਨ੍ਹਾਂ 2 ਬੂਥਾਂ ’ਤੇ ਪਹਿਲਾਂ ਪਈਆਂ ਵੋਟਾਂ ਨੂੰ ਰੱਦ ਕਰਦਿਆਂ ਇੱਥੇ ਨਵੇਂ ਸਿਰੇ ਤੋਂ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ।
ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਬੂਥਾਂ ’ਤੇ ਹੁਣ ਮਿਤੀ 17 ਫਰਵਰੀ, 2021 ਨੂੰ ਸਵੇਰੇ 8.00 ਵਜੇ ਤੋਂ 4.00 ਵਜੇ ਤੱਕ ਮੁੜ ਤੋਂ ਵੋਟਾਂ ਪੈਣਗੀਆਂ ਅਤੇ ਪਹਿਲਾਂ ਮਿਥੇ ਪ੍ਰੋਗਰਾਮ ਦੀ ਥਾਂ ਸਮੁੱਚੇ ਨਗਰ ਨਿਗਮ ਐਸ.ਏ.ਐਸ. ਨਗਰ ਲਈ ਪਈਆਂ ਵੋਟਾਂ ਦੀ ਗਿਣਤੀ ਦਾ ਕਾਰਜ ਹੁਣ ਗਿਣਤੀ 18 ਫਰਵਰੀ, 2021 ਨੂੰ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗੀ।