ਪੀਆਰਟੀਸੀ ਅਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਨੇ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਕੀਤੀ ਗਈ ਮੰਗ

PRTC and PUNBUS contract employees protest

ਬਠਿੰਡਾ (ਅਮਨਦੀਪ ਗੌਸਲ): ਪੀਆਰਟੀਸੀ ਅਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਵੱਲੋਂ ਅੱਜ ਬਠਿੰਡਾ ਦੇ ਬੱਸ ਸਟੈਂਡ ਵਿਖੇ ਰੋਸ ਰੈਲੀ ਕੱਢੀ ਗਈ। ਇਸ ਦੌਰਾਨ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਵੱਡੇ ਵੱਡੇ ਦਾਅਵੇ ਕੀਤੇ ਗਏ।

ਉਹਨਾਂ ਦੱਸਿਆ ਕਿ ਸਰਕਾਰ ਨੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਪੰਦਰਾਂ-ਪੰਦਰਾਂ ਸਾਲ ਤੋਂ ਕੰਮ ਕਰ ਰਹੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ ਸਗੋਂ ਉਹਨਾਂ ਨੂੰ ਠੇਕੇਦਾਰ ਅਧੀਨ ਕੰਮ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਠੇਕਾ ਮੁਲਾਜ਼ਮਾਂ ਨੂੰ ਮਾਮੂਲੀ ਭੱਤੇ ਨਾਲ ਗੁਜ਼ਾਰਾ ਕਰਨਾ ਪੈ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਮੁਲਾਜ਼ਮਾਂ ਨਾਲ ਕਈ ਤਰ੍ਹਾਂ ਦੀ ਧੱਕੇਸ਼ਾਹੀ ਵੀ ਕੀਤੀ ਜਾ ਰਹੀ ਹੈ।

ਉਹਨਾਂ ਕਿਹਾ ਪੰਜਾਬ ਸਰਕਾਰ ਲਗਾਤਾਰ ਸਰਕਾਰੀ ਅਦਾਰਿਆਂ ਵਿਚ ਠੇਕੇ ’ਤੇ ਮੁਲਾਜ਼ਮ ਭਰਤੀ ਕਰ ਰਹੀ ਹੈ ਜਿਸ ਤੋਂ ਸਾਫ ਜ਼ਾਹਿਰ ਹੈ ਕਿ ਆਉਂਦੇ ਸਮੇਂ ਵਿਚ ਸਰਕਾਰੀ ਵਿਭਾਗਾਂ ਦਾ ਜਲਦ ਹੀ ਭੋਗ ਪੈ ਜਾਵੇਗਾ। ਉਹਨਾਂ ਕਿਹਾ ਕਿ ਜੇਕਰ ਠੇਕਾ ਮੁਲਾਜ਼ਮਾਂ ਨੂੰ ਜਲਦੀ ਪੱਕਾ ਨਾ ਕੀਤਾ ਗਿਆ ਅਤੇ ਸਰਕਾਰ ਨੇ ਆਪਣੀਆਂ ਠੇਕਾ ਨੀਤੀਆਂ ਨੂੰ ਠੱਲ੍ਹ ਨਾ ਪਾਈ ਤਾਂ ਆਉਂਦੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।