ਫਤਿਹਜੰਗ ਬਾਜਵਾ ਨੇ ਸਿੱਖਾਂ ਲਈ ਕੇਂਦਰ ਸਰਕਾਰ ਵੱਲੋਂ ਲਏ ਫ਼ੈਸਲਿਆਂ ਦੀ ਕੀਤੀ ਸ਼ਲਾਘਾ

ਏਜੰਸੀ

ਖ਼ਬਰਾਂ, ਪੰਜਾਬ

ਪੀਐੱਮ ਮੋਦੀ ਨੇ 84 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾ ਕੇ ਪੀੜਤਾਂ ਦੇ ਜ਼ਖਮਾਂ 'ਤੇ ਮੱਲ੍ਹਮ ਲਗਾਈ।

Fateh Jang Singh Bajwa

 

ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਫਤਿਹਜੰਗ ਬਾਜਵਾ ਨੇ ਅੱਜ ਪ੍ਰੈਸ ਕਾਨਫਰੰਸ ਕੀਤੀ ਤੇ  ਕੇਂਦਰ ਦੀ ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ। ਉਨ੍ਹਾਂ ਨੇ ਪੀਐੱਮ ਮੋਦੀ ਵੱਲੋਂ ਸਿੱਖ ਭਾਈਚਾਰੇ ਲਈ ਕੀਤੇ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਤੇ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਅਸੀਂ ਅਰਦਾਸ ਕਰਦੇ ਹੁੰਦੇ ਸੀ ਕਿ ਕਿਤੇ ਸਾਨੂੰ ਉੱਥੇ ਜਾ ਕੇ ਮੱਥਾ ਟੇਕਣ ਦਾ ਮੌਕਾ ਮਿਲੇ, ਪਰ ਮੋਦੀ ਜੀ ਨੇ ਕਰਤਾਰਪੁਰ ਕੋਰੀਡੋਰ ਬਣਵਾਇਆ।

ਬਾਜਵਾ ਨੇ ਕਿਹਾ ਮੋਦੀ ਸਰਕਾਰ ਨੇ ਵੀਰ ਬਾਲ ਦਿਵਸ ਦਾ ਐਲਾਨ ਕੀਤਾ, ਜਿਸ ਬਾਰੇ ਅੱਜ ਤੱਕ ਕਿਸੇ ਨੇ ਸੋਚਿਆ ਵੀ ਨਹੀਂ ਸੀ, ਇਹ ਫੈਸਲਾ ਸ਼ਲਾਘਾਯੋਗ ਹੈ। ਫਤਿਹਜੰਗ ਬਾਜਵਾ ਨੇ ਕਿਹਾ ਕਿ ਇਸ ਤੋਂ ਇਲਾਵਾ ਮੋਦੀ ਸਰਕਾਰ ਵਲੋਂ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਲਾਲ ਕਿਲ੍ਹੇ ’ਚ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਗੁਰੂ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਕੇਂਦਰ ਸਰਕਾਰ ਵਲੋਂ ਲਾਲ ਕਿਲ੍ਹੇ ’ਤੇ ਦੋ ਦਿਨਾਂ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ।

20 ਅਤੇ 21 ਅਪ੍ਰੈਲ, 2022 ਨੂੰ ਹੋਣ ਵਾਲੇ ਇਸ ਪ੍ਰੋਗਰਾਮ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਿਰਕਤ ਕਰਨਗੇ। 84 ਦੇ ਦੰਗਿਆਂ ਦੀ ਗੱਲ ਕਰਦੇ ਹੋਏ ਬਾਜਵਾ ਨੇ ਕਿਹਾ ਕਿ ਪੀਐੱਮ ਮੋਦੀ ਨੇ 84 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾ ਕੇ ਪੀੜਤਾਂ ਦੇ ਜ਼ਖਮਾਂ 'ਤੇ ਮੱਲ੍ਹਮ ਲਗਾਈ। ਉਨ੍ਹਾਂ ਨੇ ਮੋਦੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ।