10,000 ਰੁਪਏ ਰਿਸ਼ਵਤ ਲੈਂਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ

District Manager of Scheduled Castes Land Development and Finance Corporation arrested by Vigilance taking bribe

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ, ਤਰਨਤਾਰਨ ਵਿਖੇ ਜ਼ਿਲ੍ਹਾ ਮੈਨੇਜਰ ਵਜੋਂ ਤਾਇਨਾਤ ਚਿਮਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗਿਧੜੀ ਬਘੀਹਾਰੀ ਦੇ ਇੱਕ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੀ ਦਿਵਿਆਂਗ ਭੈਣ ਨੇ ਸਾਲ 2009 ਵਿੱਚ ਉਕਤ ਕਾਰਪੋਰੇਸ਼ਨ ਤੋਂ 1,00,000 ਰੁਪਏ ਦਾ ਕਰਜ਼ਾ ਲਿਆ ਸੀ। ਇਸ ਉਪਰੰਤ ਸਰਕਾਰ ਨੇ ਇੱਕ ਸਕੀਮ ਤਹਿਤ ਅਜਿਹੇ ਕਰਜ਼ਿਆਂ ਦੀ ਮੁਆਫ਼ੀ ਦਾ ਐਲਾਨ ਕੀਤਾ ਸੀ ਪਰ ਉਕਤ ਮੈਨੇਜਰ ਨੇ ਸਰਕਾਰ ਦੁਆਰਾ ਮੁਆਫ਼ ਕੀਤੇ ਗਏ ਕਰਜ਼ੇ ਦੀ ਪ੍ਰਕਿਰਿਆ ਅਤੇ ਇਸਦਾ ਨਿਪਟਾਰਾ ਕਰਨ ਲਈ ਉਸ ਤੋਂ 10,000 ਰੁਪਏ ਰਿਸ਼ਵਤ ਦੀ ਮੰਗੀ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।