ਵਿਜੀਲੈਂਸ ਦੇ ਫਲਾਇੰਗ ਸਕੁਐਡ ਨੇ ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

80,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ

Vigilance Flying Squad catches outpost in-charge Sub-Inspector red-handed while accepting bribe of Rs 80,000

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਥਾਣੇ ਅਧੀਨ ਆਉਂਦੀ ਪੁਲਿਸ ਚੌਕੀ ਕਲਵਾ ਦੇ ਇੰਚਾਰਜ ਸਬ-ਇੰਸਪੈਕਟਰ (ਐਸਆਈ) ਹਰਮੇਸ਼ ਕੁਮਾਰ ਨੂੰ 80,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਜਲੰਧਰ ਜ਼ਿਲ੍ਹੇ ਦੇ ਫਿਲੌਰ ਸਬ-ਡਵੀਜ਼ਨ ਦੇ ਪਿੰਡ ਤੂਰਾ ਦੇ ਇੱਕ ਸ਼ਿਕਾਇਤਕਰਤਾ ਵੱਲੋਂ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਕੀਤੀ ਗਈ ਹੈ ਜਿਸ ਵਿੱਚ ਉਕਤ ਮੁਲਜ਼ਮ ਵੱਲੋਂ ਗੈਰ-ਕਾਨੂੰਨੀ ਰਿਸ਼ਵਤ ਮੰਗਣ ਬਾਰੇ ਦੱਸਿਆ ਗਿਆ ਸੀ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਵਿਰੁੱਧ ਦਰਜ ਇੱਕ ਪੁਲਿਸ ਕੇਸ ਵਿੱਚ ਉਸਦੀ ਮਦਦ ਕਰਨ ਬਦਲੇ 1,50,000 ਰੁਪਏ ਦੀ ਰਿਸ਼ਵਤ ਮੰਗੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਐਸ.ਆਈ. ਪਹਿਲਾਂ ਹੀ ਇਸ ਸਬੰਧ ਵਿੱਚ ਪਹਿਲੀ ਕਿਸ਼ਤ ਵਜੋਂ ਉਸ ਕੋਲੋਂ 20,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਪੈਸੇ ਮੰਗ ਰਿਹਾ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਦੀ ਇੱਕ ਟੀਮ ਨੇ ਯੋਜਨਾਬੱਧ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 80,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਹਾਲੀ ਸਥਿਤ ਵਿਜੀਲੈਂਸ ਬਿਊਰੋ, ਫਲਾਇੰਗ ਸਕੁਐਡ-1, ਦੇ ਥਾਣੇ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਉਨ੍ਹਾਂ ਖੁਲਾਸਾ ਕੀਤਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਾਜ਼ਮ ਤੋਂ ਇਸ ਮਾਮਲੇ ਵਿੱਚ ਉਸਦੇ ਹੋਰ ਸਾਥੀਆਂ ਦੀ ਸੰਭਾਵਿਤ ਸ਼ਮੂਲੀਅਤ ਲਈ ਪੁੱਛਗਿੱਛ ਚੱਲ ਰਹੀ ਹੈ। ਵਿਜੀਲੈਂਸ ਬਿਊਰੋ ਦੇ ਅਧਿਕਾਰੀ ਐਸ.ਆਈ. ਵਿਰੁੱਧ ਪਿਛਲੀਆਂ ਸ਼ਿਕਾਇਤਾਂ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ।