ਪੰਜਾਬ ਸਰਕਾਰ ਵਲੋਂ ਨਵੀਂ ਪਾਲਿਸੀ ਕੀਤੀ ਗਈ ਤਿਆਰ, ਜਲਦ ਕੱਚੇ ਮੁਲਾਜ਼ਮਾਂ ਨੂੰ ਕੀਤਾ ਜਾਵੇਗਾ ਪੱਕਾ

ਏਜੰਸੀ

ਖ਼ਬਰਾਂ, ਪੰਜਾਬ

ਨੀਤੀ ਅਨੁਸਾਰ ਕਰਮਚਾਰੀ ਨੂੰ ਪੱਕੇ ਕਰਨ ਲਈ ਸੇਵਾ ਨਿਯਮ ਅਨੁਸਾਰ ਵਿਦਿਅਕ ਯੋਗਤਾ, ਪੋਸਟ ਅਤੇ ਤਜ਼ਰਬੇ ਸਮੇਤ ਹੋਰ ਸ਼ਰਤਾਂ ਪੂਰੀਆਂ ਹੋਣੀਆਂ ਚਾਹੀਦੀਆਂ ਹਨ

photo

 

ਚੰਡੀਗੜ੍ਹ : ਮਾਨਯੋਗ ਪੰਜਾਬ ਸਰਕਾਰ ਨੇ ਸੂਬੇ ਵਿਚ ਕੰਮ ਕਰਦੇ ਐਡਹਾਕ, ਠੇਕਾ ਅਧਾਰਤ, ਦਿਹਾੜੀਦਾਰ, ਵਰਕ ਚਾਰਜ ਅਤੇ ਆਰਜ਼ੀ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਲਈ ਪੰਜਾਬ ਸਰਕਾਰ ਨੇ ਨਵੀਂ ਨੀਤੀ ਤਿਆਰ ਕੀਤੀ ਹੈ। ਇਸ ਤਹਿਤ 10 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ।

ਨੀਤੀ ਅਨੁਸਾਰ ਕਰਮਚਾਰੀ ਨੂੰ ਪੱਕੇ ਕਰਨ ਲਈ ਸੇਵਾ ਨਿਯਮ ਅਨੁਸਾਰ ਵਿਦਿਅਕ ਯੋਗਤਾ, ਪੋਸਟ ਅਤੇ ਤਜ਼ਰਬੇ ਸਮੇਤ ਹੋਰ ਸ਼ਰਤਾਂ ਪੂਰੀਆਂ ਹੋਣੀਆਂ ਚਾਹੀਦੀਆਂ ਹਨ।

ਪਿਛਲੇ 10 ਸਾਲਾਂ ਦੀ ਸੇਵਾ ਦੌਰਾਨ ਕਰਮਚਾਰੀ ਦਾ ਆਚਰਣ ਤਸੱਲੀਬਖਸ਼ ਹੋਣਾ ਚਾਹੀਦਾ ਹੈ। 10 ਸਾਲਾਂ ਦੀ ਸਮਾਂ ਸੀਮਾ ਦੀ ਗਿਣਤੀ ਕਰਦੇ ਸਮੇਂ ਕਾਲਪਨਿਕ ਬਰੇਕਾਂ 'ਤੇ ਵਿਚਾਰ ਨਹੀਂ ਕੀਤਾ ਜਾਵੇਗਾ।

ਇਹ ਨੀਤੀ ਆਊਟਸੋਰਸਡ ਕਰਮਚਾਰੀਆਂ ਤੋਂ ਇਲਾਵਾ ਗੈਰ-ਯੋਗ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਵੇਗੀ। ਲਾਭਪਾਤਰੀ ਕਰਮਚਾਰੀਆਂ ਦੀ 58 ਸਾਲ ਦੀ ਉਮਰ ਤੱਕ ਵਿਸ਼ੇਸ਼ ਕੇਡਰ ਵਿਚ ਨਿਯੁਕਤੀ ਕੀਤੀ ਜਾਵੇਗੀ। ਕੇਡਰ ਦੀ ਪੋਸਟ 'ਤੇ ਕਰਮਚਾਰੀਆਂ ਨੂੰ ਨਹੀਂ ਰੱਖਿਆ ਜਾਵੇਗਾ। ਸੇਵਾ ਨਿਯਮਾਂ ਅਨੁਸਾਰ ਕਰਮਚਾਰੀ ਰੈਗੂਲਰ ਕੇਡਰ ਦਾ ਹਿੱਸਾ ਨਹੀਂ ਹੋਣਗੇ।

ਸੂਬੇ 'ਚ 10 ਸਾਲਾਂ ਤੋਂ ਵੱਧ ਸਮੇਂ ਤੋਂ ਅਸਥਾਈ ਤੌਰ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਸਰਕਾਰ ਜਲਦ ਹੀ ਪੱਕੇ ਕਰੇਗੀ। ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਹਜ਼ਾਰਾਂ ਮੁਲਾਜ਼ਮ ਲੰਮੇ ਸਮੇਂ ਤੋਂ ਪੱਕੇ ਕਰਨ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਮੁਲਾਜ਼ਮ ਜਥੇਬੰਦੀਆਂ ਨੇ ਪਿਛਲੀਆਂ ਸਰਕਾਰਾਂ ਕੋਲ ਵੀ ਆਪਣੀਆਂ ਮੰਗਾਂ ਰੱਖੀਆਂ ਸਨ। ਫਿਰ ਪੰਜਾਬ ਵਿਚ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਵੀ ਆਰਜ਼ੀ ਮੁਲਾਜ਼ਮਾਂ ਵਲੋਂ ਉਨ੍ਹਾਂ ਨੂੰ ਪੱਕੇ ਕਰਨ ਦੀ ਮੰਗ ਤੇਜ਼ ਹੋ ਗਈ ਸੀ।

ਪੰਜਾਬ ਸਰਕਾਰ ਵਲੋਂ PNB ਦੇ 2200 ਮੁਲਾਜ਼ਮਾਂ ਨੂੰ ਵੀ ਪੱਕਾ ਕੀਤਾ ਜਾਵੇਗਾ। ਇਹ ਜਾਣਕਾਰੀ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਦਿਤੀ। ਉਨ੍ਹਾਂ ਦਸਿਆ ਕਿ ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ ਮਨਜ਼ੂਰੀ ਦੇ ਦਿਤੀ ਹੈ। ਮੰਤਰੀ ਕਟਾਰੂਚੱਕ ਨੇ ਪੀਐਨਬੀ ਦੇ ਕਰਮਚਾਰੀਆਂ ਨੂੰ 6ਵਾਂ ਤਨਖਾਹ ਕਮਿਸ਼ਨ ਦਿਤਾ ਹੈ। ਇਸ ਦੇ ਨਾਲ ਹੀ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਨੂੰ ਤੁਰੰਤ ਲਾਗੂ ਕਰਨ ਲਈ ਦਿਸ਼ਾ-ਨਿਰਦੇਸ਼ ਦਿਤੇ ਗਏ ਹਨ।