ਬਿਜਲੀ ਚੋਰੀ ਦੇ 8487 ਖ਼ਪਤਕਾਰਾਂ ਨੂੰ 1457.94 ਲੱਖ ਜੁਰਮਾਨਾ
ਬਿਜਲੀ ਚੋਰੀ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ
ਚੰਡੀਗੜ੍ਹ : ਪਾਵਰਕੌਮ ਨੇ ਬਿਜਲੀ ਚੋਰੀ ਕਰਨ ਵਾਲਿਆਂ ਵਿਰੁੱਧ ਸ਼ਿਕੰਜਾ ਕਸ ਦਿੱਤਾ ਹੈ ਅਤੇ ਪਾਵਰਕੌਮ ਦੀਆਂ ਟੀਮਾਂ ਵੱਲੋਂ ਬਿਜਲੀ ਚੋਰੀ ਕਰਨ ਵਾਲਿਆਂ ਵਿਰੁੱਧ ਛਾਪੇਮਾਰੀ ਕਰ ਕੇ ਲੱਖਾਂ ਰੁਪਏ ਦਾ ਜੁਰਮਾਨਾ ਪਾਇਆ ਗਿਆ ਹੈ। ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ ਵੱਲੋਂ ਬਿਜਲੀ ਵਿਭਾਗ ਨਾ ਸਾਂਭਣ ਕਾਰਨ ਇਸ ਦਾ ਸਾਰਾ ਜ਼ਿੰਮਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ੁਦ ਦੇਖ ਰਹੇ ਹਨ। ਪਿਛਲੇ ਦਿਨੀਂ ਹੀ ਮੁੱਖ ਮੰਤਰੀ ਵੱਲੋਂ ਪਾਵਰਕੌਮ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਬਿਜਲੀ ਚੋਰੀ ਕਰਨ ਵਾਲਿਆਂ ਵਿਰੁਧ ਸਖ਼ਤੀ ਨਾਲ ਨਿਪਟਣ ਦੇ ਆਦੇਸ਼ ਦਿੱਤੇ ਗਏ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਸੀ.ਐਮ.ਡੀ. ਇੰਜ. ਬਲਦੇਵ ਸਿੰਘ ਸਰਾਂ ਨੇ ਪ੍ਰਗਟਾਵਾ ਕੀਤਾ ਕਿ ਇਸ ਸਾਲ 'ਚ ਜੁਲਾਈ ਮਹੀਨੇ ਦੇ ਪਹਿਲੇ ਹਫ਼ਤੇ ਤਕ ਪਾਵਰਕੌਮ ਵੱਲੋਂ ਕੁਲ 1,66,896 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ। ਇਨ੍ਹਾਂ 'ਚੋਂ 8487 ਬਿਜਲੀ ਚੋਰੀ ਦੇ ਮਾਮਲੇ ਸਾਹਮਣੇ ਆਏ। ਵਿਭਾਗ ਵੱਲੋਂ ਇਨ੍ਹਾਂ ਵਿਰੁੱਧ 1457.94 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਵੱਲੋਂ ਸਰਹੱਦੀ ਜ਼ੋਨ 'ਚ 55181 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ। ਇਨ੍ਹਾਂ 'ਚੋਂ 1821 ਬਿਜਲੀ ਚੋਰੀ ਦੇ ਮਾਮਲੇ ਸਾਹਮਣੇ ਆਏ। ਵਿਭਾਗ ਵੱਲੋਂ ਇਨ੍ਹਾਂ ਵਿਰੁੱਧ 217.88 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਉੱਤਰੀ ਜ਼ੋਨ 'ਚ 35748 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ। ਇਨ੍ਹਾਂ 'ਚੋਂ 1109 ਬਿਜਲੀ ਚੋਰੀ ਦੇ ਮਾਮਲੇ ਸਾਹਮਣੇ ਆਏ।
ਵਿਭਾਗ ਵੱਲੋਂ ਇਨ੍ਹਾਂ ਵਿਰੁੱਧ 116.49 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਕੇਂਦਰੀ ਜ਼ੋਨ 'ਚ 24732 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ। ਇਨ੍ਹਾਂ 'ਚੋਂ 2293 ਬਿਜਲੀ ਚੋਰੀ ਦੇ ਮਾਮਲੇ ਸਾਹਮਣੇ ਆਏ। ਵਿਭਾਗ ਵੱਲੋਂ ਇਨ੍ਹਾਂ ਵਿਰੁੱਧ 394.82 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਦਖਣੀ ਜ਼ੋਨ 'ਚ 35911 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ। ਇਨ੍ਹਾਂ 'ਚੋਂ 1687 ਬਿਜਲੀ ਚੋਰੀ ਦੇ ਮਾਮਲੇ ਸਾਹਮਣੇ ਆਏ। ਵਿਭਾਗ ਵੱਲੋਂ ਇਨ੍ਹਾਂ ਵਿਰੁੱਧ 454.03 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਪਛਮੀ ਜ਼ੋਨ 'ਚ 15324 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ। ਇਨ੍ਹਾਂ 'ਚੋਂ 1577 ਬਿਜਲੀ ਚੋਰੀ ਦੇ ਮਾਮਲੇ ਸਾਹਮਣੇ ਆਏ। ਵਿਭਾਗ ਵੱਲੋਂ ਇਨ੍ਹਾਂ ਵਿਰੁੱਧ 274.72 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਇੰਜ. ਬਲਦੇਵ ਸਿੰਘ ਸਰਾਂ ਨੇ ਦੱਸਿਆ ਕਿ ਸਾਲ 2018-19 'ਚ ਪਾਵਰਕੌਮ ਵੱਲੋਂ ਕੁਲ 10,69,686 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ ਸੀ। ਇਨ੍ਹਾਂ 'ਚੋਂ 64664 ਬਿਜਲੀ ਚੋਰੀ ਦੇ ਮਾਮਲੇ ਸਾਹਮਣੇ ਆਏ ਸਨ। ਵਿਭਾਗ ਵੱਲੋਂ ਇਨ੍ਹਾਂ ਵਿਰੁੱਧ 8549.13 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸਾਲ 2018-19 'ਚ ਸਰਹੱਦੀ ਜ਼ੋਨ 'ਚ 3,74,709 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ। ਇਨ੍ਹਾਂ 'ਚੋਂ 14685 ਬਿਜਲੀ ਚੋਰੀ ਦੇ ਮਾਮਲੇ ਸਾਹਮਣੇ ਆਏ। ਵਿਭਾਗ ਵੱਲੋਂ ਇਨ੍ਹਾਂ ਵਿਰੁੱਧ 1908.17 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਉੱਤਰੀ ਜ਼ੋਨ 'ਚ 1,92,579 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ। ਇਨ੍ਹਾਂ 'ਚੋਂ 8540 ਬਿਜਲੀ ਚੋਰੀ ਦੇ ਮਾਮਲੇ ਸਾਹਮਣੇ ਆਏ। ਵਿਭਾਗ ਵੱਲੋਂ ਇਨ੍ਹਾਂ ਵਿਰੁੱਧ 424.27 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਕੇਂਦਰੀ ਜ਼ੋਨ 'ਚ 1,81,954 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ। ਇਨ੍ਹਾਂ 'ਚੋਂ 18,753 ਬਿਜਲੀ ਚੋਰੀ ਦੇ ਮਾਮਲੇ ਸਾਹਮਣੇ ਆਏ। ਵਿਭਾਗ ਵੱਲੋਂ ਇਨ੍ਹਾਂ ਵਿਰੁੱਧ 3063.93 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਦਖਣੀ ਜ਼ੋਨ 'ਚ 1,86,765 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ। ਇਨ੍ਹਾਂ 'ਚੋਂ 13130 ਬਿਜਲੀ ਚੋਰੀ ਦੇ ਮਾਮਲੇ ਸਾਹਮਣੇ ਆਏ। ਵਿਭਾਗ ਵੱਲੋਂ ਇਨ੍ਹਾਂ ਵਿਰੁੱਧ 1540.36 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਪਛਮੀ ਜ਼ੋਨ 'ਚ 1,33,679 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ। ਇਨ੍ਹਾਂ 'ਚੋਂ 9556 ਬਿਜਲੀ ਚੋਰੀ ਦੇ ਮਾਮਲੇ ਸਾਹਮਣੇ ਆਏ। ਵਿਭਾਗ ਵੱਲੋਂ ਇਨ੍ਹਾਂ ਵਿਰੁੱਧ 1612.4 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਬਲਦੇਵ ਸਿੰਘ ਸਰਾਂ ਮੁਤਾਬਕ ਸਭ ਤੋਂ ਵੱਧ ਬਿਜਲੀ ਚੋਰੀ ਸਰਹੱਦੀ ਕਸਬੇ ਭਿੱਖੀਵਿੰਡ 'ਚ 80 ਫ਼ੀ ਸਦੀ, ਪੱਟੀ 'ਚ 71 ਫ਼ੀ ਸਦੀ, ਜ਼ੀਰਾ 'ਚ 61 ਫ਼ੀ ਸਦੀ, ਪਾਤੜਾਂ 'ਚ 57 ਫ਼ੀ ਸਦੀ, ਬਾਘਾਪੁਰਾਣਾ 'ਚ 55 ਫ਼ੀ ਸਦੀ, ਤਰਨਤਾਰਨ 'ਚ 51 ਫ਼ੀ ਸਦੀ ਤੇ ਅਜਨਾਲਾ 'ਚ 50 ਫ਼ੀ ਸਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਮਦਦ ਨਾਲ ਬਿਜਲੀ ਚੋਰੀ ਰੋਕੀ ਜਾਵੇਗੀ।