ਰੰਧਾਵਾ ਤੇ ਚੰਨੀ ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਰਕਲ ਸਟਾਈਲ ਕਬੱਡੀ ਦਾ ਕੌਮਾਂਤਰੀ ਤੇ ਰਾਜ ਪਧਰੀ ਕੱਪ ਕਰਵਾਇਆ ਜਾਵੇਗਾ

Randhawa and Channi reviewed the preparations for 550th Prakash Purb Events

ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਤਿੰਨ ਮੰਤਰੀਆਂ ਦੀ ਅਗਵਾਈ ਹੇਠ ਬਣਾਈ ਕਮੇਟੀ ਵੱਲੋਂ ਅੱਜ ਪੰਜਾਬ ਭਵਨ ਵਿਖੇ ਉਚ ਪਧਰੀ ਮੀਟਿੰਗ ਕੀਤੀ ਗਈ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਕੰਮਾਂ ਦੀ ਪ੍ਰਗਟੀ ਰਿਪੋਰਟ ਦੇਖੀ ਗਈ।

ਮੀਟਿੰਗ ਉਪਰੰਤ ਦੋਵੇਂ ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਸਰਕਲ ਸਟਾਈਲ ਕਬੱਡੀ ਦਾ ਕੌਮਾਂਤਰੀ ਤੇ ਰਾਜ ਪੱਧਰ ਕੱਪ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੌਮਾਂਤਰੀ ਕਬੱਡੀ ਕੱਪ ਲਈ ਵੱਖ-ਵੱਖ ਮੁਲਕਾਂ ਦੀਆਂ ਟੀਮਾਂ ਨੂੰ ਹਿੱਸਾ ਲੈਣ ਲਈ ਸੱਦਾ ਦਿੱਤਾ ਜਾਵੇਗਾ ਜਦੋਂ ਕਿ ਰਾਜ ਪਧਰੀ ਕੱਪ ਵਿੱਚ ਸਾਰੇ ਜ਼ਿਲ੍ਹਿਆਂ ਦੀਆਂ ਟੀਮਾਂ ਹਿੱਸਾ ਲੈਣਗੀਆਂ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਨੈਸ਼ਨਲ ਇੰਸਟੀਚਿਊਟ ਆਫ਼ ਇੰਟਰਫੇਥ ਸਟੱਡੀਜ਼ ਬਣਾਇਆ ਜਾਵੇਗਾ ਜਿਸ ਦੀ ਲਾਗਤ 482 ਕਰੋੜ ਆਵੇਗੀ। ਵਿਸ਼ਵ ਪੱਧਰੀ ਮਿਆਰ ਦੇ ਬਣਨ ਵਾਲੇ ਇਸ ਇੰਸਟੀਚਿਊਟ ਨੂੰ ਸ਼ੁਰੂ ਕਰਨ ਦਾ ਕੰਮ ਅੰਤਿਮ ਪੜਾਅ ਉਤੇ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਨਵੇਂ ਬਣਾਏ ਬੇਬੇ ਨਾਨਕੀ ਗਰਲਜ਼ ਕਾਲਜ ਵਿਖੇ ਮੌਜੂਦਾ ਸੈਸ਼ਨ 2019-20 ਲਈ ਦਾਖਲੇ ਸ਼ੁਰੂ ਹੋ ਗਏ ਹਨ। 

ਰੰਧਾਵਾ ਤੇ ਚੰਨੀ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਭਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ 70 ਪਿੰਡਾਂ ਦੀ ਨੁਹਾਰ ਬਦਲਣ ਲਈ 550ਵੇਂ ਗੁਰਪੁਰਬ ਮੌਕੇ ਹਰ ਪਿੰਡ ਨੂੰ ਇਕ ਕਰੋੜ ਰੁਪਏ ਦਿੱਤੇ ਜਾ ਰਹੇ ਹਨ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਇਨ੍ਹਾਂ ਪਵਿੱਤਰ ਪਿੰਡਾਂ ਵਿੱਚ ਵਿਕਾਸ ਕਾਰਜ ਜ਼ੋਰਾਂ ਉਤੇ ਚੱਲ ਰਹੇ ਹਨ ਅਤੇ 30 ਸਤੰਬਰ ਤੱਕ ਇਹ ਕੰਮ ਹਰ ਹੀਲੇ ਮੁਕੰਮਲ ਕਰ ਲਏ ਜਾਣਗੇ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਸੂਬੇ ਨੂੰ ਹਰਿਆ ਭਰਿਆ ਬਣਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਪੂਰੀ ਸਫਲਤਾ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਸੂਬੇ ਦੇ ਪਿੰਡਾਂ ਵਿੱਚ 31 ਲੱਖ ਬੂਟੇ ਲਗਾਏ ਜਾ ਚੁੱਕੇ ਹਨ।

ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਹਰਪ੍ਰਤਾਪ ਸਿੰਘ ਅਜਨਾਲਾ, ਕੁਲਜੀਤ ਸਿੰਘ ਨਾਗਰਾ, ਬਲਵਿੰਦਰ ਸਿੰਘ ਲਾਡੀ (ਸਾਰੇ ਵਿਧਾਇਕ), ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ ਗ੍ਰਹਿ ਸਤੀਸ਼ ਚੰਦਰਾ, ਵਧੀਕ ਮੁੱਖ ਸਕੱਤਰ ਖੇਡਾਂ ਸੰਜੇ ਕੁਮਾਰ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਏ.ਵੇਨੂੰ ਪ੍ਰਸ਼ਾਦ, ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਸੀਮਾ ਜੈਨ, ਪ੍ਰਮੁੱਖ ਸਕੱਤਰ ਸਿਹਤ ਅਨੁਰਾਗ ਅੱਗਰਵਾਲ, ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ ਸ਼ਿਵਾ ਪ੍ਰਸਾਦ, ਪ੍ਰਮੁੱਖ ਸਕੱਤਰ ਸੱਭਿਆਚਾਰ ਤੇ ਸੈਰ ਸਪਾਟਾ ਸ੍ਰੀ ਵਿਕਾਸ ਪ੍ਰਤਾਪ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਅਤੇ ਸਕੱਤਰ ਸੂਚਨਾ ਤੇ ਲੋਕ ਸੰਪਰਕ ਗੁਰਕਿਰਤ ਕਿਰਪਾਲ ਸਿੰਘ ਆਦਿ ਹਾਜ਼ਰ ਸਨ।