ਕੈਬਿਨਟ ਮੰਤਰੀ ਤ੍ਰਿਪਤ ਬਾਜਪਾ ਦੀ ਪਤਨੀ ਤੇ ਬੇਟਾ ਵੀ ਕੋਰੋਨਾ ਦੀ ਚਪੇਟ ‘ਚ

ਏਜੰਸੀ

ਖ਼ਬਰਾਂ, ਪੰਜਾਬ

ਕੋਰੋਨਾ ਵਾਇਰਸ ਦੇ ਵਧਦੇ ਕਹਿਰ ਦੌਰਾਨ ਬੀਤੇ ਦਿਨੀਂ ਪੰਜਾਬ ਭਵਨ ਵਿਖੇ ਪੰਜਾਬ ਕੈਬਿਨਟ ਮੰਤਰੀਆਂ ਦੇ ਕੋਰੋਨਾ ਦੀ ਜਾਂਚ ਲਈ ਸੈਂਪਲ ਲਏ ਗਏ।

Tripat Rajinder Singh Bajwa

ਚੰਡੀਗੜ੍ਹ: ਬੀਤੇ ਦਿਨੀਂ ਪੰਜਾਬ ਕੈਬਿਨਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਅੱਜ ਉਹਨਾਂ ਦੇ ਪਰਿਵਾਰ ਦੀ ਵੀ ਕੋਰੋਨਾ ਵਾਇਰਸ ਰਿਪੋਰਟ ਆਈ ਹੈ। ਇਸ ਵਿਚ ਉਹਨਾਂ ਦੀ ਪਤਨੀ ਅਤੇ ਉਹਨਾਂ ਦੇ ਪੁੱਤਰ ਦੀ ਵੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਦੀ ਪੁਸ਼ਟੀ ਪੰਜਾਬ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ।

ਦੱਸ ਦਈਏ ਕੋਰੋਨਾ ਵਾਇਰਸ ਦੇ ਵਧਦੇ ਕਹਿਰ ਦੌਰਾਨ ਬੀਤੇ ਦਿਨੀਂ ਪੰਜਾਬ ਭਵਨ ਵਿਖੇ ਪੰਜਾਬ ਕੈਬਿਨਟ ਮੰਤਰੀਆਂ ਦੇ ਕੋਰੋਨਾ ਦੀ ਜਾਂਚ ਲਈ ਸੈਂਪਲ ਲਏ ਗਏ। ਜਿਨ੍ਹਾਂ ਦੀ ਰਿਪੋਰਟ ਕਿਸੇ ਵੀ ਸਮੇਂ ਆ ਸਕਦੀ ਹੈ। ਕੈਬਿਨਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਵਿਭਾਗੀ ਸਕੱਤਰਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਸੀ।

ਇਸ ਦੌਰਾਨ ਬੀਤੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਅਪਣਾ ਕੋਰੋਨਾ ਵਾਇਰਸ ਟੈਸਟ ਕਰਵਾਇਆ ਸੀ, ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ। ਜ਼ਿਕਰਯੋਗ ਹੈ ਕਿ ਪੰਜਾਬ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਜਿਥੇ ਅੱਠ ਹੋਰ ਮੌਤਾਂ ਹੋਈਆਂ ਹਨ ਉਥੇ 300 ਨਵੇਂ ਕੇਸ ਵੀ ਸਾਹਮਣੇ ਆਏ ਹਨ।

ਜਿਥੇ ਹੁਣ ਮੌਤਾਂ ਦੀ ਗਿਣਤੀ 224 ਤਕ ਪੁੱਜ ਗਈ ਹੈ। ਉਥੇ ਪਾਜ਼ੇਟਿਵ ਕੇਸਾਂ ਦਾ ਕੁੱਲ ਅੰਕੜਾ ਵੀ 8800 ਤੋਂ ਪਾਰ ਹੋ ਗਿਆ ਹੈ। ਹੁਣ ਤਕ 5867 ਮਰੀਜ਼ ਠੀਕ ਵੀ ਹੋਏ ਹਨ। 2711 ਮਰੀਜ਼ ਇਸ ਸਮੇਂ ਇਲਾਜ ਅਧੀਨ ਹਨ। ਇਨ੍ਹਾਂ 'ਚੋਂ 54 ਦੀ ਹਾਲਤ ਗੰਭੀਰ ਹੈ। 46 ਆਕਸੀਜ਼ਨ ਅਤੇ 9 ਵੈਂਟੀਲੇਟਰ ਉੱਤੇ ਹਨ।