ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਈ ਸਾਹਿਬ ਦਾ ਜੀਵਨ ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਲਈ ਇਕ ਮਿਸਾਲ

Martyrdom Day of Bhai Taru Singh

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।

 

ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜੱਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ। ਅਰਦਾਸ ਭਾਈ ਜਗਦੀਪ ਸਿੰਘ ਨੇ ਕੀਤੀ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਨੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ।

ਇਸ ਮੌਕੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਐਸਜੀਪੀਸੀ ਮੈਂਬਰ ਭਾਈ ਮਨਜੀਤ ਸਿੰਘ  ਨੇ ਕਿਹਾ ਕਿ ਭਾਈ ਤਾਰੂ ਸਿੰਘ ਜੀ ਸਿੱਖ ਕੌਮ ਦੇ ਉਹ ਮਹਾਨ ਸ਼ਹੀਦ ਹਨ, ਜਿਨ੍ਹਾਂ ਨੇ ਸਿੱਖੀ ਨੂੰ ਕੇਸਾਂ-ਸਵਾਸਾਂ ਨਾਲ ਨਿਭਾਉਣ ਲਈ ਆਪਣੀ ਖੋਪੜੀ ਉਤਰਵਾ ਲਈ, ਪਰ ਧਰਮ ਨਾ ਬਦਲਿਆ। ਲਾਹੌਰ ਦੇ ਸੂਬੇਦਾਰ ਜ਼ਕਰੀਆ ਖਾਨ ਦੇ ਹੁਕਮਾਂ 'ਤੇ ਜੱਲਾਦ ਨੇ ਤਿੱਖੀ ਰੰਬੀ ਨਾਲ ਭਾਈ ਤਾਰੂ ਸਿੰਘ ਜੀ ਦੀ ਖੋਪਰੀ ਕੇਸਾਂ ਸਮੇਤ ਉਤਾਰ ਕੇ ਉਨ੍ਹਾਂ ਦੇ ਸਾਹਮਣੇ ਰੱਖ ਦਿੱਤੀ ਸੀ।

ਉਹਨਾਂ ਨੇ ਭਾਈ ਤਾਰੂ ਸਿੰਘ ਜੀ ਦੀ ਜੀਵਨੀ 'ਤੇ ਚਾਨਣਾ ਪਾਉਂਦਿਆ  ਕਿਹਾ ਕਿ ਉਨ੍ਹਾਂ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ। ਭਾਈ ਸਾਹਿਬ ਦਾ ਜੀਵਨ ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਲਈ ਇਕ ਮਿਸਾਲ ਹੈ। 

 ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਿੱਖੀ ਸਰੂਪ ਵਿਚ ਪ੍ਰਪੱਖ ਕਰਨ ਲਈ ਭਾਈ ਤਾਰੂ ਸਿੰਘ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ।ਇਸ ਉਪਰੰਤ ਸਜੇ ਦੀਵਾਨ ਵਿਚ ਸਿੱਖ ਕੌਮ ਦੇ ਢਾਡੀ ਤੇ ਕਵੀਸ਼ਰ ਜਥਿਆਂ ਨੇ ਜ਼ੋਸ਼ੀਲੀਆਂ ਵਾਰਾਂ ਰਾਹੀਂ ਸੰਗਤਾਂ ਨੂੰ ਭਾਈ ਤਾਰੂ ਸਿੰਘ ਦੇ ਇਤਿਹਾਸਕ ਪ੍ਰਸੰਗ ਨਾਲ ਜੋੜਿਆ। ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਕਮੇਟੀ ਵੱਲੋਂ ਵੀ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।