ਸਤੰਬਰ ਮਹੀਨੇ ਵਿਚ 51 ਲੱਖ ਪਰਿਵਾਰਾਂ ਦਾ ਬਿਜਲੀ ਬਿੱਲ ਆਵੇਗਾ ਜ਼ੀਰੋ : CM ਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ- ਹਰੇਕ ਬਿੱਲ ’ਤੇ 600 ਯੂਨਿਟ ਮੁਫਤ ਬਿਜਲੀ ਦੇਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ

Bhagwant Mann

ਚੰਡੀਗੜ੍ਹ: ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਹਰੇਕ ਬਿੱਲ ’ਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਉਣ ਦੇ ਫੈਸਲੇ ਨਾਲ ਲਗਭਗ ਸਤੰਬਰ ਮਹੀਨ ਤੋਂ ਸੂਬੇ ਦੇ 51 ਲੱਖ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆਵੇਗਾ।

Bhagwant Mann

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨਾਲ ਕੀਤੀ ਵੱਡੀ ਗਾਰੰਟੀ ਨੂੰ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਨੇ ਇਕ ਜੁਲਾਈ, 2022 ਤੋਂ ਸੂਬੇ ਦੇ ਹਰ ਘਰ ਨੂੰ ਹਰੇਕ ਬਿੱਲ ’ਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਘਰੇਲੂ ਖਪਤਕਾਰਾਂ ਦੀ ਬਿਜਲੀ ਦੀ ਖਪਤ ਜੇਕਰ ਹਰੇਕ ਬਿੱਲ ’ਤੇ 600 ਯੂਨਿਟ ਤੱਕ ਹੈ ਤਾਂ ਉਹ ਜ਼ੀਰੋ ਬਿੱਲ ਪ੍ਰਾਪਤ ਕਰਨ ਦੇ ਯੋਗ ਹੋਣਗੇ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਫੈਸਲਾ ਇਕ ਜੁਲਾਈ ਤੋਂ ਲਾਗੂ ਕਰ ਦਿੱਤਾ ਗਿਆ ਹੈ, ਇਸ ਲਈ ਜੁਲਾਈ ਅਤੇ ਅਗਸਤ ਦੇ ਬਿੱਲ ਵਿੱਚ 600 ਯੂਨਿਟ ਤੋਂ ਘੱਟ ਬਿਜਲੀ ਖਪਤ ਕਰਨ ਵਾਲੇ ਪਰਿਵਾਰਾਂ ਨੂੰ ਬਿਜਲੀ ਖਪਤ ਕਰਨ ਦੇ ਇਵਜ਼ ਵਿਚ ਇੱਕ ਪੈਸਾ ਵੀ ਨਹੀਂ ਦੇਣਾ ਪਵੇਗਾ।

Power

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਖਪਤਕਾਰਾਂ ਵੱਲੋਂ ਸਤੰਬਰ ਮਹੀਨੇ ਵਿੱਚ ਅਦਾ ਕੀਤੇ ਜਾਣ ਵਾਲੇ ਬਿੱਲ ਦੀ ਰਕਮ ਜ਼ੀਰੋ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਲੋਕ ਪੱਖੀ ਪਹਿਲਕਦਮੀ ਨਾਲ ਸੂਬੇ ਭਰ ਦੇ ਲਗਭਗ 51 ਲੱਖ ਪਰਿਵਾਰਾਂ ਨੂੰ ਲਾਭ ਪਹੁੰਚੇਗਾ ਕਿਉਂ ਜੋ ਉਨ੍ਹਾਂ ਨੂੰ ਆਪਣੀ ਬਿਜਲੀ ਦੀ ਵਰਤੋਂ ਲਈ ਕੁਝ ਵੀ ਅਦਾ ਨਹੀਂ ਕਰਨਾ ਪਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਘਰੇਲੂ ਖਪਤਕਾਰਾਂ ਲਈ ਵੱਡੀ ਰਾਹਤ ਹੈ, ਜਿਨ੍ਹਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਦਰਾਂ ਦੇ ਰੂਪ ਵਿੱਚ ਕਾਫੀ ਪੈਸਾ ਖਰਚ ਕਰਨਾ ਪੈਂਦਾ ਹੈ।

Bhagwant mann

ਮੁੱਖ ਮੰਤਰੀ ਨੇ ਕਿਹਾ, “ਅਸੀਂ ਜੋ ਵਾਅਦਾ ਕਰਦੇ ਹਾਂ, ਉਸ ਵਾਅਦੇ ਨੂੰ ਪੂਰਾ ਵੀ ਕਰਦੇ ਹਾਂ। ਸਾਡੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਪੂਰਨ ਤੌਰ ਉਤੇ ਵਚਨਬੱਧ ਹੈ।” ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਇਸ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਭਗਵੰਤ ਮਾਨ ਨੇ ਦੁਹਰਾਇਆ ਕਿ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।