ਧੁੱਸੀ ਬੰਨ੍ਹ ਟੁੱਟਣ ਕਾਰਨ ਗੁਰਦਾਸਪੁਰ ਦੇ ਕਈ ਪਿੰਡਾਂ ਵਿਚ ਪਹੁੰਚਿਆ ਪਾਣੀ, ਪ੍ਰਸ਼ਾਸਨ ਨੇ ਖਾਲੀ ਕਰਵਾਏ 10 ਪਿੰਡ
ਲੋਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਜਾਣ ਲਈ ਕਿਹਾ ਗਿਆ
ਗੁਰਦਾਸਪੁਰ: ਪੌਂਗ ਡੈਮ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਦਰਿਆ ਬਿਆਸ ਵਿਚ ਪਾਣੀ ਦਾ ਪੱਧਰ ਵਧ ਗਿਆ ਹੈ। ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿਚ ਬਿਆਸ ਦਰਿਆ ਦੇ ਧੁੱਸੀ ਬੰਨ੍ਹ ਵਿਚ ਪਾੜ ਪੈਣ ਕਾਰਨ ਪਿੰਡ ਚੀਚੀਆਂ ਚੋਰੀਆਂ, ਪੱਖੋਵਾਲ, ਦਾਊਵਾਲ, ਖੈਹਿਰਾ, ਦਲੇਰਪੁਰ, ਪਦਾਨਾ, ਛੀਨਾ ਬੇਟ, ਨਡਾਲਾ, ਜਗਤਪੁਰ ਕਲਾਂ, ਕੋਹਲੀਆਂ ਤੇ ਖਰੀਆਨ ਪਿੰਡ ਹੜ੍ਹ ਦੀ ਮਾਰ ਹੇਠ ਆਏ ਹਨ।
ਇਹ ਵੀ ਪੜ੍ਹੋ: ਪੰਜਾਬ ਵਿਚ ਫਿਰ ਹੜ੍ਹ ਵਰਗੇ ਹਾਲਾਤ: ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡਾਂ ਵਿਚ ਵੜਿਆ ਪਾਣੀ
ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਪੈਂਦੇ ਦਰਿਆ ਬਿਆਸ ਪੁਲ ’ਤੇ ਪ੍ਰਸ਼ਾਸਨ ਵੱਲੋ ਆਵਾਜਾਈ ਬੰਦ ਕਰ ਦਿਤੀ ਗਈ ਹੈ। ਦੀਨਾਨਗਰ ਪਿੰਡ ਜਗਤਪੁਰ ਟਾਂਡਾ ਵਿਚ ਧੁੱਸੀ ਬੰਨ੍ਹ ਵਿਚ ਪਾੜ ਪੈਣ ਕਾਰਨ ਪਾਣੀ ਭਰ ਗਿਆ ਹੈ। ਪ੍ਰਸ਼ਾਸਨ ਵਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਦਾ ਕੰਮ ਜਾਰੀ ਹੈ। ਆਮ ਆਦਮੀ ਪਾਰਟੀ ਦੇ ਦੀਨਾਨਗਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵੀ ਪਿੰਡ ਵਿਚ ਪਹੁੰਚ ਗਏ ਹਨ ਅਤੇ ਲੋਕਾਂ ਨੂੰ ਬਾਹਰ ਕੱਢਣ ਵਿਚ ਮਦਦ ਕਰ ਰਹੇ ਹਨ।
ਇਹ ਵੀ ਪੜ੍ਹੋ: ਅੱਜ ਦਾ ਹੁਕਮਨਾਮਾ (16 ਅਗਸਤ 2023)
ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੌਕੇ 'ਤੇ ਪਹੁੰਚ ਕੇ ਖੇਤਰ ਦਾ ਮੁਆਇਨਾ ਕੀਤਾ। ਡੀ.ਸੀ. ਅਗਰਵਾਲ ਦੇ ਹੁਕਮਾਂ 'ਤੇ ਐਮਰਜੈਂਸੀ ਲਈ ਕਿਸ਼ਤੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਅਗਰਵਾਲ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਸਥਿਤੀ 'ਤੇ ਨੇੜਿਉਂ ਨਜ਼ਰ ਰੱਖੀ ਜਾ ਰਹੀ ਹੈ। ਇਸ ਦੇ ਨਾਲ ਹੀ ਲੋਕਾਂ ਲਈ ਹੈਲਪਲਾਈਨ ਨੰਬਰ 1800 180 1852 ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਰਾਹਗੀਰਾਂ ਨੂੰ ਗੁਰਦਾਸਪੁਰ ਮੁਕੇਰੀਆਂ ਰੋਡ 'ਤੇ ਦਰਿਆ ਬਿਆਸ ਦੇ ਪੁਲ ਵੱਲ ਨਾ ਜਾਣ ਲਈ ਕਿਹਾ ਹੈ। ਮੁਕੇਰੀਆਂ ਤੋਂ ਗੁਰਦਾਸਪੁਰ ਵਿਚਕਾਰ ਆਉਣ-ਜਾਣ ਲਈ ਲੋਕਾਂ ਨੂੰ ਪਠਾਨਕੋਟ, ਮੀਰਥਲ ਅਤੇ ਦੀਨਾਨਗਰ ਤੋਂ ਹੋ ਕੇ ਜਾਣਾ ਪਵੇਗਾ।