ਪੰਜਾਬ ਵਿਚ ਫਿਰ ਹੜ੍ਹ ਵਰਗੇ ਹਾਲਾਤ: ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡਾਂ ਵਿਚ ਵੜਿਆ ਪਾਣੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਬਨਿਟ ਮੰਤਰੀ ਹਰਜੋਤ ਬੈਂਸ ਖੁਦ ਹੜ੍ਹ ਪ੍ਰਭਾਵਤ ਪਿੰਡਾਂ ਵਿਚ ਪਹੁੰਚ ਕੇ ਜਾਇਜ਼ਾ ਲੈ ਰਹੇ ਹਨ।

Punjab Floods

 

ਚੰਡੀਗੜ੍ਹ: ਪੰਜਾਬ ਵਿਚ ਇਕ ਵਾਰ ਫਿਰ ਹੜ੍ਹਾਂ ਦੀ ਸਥਿਤੀ ਬਣ ਗਈ ਹੈ। ਸਤਲੁਜ ਦਰਿਆ 'ਤੇ ਬਣਿਆ ਦੇਸ਼ ਦਾ ਦੂਜਾ ਸੱਭ ਤੋਂ ਵੱਡਾ ਭਾਖੜਾ ਡੈਮ ਅਤੇ ਬਿਆਸ ਦਰਿਆ 'ਤੇ ਬਣੇ ਪੌਂਗ ਡੈਮ ਦੋਵੇਂ ਹੀ ਖ਼ਤਰੇ ਦੇ ਨਿਸ਼ਾਨ ਨੇੜੇ ਪਹੁੰਚ ਗਏ ਹਨ। ਕਰੀਬ 35 ਸਾਲਾਂ ਬਾਅਦ ਭਾਖੜਾ ਦੇ ਫਲੱਡ ਗੇਟ 10 ਫੁੱਟ ਤੋਂ ਵੱਧ ਖੋਲ੍ਹ ਦਿਤੇ ਗਏ ਹਨ। ਇਸ ਦੇ ਨਾਲ ਹੀ ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ।

Cabinet Minister Harjot Bains in Flood Affected Area

ਭਾਖੜਾ ਡੈਮ ਦੇ ਫਲੱਡ ਗੇਟ ਸੋਮਵਾਰ ਨੂੰ 12 ਫੁੱਟ ਤਕ ਖੋਲ੍ਹੇ ਗਏ ਸਨ। ਐਤਵਾਰ ਨੂੰ ਪਾਣੀ ਦਾ ਪੱਧਰ 1678 ਫੁੱਟ ਤਕ ਪਹੁੰਚ ਗਿਆ ਸੀ, ਜੋ ਸੋਮਵਾਰ ਨੂੰ ਫਲੱਡ ਗੇਟ ਖੋਲ੍ਹਣ ਤੋਂ ਬਾਅਦ 1 ਫੁੱਟ ਘੱਟ ਕੇ 1677 ਫੁੱਟ ਰਹਿ ਗਿਆ। ਜਿਸ ਤੋਂ ਬਾਅਦ ਰਾਤ ਕਰੀਬ 9 ਵਜੇ ਫਲੱਡ ਗੇਟ ਦਾ ਪੱਧਰ ਘੱਟ ਗਿਆ। ਹਿਮਾਚਲ ਪ੍ਰਦੇਸ਼ 'ਚ ਲਗਾਤਾਰ ਹੋ ਰਹੀ ਬਰਸਾਤ ਦੇ ਚੱਲਦਿਆਂ ਭਾਖੜਾ ਡੈਮ 'ਚ ਪਾਣੀ ਦਾ ਪੱਧਰ 1777,70 ਫੁੱਟ 'ਤੇ ਪਹੁੰਚ ਗਿਆ ਹੈ, ਜੋ ਕਿ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 3 ਫੁੱਟ ਹੇਠਾਂ ਹੈ।

ਕੈਬਨਿਟ ਮੰਤਰੀ ਹਰਜੋਤ ਬੈਂਸ ਖੁਦ ਹੜ੍ਹ ਪ੍ਰਭਾਵਤ ਪਿੰਡਾਂ ਵਿਚ ਪਹੁੰਚ ਕੇ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਦਸਿਆ ਕਿ ਪਿੰਡਾਂ ਵਿਚ ਰਾਤ ਵੇਲੇ ਪਾਣੀ ਦਾ ਪੱਧਰ ਘੱਟਣਾ ਸ਼ੁਰੂ ਹੋ ਗਿਆ ਹੈ। ਪਰ ਹਰਸਾ ਬੇਲਾ ਵਿਚ ਸਥਿਤੀ ਮਾੜੀ ਹੈ। ਸਥਿਤੀ 'ਤੇ ਕਾਬੂ ਪਾਉਣ ਲਈ ਐਨ.ਡੀ.ਆਰ.ਐਫ, ਫੌਜ ਅਤੇ ਹਵਾਈ ਸੈਨਾ ਦੀ ਮਦਦ ਲਈ ਜਾ ਰਹੀ ਹੈ।

ਉਧਰ ਪ੍ਰਸ਼ਾਸਨ ਨੇ ਲੋਕਾਂ ਦੀ ਸਹੂਲਤ ਲਈ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸਪੈਸ਼ਲ ਡਿਊਟੀਆਂ ਲਾਈਆਂ ਹਨ, ਜੋ ਕਿ ਪਿੰਡਾਂ 'ਚ ਤੈਅ ਸਮੇਂ ਦੌਰਾਨ ਤੈਨਾਤ ਰਹਿਣਗੇ। ਪਾਣੀ ਜ਼ਿਆਦਾ ਹੋਣ ਕਾਰਨ ਕਿਸ਼ਤੀ ਰਾਹੀਂ ਬਚਾਅ ਕਾਰਜ ਚਲਾਉਣ 'ਚ ਮੁਸ਼ਕਲ ਆ ਰਹੀ ਹੈ। ਜਿਸ ਤੋਂ ਬਾਅਦ ਡਿਪਟੀ ਕਮਿਸ਼ਨਰ ਰੋਪੜ ਵਲੋਂ ਬਚਾਅ ਕਾਰਜਾਂ ਲਈ ਹੈਲੀਕਾਪਟਰ ਦੀ ਮੰਗ ਕੀਤੀ ਗਈ ਹੈ ਅਤੇ ਸੂਬਾ ਸਰਕਾਰ ਨੂੰ ਫੌਜ ਤੋਂ ਇਹ ਸਹਾਇਤਾ ਲੈਣ ਲਈ ਲਿਖਿਆ ਗਿਆ ਹੈ।

ਹਾਲਾਤ ਥੋੜੇ ਸੁਧਰਨ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਹਵਾਈ ਸੈਨਾ ਅਤੇ ਫੌਜ ਨੂੰ ਹਵਾਈ ਸੈਨਾ ਦੀ ਮਦਦ ਲਈ ਕਿਹਾ ਗਿਆ। ਇਸ ਤੋਂ ਇਲਾਵਾ ਪੁਲਿਸ, ਸਿਹਤ ਵਿਭਾਗ ਅਤੇ ਡੀ.ਸੀ. ਦਫ਼ਤਰ ਅਲਰਟ 'ਤੇ ਹਨ। ਮਾਰਸ਼ਲ ਅਕੈਡਮੀ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਗਰਾਊਂਡ ਨੂੰ ਹੈਲੀਪੈਡ ਵਜੋਂ ਵਰਤਿਆ ਜਾਵੇਗਾ। ਹਰਜੋਤ ਬੈਂਸ ਨੇ ਕਿਹਾ ਕਿ ਜਿਥੇ ਲੋਕਾਂ ਨੂੰ ਕਿਸ਼ਤੀਆਂ ਲੈ ਕੇ ਜਾਣ ਵਿਚ ਦਿੱਕਤ ਆ ਰਹੀ ਹੈ, ਉੱਥੇ ਲੋੜ ਪੈਣ 'ਤੇ ਉਨ੍ਹਾਂ ਨੂੰ ਏਅਰ ਲਿਫਟ ਵੀ ਮੁਹੱਈਆ ਕਰਵਾਈ ਜਾਵੇਗੀ।

Cabinet Minister Harjot Bains in Flood Affected Area

ਹੜ੍ਹ ਪ੍ਰਭਾਵਤ ਪਿੰਡਾਂ ਨੂੰ ਲੈ ਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਦਿਤੀ ਜਾਣਕਾਰੀ

-ਪਾਣੀ ਦਾ ਪੱਧਰ ਘਟਣਾ ਹੋਇਆ ਸ਼ੁਰੂ
-ਸਥਿਤੀ ਸੰਭਾਲਣ ਲਈ NDRF ਅਤੇ ਫ਼ੌਜ ਦੀਆਂ ਟੀਮਾਂ ਤਾਇਨਾਤ
-ਪਿੰਡ ਹਰਸਾ ਬੇਲਾ ਅਤੇ ਪੱਤੀ ਦੁਲਚੀ ’ਚ ਫਸੇ ਲੋਕਾਂ ਨੂੰ ਸੁਰੱਖਿਅਤ ਕੱਢਿਆ ਗਿਆ
-ਝੂਠੀਆਂ ਅਫ਼ਵਾਹਾਂ ਵੱਲ ਨਾ ਦਿਤਾ ਜਾਵੇ ਧਿਆਨ
-ਦਰਿਆ ਨੇੜੇ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ

 

ਇਸ ਦੌਰਾਨ ਨੰਗਲ ਦੇ ਡੀ.ਐਸ.ਪੀ. ਸਤੀਸ਼ ਕੁਮਾਰ ਖ਼ੁਦ ਹੜ੍ਹ ਪ੍ਰਭਾਵਤ ਪ੍ਰਵਾਰਾਂ ਨੂੰ ਬਚਾਉਣ ਲਈ ਜੇ.ਸੀ.ਬੀ. ’ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਜਿਵੇਂ ਹੀ ਉਨ੍ਹਾਂ ਨੂੰ ਪਤਾ ਲੱਗਿਆ ਕਿ ਪ੍ਰਵਾਰ ਹੜ੍ਹ ਵਿਚ ਫਸੇ ਹੋਏ ਹਨ ਤਾਂ ਉਹ ਅਪਣੇ ਆਪ ਨੂੰ ਰੋਕ ਨਾ ਸਕੇ ਅਤੇ ਜੇ.ਸੀ.ਬੀ. ਲੈ ਕੇ ਮੌਕੇ 'ਤੇ ਪਹੁੰਚ ਗਏ। ਫਸੇ ਲੋਕਾਂ ਵਿਚ ਇੱਕ ਛੋਟਾ ਬੱਚਾ ਵੀ ਸੀ ਅਤੇ ਇਨ੍ਹਾਂ ਲੋਕਾਂ ਨੂੰ ਬਾਹਰ ਕੱਢਣਾ ਜ਼ਰੂਰੀ ਸੀ।

DSP Nangal on JCB

ਦੂਜੇ ਪਾਸੇ ਪੌਂਗ ਡੈਮ ਕਾਰਨ ਬਿਆਸ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਬੀਤੀ ਰਾਤ ਪੌਂਗ ਡੈਮ ਤੋਂ 1.60 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਸੀ, ਜਿਸ ਦੀ ਮਾਤਰਾ ਆਉਣ ਵਾਲੇ ਦਿਨਾਂ ਵਿਚ ਵਧ ਸਕਦੀ ਹੈ। ਡੀ.ਸੀ. ਗੁਰਦਾਸਪੁਰ ਕੋਮਲ ਮਿੱਤਲ ਨੇ ਦਸਿਆ ਕਿ ਬਿਆਸ ਦੇ ਆਸ-ਪਾਸ ਦੇ ਪਿੰਡਾਂ ਵਿਚ ਪਾਣੀ ਦਾਖਲ ਹੋ ਗਿਆ ਹੈ। ਅਜਿਹੇ 'ਚ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਕਿਹਾ ਗਿਆ ਹੈ।

ਪੌਂਗ ਡੈਮ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਗੁਰਦਾਸਪੁਰ ਜ਼ਿਲ੍ਹੇ ਵਿਚ ਵੀ ਅਲਰਟ ਜਾਰੀ ਕਰ ਦਿਤਾ ਗਿਆ ਹੈ। ਡੀ.ਸੀ. ਮਿੱਤਲ ਨੇ ਦਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਗਾਲਾ ਵਿਖੇ ਰਾਹਤ ਕੈਂਪ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਗੁਰਦੁਆਰਿਆਂ ਅਤੇ ਸਕੂਲਾਂ ਵਿਚ ਰਾਹਤ ਕੈਂਪ ਵੀ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ ਐਸ.ਡੀ.ਆਰ.ਐਫ. ਦੀਆਂ ਟੀਮਾਂ ਨੇ ਇਲਾਕੇ ਵਿਚ ਚਾਰਜ ਸੰਭਾਲ ਲਿਆ ਹੈ ਅਤੇ ਲੋਕਾਂ ਨੂੰ ਕੱਢਣ ਦਾ ਕੰਮ ਜਾਰੀ ਹੈ।