ਲਾਪਤਾ ਸਰੂਪਾਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਦਾ ਧਰਨਾ ਤੀਜੇ ਦਿਨ ਵੀ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੰਗਤ ਅੱਜ ਵੀ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਤੋਂ ਰਹੀ ਵਾਂਝੀ

image

 ਪੰਥਕ ਜਥੇਬੰਦੀਆਂ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨਾਲ ਕੀਤੀ ਮੁਲਾਕਾਤ




ਅੰਮ੍ਰਿਤਸਰ, 16 ਸਤੰਬਰ (ਪਰਮਿੰਦਰਜੀਤ): ਲਾਪਤਾ ਹੋਏ 328 ਸਰੂਪਾਂ ਦੇ ਮਾਮਲੇ ਤੇ ਦੋਸ਼ੀ ਵਿਅਕਤੀਆਂ 'ਤੇ ਪਰਚਾ ਦਰਜ ਕਰਵਾਉਣ ਦੀ ਮੰਗ ਨੂੰ ਲੈ ਕੇ ਤੇਜਾ ਸਿੰਘ ਸਮੁੰਦਰੀ ਹਾਲ ਦੇ ਬਾਹਰ ਬੈਠੇ ਸਿੰਘਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਸ੍ਰੀ ਦਰਬਾਰ ਸਾਹਿਬ ਦੀ ਸਰਾਂ ਗੁਰੂ ਰਾਮਦਾਸ ਜੀ ਵਲੋਂ ਜਾਂਦੇ ਰਾਹਾਂ 'ਤੇ ਅੱਜ ਵੀ ਟੀਨ ਲਗਾ ਕੇ ਬੈਰੀਕੇਡਿੰਗ ਕੀਤੀ ਹੋਈ ਸੀ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ੍ਰ ਰਜਿੰਦਰ ਸਿੰਘ ਮਹਿਤਾ ਨੇ ਇਹ ਬੈਰੀਕੇਡਿੰਗ ਰਾਤ ਤਕ ਹਟਾਉਣ ਦੀ ਗੱਲ ਕੀਤੀ ਸੀ। ਦੁਨੀਆਂ ਭਰ ਤੋਂ ਆਈ ਸੰਗਤ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਤੋਂ ਅੱਜ ਵੀ ਵਾਂਝੀ ਰਹੀ।

image


ਅੱਜ ਸਤਿਕਾਰ ਕਮੇਟੀਆਂ ਤੇ ਸਾਥੀ ਪੰਥਕ ਜਥੇਬੰਦੀਆਂ ਵਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਵਿਚ ਪੁਲਿਸ ਕਮਿਸ਼ਨਰ ਕੋਲੋਂ ਮੰਗ ਕੀਤੀ ਗਈ ਕਿ ਲਾਪਤਾ ਸਰੂਪਾਂ ਦੇ ਮਾਮਲੇ ਦੀ ਪੜਤਾਲ ਕਰਨ ਵਾਲੀ ਪੜਤਾਲੀਆ ਕਮੇਟੀ ਵਲੋਂ ਜਿਨ੍ਹਾਂ ਵਿਅਕਤੀਆਂ ਨੂੰ ਕਸੂਰਵਾਰ ਦਸਿਆ ਗਿਆ ਹੈ ਉਨ੍ਹਾਂ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾਵੇ। ਅੱਜ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਸਿਮਰਜੀਤ ਸਿੰਘ ਨੇ ਦਸਿਆ ਕਿ ਅੱਜ ਅਸੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ ਲੈ ਕੇ ਗਏ ਸੀ ਪਰ ਉਨ੍ਹਾਂ ਕਿਹਾ ਕਿ ਦੋਸ਼ੀਆਂ ਵਿਰੁਧ ਪਹਿਲੀ ਕਾਰਵਾਈ ਕਰਨ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਹੈ। ਅਸੀ ਪੁਲਿਸ ਕਮਿਸ਼ਨਰ ਨੂੰ ਦਸਿਆ ਕਿ ਸ਼੍ਰੋਮਣੀ ਕਮੇਟੀ ਨੇ ਮਤਾ ਪਾ ਦਿਤਾ ਸੀ ਕਿ ਇਨ੍ਹਾਂ ਦੋਸ਼ੀਆਂ ਵਿਰੁਧ ਕਾਨੂੰਨੀ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਦਸਿਆ ਕਿ ਪੁਲਿਸ ਕਮਿਸ਼ਨਰ ਨੇ ਕਿਹਾ ਹੈ ਕਿ ਅਸੀ ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ ਦੀ ਉਡੀਕ ਕਰ ਰਹੇ ਹਾਂ, ਜਦੋਂ ਕਮੇਟੀ ਵਲੋਂ ਸ਼ਿਕਾਇਤ ਆਵੇਗੀ ਤਾਂ ਪੰਥਕ ਜਥੇਬੰਦੀਆਂ ਨਾਲ ਵੀ ਗੱਲ ਕੀਤੀ ਜਾਵੇਗੀ।


ਇਸ ਮੌਕੇ ਬੋਲਦਿਆਂ ਭਾÂਂੀ ਬਲਬੀਰ ਸਿੰਘ ਮੁੱਛਲ ਨੇ ਦਸਿਆ ਕਿ ਪੁਲਿਸ ਕਮਿਸ਼ਨਰ ਨਾਲ ਗੱਲਬਾਤ ਹੋਈ ਹੈ ਸ਼੍ਰੋਮਣੀ ਕਮੇਟੀ ਵਲੋਂ ਇਕ ਦਰਖ਼ਾਸਤ ਜਾਣੀ ਹੈ ਤੇ ਤੁਰਤ ਕਾਰਵਾਈ ਹੋਣੀ ਹੈ। ਇਸ ਦੌਰਾਨ ਜਥਾ ਸਿਰਲਥ ਖ਼ਾਲਸਾ ਦੇ ਭਾਈ ਦਿਲਬਾਗ ਸਿੰਘ ਨੇ ਕਿਹਾ ਕਿ ਕਲ ਸਾਡੇ ਕੋਲੋਂ ਮੰਗ ਕੀਤੀ ਗਈ ਸੀ ਕਿ ਤੇਜਾ ਸਿੰਘ ਸਮੁੰਦਰੀ ਹਾਲ ਦਾ ਰਾਹ ਖੋਲ੍ਹ ਦਿਉ ਅਸੀ ਰਾਹ ਖੋਲ੍ਹ ਦਿਤਾ ਪਰ ਸਾਡੇ ਨਾਲ ਕੀਤਾ ਕੋਈ ਵਾਅਦਾ ਪੂਰਾ ਨਹੀਂ ਕੀਤਾ ਜਾ ਰਿਹਾ।


ਪੱਤਰਕਾਰਾਂ ਨਾਲ ਗੱਲ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਭਾਈ ਜਗਜੋਤ ਸਿੰਘ ਖ਼ਾਲਸਾ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੀਆਂ ਡਿਉਢੀਆਂ ਵਿਚੋਂ ਕਿਸੇ ਨੂੰ ਵੀ ਦਰਵਾਜ਼ਾ ਨਹੀਂ ਲੱਗਿਆ। ਸ਼੍ਰੋਮਣੀ ਕਮੇਟੀ ਰਾਹ ਬੰਦ ਕਰ ਕੇ ਨਵਾਂ ਇਤਿਹਾਸ ਸਿਰਜ ਦਿਤਾ ਹੈ। ਇਸ ਮੌਕੇ ਭਾਈ ਤਰਲੋਚਨ ਸਿੰਘ ਸੋਹਲ,  ਭਾਈ ਪਰਮਜੀਤ ਸਿੰਘ ਅਕਾਲੀ, ਰਣਜੀਤ ਸਿੰਘ ਦਮਦਮੀ ਟਕਸਾਲ ਆਦਿ ਹਾਜ਼ਰ ਸਨ।