ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਗਈ ਹੈ।

Vigilance Bureau arrested a mal patwari red-handed while taking a bribe of Rs 4500

 

ਅੰਮ੍ਰਿਤਸਰ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਬਟਾਲਾ ਸਰਕੀ ਵਿਖੇ ਤਾਇਨਾਤ ਮਾਲ ਪਟਵਾਰੀ ਨੂੰ 4500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਜਸਵੰਤ ਸਿੰਘ ਨੂੰ ਸ੍ਰੀਮਤੀ ਗੁਰਦੀਪ ਕੌਰ ਵਾਸੀ ਮਹਿਤਾ ਚੌਕ ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਮਹਿਲਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਉਸ ਦੇ ਪਤੀ ਦੀ ਮੌਤ ਉਪਰੰਤ ਉਸਦੇ ਨਾਂ 'ਤੇ ਜ਼ਮੀਨ ਦਾ ਇੰਤਕਾਲ ਕਰਨ ਬਦਲੇ 10000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।ਉਸਦੀ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 4500 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਕੋਲੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ। ਉਹਨਾਂ ਦੱਸਿਆ ਕਿ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਗਈ ਹੈ।