ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ 3 ਦਿਨ ਦੇ ਵਿਜੀਲੈਂਸ ਰਿਮਾਂਡ 'ਤੇ, 19 ਅਕਤੂਬਰ ਨੂੰ ਅਗਲੀ ਪੇਸ਼ੀ

ਏਜੰਸੀ

ਖ਼ਬਰਾਂ, ਪੰਜਾਬ

ਪ੍ਰੋਡਕਸ਼ਨ ਤੋਂ ਪਹਿਲਾਂ ਉਨ੍ਹਾਂ ਦਾ ਮੈਡੀਕਲ ਮੁਹਾਲੀ ਦੇ ਸਿਵਲ ਹਸਪਤਾਲ ਵਿਚ ਕਰਵਾਇਆ ਗਿਆ

Former minister Sunder Sham Arora on 3-day vigilance remand,

 

ਚੰਡੀਗੜ੍ਹ: ਵਿਜੀਲੈਂਸ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਉਹਨਾਂ ਨੂੰ ਤਿੰਨ ਦਿਨ ਦੇ ਵਿਜੀਲੈਂਸ ਰਿਮਾਂਡ 'ਤੇ ਭੇਜ ਦਿੱਤਾ ਹੈ। ਹੁਣ ਉਹਨਾਂ ਨੂੰ 19 ਅਕਤੂਬਰ ਨੂੰ ਮੁੜ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਪ੍ਰੋਡਕਸ਼ਨ ਤੋਂ ਪਹਿਲਾਂ ਉਨ੍ਹਾਂ ਦਾ ਮੈਡੀਕਲ ਮੁਹਾਲੀ ਦੇ ਸਿਵਲ ਹਸਪਤਾਲ ਵਿਚ ਕਰਵਾਇਆ ਗਿਆ।

ਦੱਸ ਦਈਏ ਕਿ ਸੁੰਦਰ ਸ਼ਾਮ ਅਰੋੜਾ ਨੇ ਆਪਣੇ ਖਿਲਾਫ਼ ਦਰਜ ਕੇਸ ਦਾ ਨਿਪਟਾਰਾ ਕਰਵਾਉਣ ਲਈ ਅਧਿਕਾਰੀ ਨੂੰ ਰਿਸ਼ਵਤ ਦੀ ਪੇਸ਼ਕਸ਼ ਕੀਤੀ ਸੀ। ਅਰੋੜਾ ਪਿਛਲੀ ਕਾਂਗਰਸ ਸਰਕਾਰ 'ਚ ਉਦਯੋਗ ਮੰਤਰੀ ਸਨ। ਉਹ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਅਤੇ ਆਪਣੇ ਕਾਰਜਕਾਲ ਦੌਰਾਨ ਕਥਿਤ ਬੇਨਿਯਮੀਆਂ ਲਈ ਜਾਂਚ ਦੇ ਅਧੀਨ ਹਨ।

ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਨਿਰਦੇਸ਼ਕ ਵਰਿੰਦਰ ਕੁਮਾਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਰੋੜਾ ਨੂੰ ਇਨ੍ਹਾਂ ਮਾਮਲਿਆਂ ਵਿਚ ਮਦਦ ਕਰਨ ਲਈ ਇੱਕ ਵਿਜੀਲੈਂਸ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਕੁਮਾਰ ਨੇ ਕਿਹਾ ਕਿ ਅਰੋੜਾ ਨੇ ਕਥਿਤ ਤੌਰ 'ਤੇ 14 ਅਕਤੂਬਰ ਨੂੰ ਜਾਂਚ ਦੀ ਨਿਗਰਾਨੀ ਕਰ ਰਹੇ ਸਹਾਇਕ ਇੰਸਪੈਕਟਰ ਜਨਰਲ ਮਨਮੋਹਨ ਸ਼ਰਮਾ ਨਾਲ ਸੰਪਰਕ ਕੀਤਾ ਅਤੇ ਕੇਸਾਂ ਤੋਂ ਆਪਣਾ ਨਾਂ ਹਟਾਉਣ ਲਈ ਮਦਦ ਮੰਗੀ। ਸਾਬਕਾ ਮੰਤਰੀ ਨੇ 1 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਸੀ।

ਮੁੱਖ ਡਾਇਰੈਕਟਰ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ 50 ਲੱਖ ਰੁਪਏ ਅਤੇ ਬਾਕੀ ਰਕਮ ਬਾਅਦ ਵਿਚ ਦੇਣ ਦੀ ਤਜਵੀਜ਼ ਰੱਖੀ ਸੀ। ਉਸ ਨੇ ਕਿਹਾ ਕਿ ਸ਼ਰਮਾ ਵੱਲੋਂ ਆਪਣੇ ਉੱਚ ਅਧਿਕਾਰੀਆਂ ਨੂੰ ਘਟਨਾ ਬਾਰੇ ਸੂਚਿਤ ਕਰਨ ਤੋਂ ਬਾਅਦ ਅਰੋੜਾ ਨੂੰ ਜਾਲ ਵਿਛਾ ਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਅਰੋੜਾ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ 50 ਲੱਖ ਰੁਪਏ ਵਾਲਾ ਬੈਗ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ।