ਸੂਬਾ ਸਰਕਾਰ ਦੁਰਲੱਭ ਬਿਮਾਰੀਆਂ ਵਾਲੇ ਬੱਚਿਆਂ ਦੇ ਇਲਾਜ ਨੂੰ ਯਕੀਨੀ ਬਣਾਉਣ ਲਈ ਵਚਨਬੱਧ :ਸਿਹਤ ਮੰਤਰੀ

ਏਜੰਸੀ

ਖ਼ਬਰਾਂ, ਪੰਜਾਬ

ਵਿਰੋਧੀ ਧਿਰ ਮੀਡੀਆ 'ਚ ਸੁਰਖੀਆਂ ਬਟੋਰਨ ਲਈ ਲੋਕਾਂ ਨੂੰ ਕਰ ਰਹੀ ਹੈ ਗੁੰਮਰਾਹ 

Chetan Singh Jauramajra


 

ਚੰਡੀਗੜ੍ਹ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਨੂੰ ਦੁਰਲੱਭ ਬਿਮਾਰੀਆਂ ਦੇ ਇਲਾਜ ਦੀ ਸੁਵਿਧਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਸੂਬਾ ਸਰਕਾਰ ਹਮੇਸ਼ਾ ਤਿਆਰ ਹੈ। ਇੱਕ ਬਿਆਨ ਵਿੱਚ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਦੁਆਰਾ 30 ਮਾਰਚ, 2021 ਨੂੰ ਦੁਰਲੱਭ ਬਿਮਾਰੀਆਂ ਸਬੰਧੀ ਰਾਸ਼ਟਰੀ ਨੀਤੀ ਨੋਟੀਫਾਈ ਕੀਤੀ ਗਈ ਸੀ ਅਤੇ ਇਸ ਸਾਲ 11 ਅਗਸਤ ਨੂੰ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ।

ਉਨ੍ਹਾਂ ਕਿਹਾ ਕਿ ਇਸ ਨੀਤੀ ਤਹਿਤ  50 ਲੱਖ ਰੁਪਏ/ਮਰੀਜ਼ ਐਨ.ਪੀ.ਆਰ.ਡੀ. ਇਲਾਜ ਲਾਗਤ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਵਿਵਸਥਾ ਮਰੀਜ਼ ਦੀ ਕਿਸੇ ਵੀ ਆਰਥਿਕ ਸ਼੍ਰੇਣੀ ਨੂੰ ਧਿਆਨ ਵਿੱਚ ਨਾ ਰੱਖ ਕੇ ਕੀਤੀ ਗਈ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਪੀਜੀਆਈਐਮਈਆਰ ਚੰਡੀਗੜ੍ਹ ਨੂੰ ਦੁਰਲੱਭ ਬਿਮਾਰੀਆਂ ਤੋਂ ਪੀੜਤ ਬੱਚਿਆਂ ਨੂੰ ਇਹ ਇਲਾਜ ਮੁਹੱਈਆ ਕਰਵਾਉਣ ਤੋਂ ਇਲਾਵਾ ਇਸ ਖੇਤਰ ਵਿੱਚ ਖੋਜ ਲਈ ਪਿਛਲੇ ਸਾਲ 2021 ਤੋਂ ਐਨਪੀਆਰਡੀ ਅਧੀਨ ਸੈਂਟਰ ਆਫ਼ ਐਕਸੀਲੈਂਸ (ਸੀਓਈ) ਵਜੋਂ ਮਨੋਨੀਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੀਜੀਆਈ ਚੰਡੀਗੜ੍ਹ ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਦੁਰਲੱਭ ਬਿਮਾਰੀਆਂ ਦੇ ਇਨ੍ਹਾਂ ਮਾਮਲਿਆਂ ਦੀ ਜਾਂਚ ਲਈ ਇੱਕ ਕਮੇਟੀ ਗਠਿਤ ਕੀਤੀ ਗਈ ਹੈ ਅਤੇ ਇਨ੍ਹਾਂ ਦੇ ਇਲਾਜ ਦੀ ਸਹੂਲਤ ਲਈ ਇੱਕ ਨੋਡਲ ਅਧਿਕਾਰੀ ਵੀ ਨਿਯੁਕਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ, ਪੰਜਾਬ ਪੀਜੀਆਈ ਅਧਿਕਾਰੀਆਂ ਨਾਲ ਤਾਲਮੇਲ ਵਿੱਚ ਹੈ। ਉਨ੍ਹਾਂ ਅੱਗੇ ਕਿਹਾ ਕਿ ਆਰਬੀਐਸਕੇ ਪ੍ਰੋਗਰਾਮ ਤਹਿਤ ਪਹਿਲਾਂ ਤੋਂ ਹੀ ਇਲਾਜ ਲੈ ਰਹੇ ਇਨ੍ਹਾਂ ਮਰੀਜ਼ਾਂ ਨੂੰ ਨਿਰਵਿਘਨ ਇਲਾਜ ਮਿਲਦਾ ਰਹੇਗਾ।

ਪੀਜੀਆਈ ਦੇ ਡਾਕਟਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੇ ਇਨ੍ਹਾਂ ਮਰੀਜ਼ਾਂ ਨੂੰ ਐਨਪੀਆਰਡੀ ਰਜਿਸਟਰੀ 'ਤੇ ਰਜਿਸਟਰ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਭਰੋਸਾ ਦਿੱਤਾ ਹੈ ਕਿ ਕਿਸੇ ਵੀ ਮਰੀਜ਼ ਦਾ ਇਲਾਜ ਬੰਦ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਸ ਸੰਵੇਦਨਸ਼ੀਲ ਮੁੱਦੇ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਵਿਰੋਧੀ ਧਿਰ ਦੀ ਵੀ ਆਲੋਚਨਾ ਕੀਤੀ।

 

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਨੇ ਦੱਸਿਆ ਕਿ ਸੂਬਾ ਸਰਕਾਰ ਦੁਰਲੱਭ ਬਿਮਾਰੀਆਂ ਦੇ ਇਨ੍ਹਾਂ ਮਰੀਜ਼ਾਂ, ਮੁੱਖ ਤੌਰ 'ਤੇ ਬੱਚਿਆਂ ਨੂੰ ਸੂਬੇ ਦੇ ਫੰਡਾਂ 'ਚੋਂ ਇਲਾਜ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਦੋਂ ਤੱਕ ਇਸ ਲਈ ਹੋਰ ਵਿਵਸਥਾ ਉਪਲੱਬਧ ਨਹੀਂ ਹੁੰਦੀ। ਉਨ੍ਹਾਂ ਨੇ ਆਰ.ਬੀ.ਐਸ.ਕੇ. ਦੇ ਸਟੇਟ ਪ੍ਰੋਗਰਾਮ ਅਫਸਰ ਨੂੰ ਇਨ੍ਹਾਂ ਬੱਚਿਆਂ ਦੇ ਮਾਪਿਆਂ ਨਾਲ ਸੰਪਰਕ ਕਰਨ ਦੇ ਨਿਰਦੇਸ਼ ਦਿੱਤੇ ਹਨ।