ਮੁੱਖ ਮੰਤਰੀ ਨੇ ਸ਼ਹੀਦ ਪਰਵਿੰਦਰ ਸਿੰਘ ਦੇ ਪ੍ਰਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਛਾਜਲੀ ਵਿਖੇ ਸ਼ਹੀਦ ਦੀ ਯਾਦ ਵਿਚ ਬੁੱਤ ਸਥਾਪਤ ਕਰਨ ਦਾ ਐਲਾਨ

CM hands over Rs 1 crore cheque to the family of Martyr Parvinder Singh

 

ਛਾਜਲੀ (ਸੰਗਰੂਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜੰਮੂ ਕਸ਼ਮੀਰ ਵਿੱਚ ਕਾਰਗਿਲ ਵਿਖੇ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਬਹਾਦਰ ਜਵਾਨ ਪਰਵਿੰਦਰ ਸਿੰਘ ਦੇ ਘਰ ਜਾ ਕੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।

ਇਹ ਵੀ ਪੜ੍ਹੋ: ਫਿਰੋਜ਼ਪੁਰ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਵੱਲੋਂ 5 ਕਰੋੜ ਦੀ ਰਾਸ਼ੀ ਪ੍ਰਾਪਤ ਹੋਈ - ਧੀਮਾਨ

ਮੁੱਖ ਮੰਤਰੀ ਨੇ ਸ਼ਹੀਦ ਪਰਵਿੰਦਰ ਸਿੰਘ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਦੇਸ਼ ਹਮੇਸ਼ਾ ਆਪਣੇ ਸ਼ਹੀਦਾਂ ਦਾ ਰਿਣੀ ਰਹੇਗਾ ਜੋ ਦੁਸ਼ਮਣ ਤਾਕਤਾਂ ਤੋਂ ਆਪਣੇ ਵਤਨ ਦੀ ਰਾਖੀ ਕਰਦਿਆਂ ਜਾਨ ਨਿਛਾਵਰ ਕਰ ਦਿੰਦੇ ਹਨ। ਉਨ੍ਹਾਂ ਨੇ ਸ਼ਹੀਦ ਪਰਵਿੰਦਰ ਸਿੰਘ ਦੀ ਯਾਦ ਵਿੱਚ ਪਿੰਡ ਵਿੱਚ ਬੁੱਤ ਲਾਉਣ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪਰਿਵਾਰ ਵੱਲੋਂ ਸ਼ਹੀਦ ਦੀ ਪਤਨੀ ਲਈ ਨੌਕਰੀ ਦੀ ਮੰਗ ਕੀਤੀ ਗਈ ਹੈ ਅਤੇ ਸੂਬਾ ਸਰਕਾਰ ਵੱਲੋਂ ਆਪਣੀ ਨੀਤੀ ਦੇ ਤਹਿਤ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਸ਼ਹੀਦ ਦੀ ਕੁਰਬਾਨੀ ਦੀ ਕੋਈ ਕੀਮਤ ਨਹੀਂ ਦਿੱਤੀ ਜਾ ਸਕਦੀ ਪਰ ਸਰਕਾਰ ਨੇ ਸ਼ਹੀਦ ਦੇ ਸਤਿਕਾਰ ਵਿੱਚ ਇਕ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ।

ਇਹ ਵੀ ਪੜ੍ਹੋ: ਮਨੋਹਰ ਲਾਲ ਖੱਟਰ ਨੇ CM ਭਗਵੰਤ ਮਾਨ ਨੂੰ ਲਿਖਿਆ ਪੱਤਰ; SYL ਨਹਿਰ ਮਾਮਲੇ ’ਤੇ ਮੀਟਿੰਗ ਕਰਨ ਦੀ ਕੀਤੀ ਪੇਸ਼ਕਸ਼ 

ਮੁੱਖ ਮੰਤਰੀ ਨੇ ਕਿਹਾ ਕਿ ਪਰਵਿੰਦਰ ਸਿੰਘ ਦਾ ਪਰਿਵਾਰ ਦੇਸ਼ ਸੇਵਾ ਪ੍ਰਤੀ ਸਮਰਪਿਤ ਹੈ ਕਿਉਂ ਜੋ ਉਨ੍ਹਾਂ ਦੇ ਪਿਤਾ ਜੀ ਵੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ ਅਤੇ ਉਨ੍ਹਾ ਦੇ ਭਰਾ ਵੀ ਇਸ ਵੇਲੇ ਫੌਜ ਵਿੱਚ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਕਿਸੇ ਇਕ ਪਰਿਵਾਰ ਜਾਂ ਸੂਬੇ ਦੇ ਨਹੀਂ ਸਗੋਂ ਪੂਰੇ ਦੇਸ਼ ਦੇ ਸ਼ਹੀਦ ਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਇਹ ਯਕੀਨੀ ਬਣਾਉਣ ਲਈ ਆਖਿਆ ਕਿ ਭਵਿੱਖ ਵਿੱਚ ਪਰਿਵਾਰ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ: ਸਿੱਖ ਨੇ ਜਿੱਤਿਆ ‘ਮਾਸਟਰ ਸ਼ੈੱਫ਼ ਸਿੰਗਾਪੁਰ’ 2023 ਦਾ ਖਿਤਾਬ  

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਦੁੱਖ-ਸੁੱਖ ਵਿਚ ਪਰਿਵਾਰ ਨਾਲ ਖੜ੍ਹੇਗੀ ਅਤੇ ਦੁੱਖ ਦੀ ਇਸ ਘੜੀ ਵਿਚ ਉਸ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਸ਼ਹੀਦੀ ਪ੍ਰਾਪਤ ਕਰਨ ਵਾਲੇ ਜਵਾਨ ਪਰਵਿੰਦਰ ਸਿੰਘ ਦੀ ਕੁਰਬਾਨੀ ਲਈ ਦੇਸ਼ ਵਾਸੀ ਸਦਾ ਰਿਣੀ ਰਹਿਣਗੇ। ਸ਼ਹੀਦ ਸੈਨਿਕ ਪਰਵਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਬਹਾਦਰੀ, ਪੇਸ਼ੇਵਰ ਵਚਨਬੱਧਤਾ ਅਤੇ ਸਾਹਸ ਦਾ ਪ੍ਰਗਟਾਵਾ ਕਰਕੇ ਮੁਲਕ ਅਤੇ ਖਾਸ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।