350ਵੇਂ ਸ਼ਹੀਦੀ ਦਿਵਸ ਸਬੰਧੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਸੱਦਾ ਦੇਣਗੇ ਮੁੱਖ ਮੰਤਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਈ.ਟੀ.ਓ. ਅਤੇ ਗੋਇਲ ਨੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਕਰਨਾਟਕ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

Chief Minister to invite President and Prime Minister to attend 350th Martyrdom Day celebrations

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਲੜੀਵਾਰ ਸਮਾਗਮਾਂ ਸ਼ਾਮਲ ਹੋਣ ਵਾਸਤੇ ਰਸਮੀ ਤੌਰ 'ਤੇ ਸੱਦਾ ਦਿੱਤਾ ਜਾਵੇਗਾ।

ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਸੂਬਾ ਸਰਕਾਰ ਦੀ ਤਰਫੋਂ ਯਾਦਗਾਰੀ ਸਮਾਗਮਾਂ ਦਾ ਹਿੱਸਾ ਬਣਨ ਲਈ ਇਨ੍ਹਾਂ ਸਖਸ਼ੀਅਤਾਂ ਨੂੰ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹਨਾਂ ਸਮਾਗਮਾਂ ਦਾ ਅਧਿਕਾਰਤ ਪ੍ਰੋਗਰਾਮ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨਾਲ ਵਿਸਥਾਰ ਵਿੱਚ ਸਾਂਝਾ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਆਪਣੀ ਸਹੂਲਤ ਅਨੁਸਾਰ ਸ਼ਾਮਲ ਹੋਣ ਲਈ ਬੇਨਤੀ ਕੀਤੀ ਜਾਵੇਗੀ। ਸੂਬਾ ਸਰਕਾਰ ਵੱਲੋਂ ਇਸ ਸ਼ਾਨਦਾਰ ਸਮਾਗਮ ਲਈ ਲੋੜੀਂਦੇ ਇੰਤਜ਼ਾਮ ਅਤੇ ਸੁਰੱਖਿਆ ਪ੍ਰਬੰਧਾਂ ਦਾ ਵਿਸ਼ੇਸ਼ ਇੰਤਜ਼ਾਮ ਕੀਤਾ ਜਾਵੇਗਾ ਤਾਂ ਜੋ ਇਸ ਸਮਾਗਮ ਨੂੰ ਸਾਰਿਆਂ ਲਈ ਯਾਦਗਾਰੀ ਬਣਾਇਆ ਜਾ ਸਕੇ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਇਸ ਯਾਦਗਾਰੀ ਦਿਵਸ ਦੇ ਸਬੰਧ ਵਿੱਚ ਸੂਬੇ ਭਰ 'ਚ ਵਿਸ਼ੇਸ਼ ਸਮਾਗਮ ਕਰਵਾਉਣ ਲਈ ਯੋਜਨਾ ਉਲੀਕੀ ਗਈ ਹੈ। ਉਨ੍ਹਾਂ ਦੱਸਿਆ ਕਿ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਮੌਕੇ ਪੰਜਾਬ ਸਰਕਾਰ ਵੱਲੋਂ  ਇਤਿਹਾਸਕ ਸਮਾਗਮ ਕਰਵਾਏ ਜਾਣਗੇ।  ਇਹ ਲੜੀਵਾਰ ਸਮਾਗਮ ਸੂਬਾ ਭਰ ਵਿੱਚ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਏ ਜਾਣਗੇ। ਸ਼ਹੀਦੀ ਦਿਹਾੜੇ ਮੌਕੇ ਇਹ ਇਤਿਹਾਸਕ ਸਮਾਗਮ ਮੁੱਖ ਤੌਰ 'ਤੇ ਸੂਬਾ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਕਰਵਾਏ ਜਾਣਗੇ।

ਇਨ੍ਹਾਂ ਸਮਾਗਮਾਂ ਦੀ ਲੜੀ ਦਾ ਉਦੇਸ਼ ਲੋਕਾਂ ਨੂੰ ਧਰਮ ਨਿਰਪੱਖ ਕਦਰਾਂ-ਕੀਮਤਾਂ ਦੇ ਨਾਲ-ਨਾਲ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਬਲੀਦਾਨ ਦੇਣ ਵਾਲੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਅਪਣਾਏ ਮਨੁੱਖਤਾ ਅਤੇ ਕੁਰਬਾਨੀ ਦੀ ਭਾਵਨਾ ਦੇ ਉੱਚ ਆਦਰਸ਼ਾਂ ਦੀ ਪਾਲਣਾ ਕਰਨ ਲਈ ਉਤਸ਼ਾਹਿਤ ਕਰਨਾ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਮਨੁੱਖਤਾ ਦੇ ਇਤਿਹਾਸ ਵਿੱਚ ਵਿਲੱਖਣ ਅਤੇ ਬੇਮਿਸਾਲ ਹੈ ਜੋ ਜਬਰ ਅਤੇ ਜ਼ੁਲਮ ਵਿਰੁੱਧ ਡਟਣ ਦੀ ਪ੍ਰੇਰਨਾ ਦਿੰਦੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਮਨੁੱਖਤਾ, ਵਿਸ਼ਵ-ਵਿਆਪੀ ਭਾਈਚਾਰੇ, ਬਹਾਦਰੀ, ਧਾਰਮਿਕ ਆਜ਼ਾਦੀ ਅਤੇ ਦਇਆ ਦਾ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਦੀ ਹੈ।

ਬੁਲਾਰੇ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਹ ਲੜੀਵਾਰ ਸਮਾਗਮ  ਗੁਰੂ ਸਾਹਿਬ ਜੀ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਅਤੇ ਲੋਕਾਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਸੱਚੀ ਭਾਵਨਾ ਨਾਲ ਅਪਣਾਉਣ ਲਈ ਪ੍ਰੇਰਿਤ ਕਰਨਗੇ। ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਅਤੇ ਦਰਸ਼ਨ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਗਮ ਇੱਕ ਪਾਸੇ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ ਅਤੇ ਦੂਜੇ ਪਾਸੇ ਫਿਰਕੂ ਸਦਭਾਵਨਾ, ਭਾਈਚਾਰੇ ਅਤੇ ਅਮਨ-ਸ਼ਾਂਤੀ ਦੇ ਸਿਧਾਂਤਾਂ ਨੂੰ ਹੋਰ ਮਜ਼ਬੂਤ ਕਰਨਗੇ। ਇਨ੍ਹਾਂ ਸਮਾਗਮਾਂ ਦਾ ਉਦੇਸ਼ ਮਹਾਨ ਗੁਰੂ ਸਾਹਿਬ ਦੀ ਮਹਾਨ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਰਕਰਾਰ ਰੱਖਣਾ ਹੈ।

ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਕੈਬਨਿਟ ਮੰਤਰੀਆਂ ਨੂੰ ਦੇਸ਼ ਦੇ ਹੋਰਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦਾ ਕਾਰਜ ਸੌਂਪਿਆ ਗਿਆ ਹੈ। ਵੀਰਵਾਰ ਨੂੰ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ।