ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਠਾਨਕੋਟ ਦੇ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਦੇ ਵਸੀਕਾ ਨਵੀਸ ਦੀਪਕ ਕੁਮਾਰ

Vigilance Bureau catches Vasika Navis red-handed while accepting bribe of Rs. 30,000

ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪਠਾਨਕੋਟ ਦੇ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਦੇ ਇੱਕ ਵਸੀਕਾ ਨਵੀਸ (ਡੀਡ ਰਾਈਟਰ), ਦੀਪਕ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਨੂੰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਬੰਗੋਲ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਜ਼ਮੀਨ ਖਰੀਦਣ ਤੋਂ ਬਾਅਦ ਉਹ ਆਪਣੀ ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ ਉਕਤ ਵਸੀਕਾ ਨਵੀਸ ਨੂੰ ਮਿਲਿਆ। ਸ਼ਿਕਾਇਤਕਰਤਾ ਨੇ ਲੋੜੀਂਦੀ ਰਜਿਸਟਰੀ ਫੀਸ ਵਸੀਕਾ ਨਵੀਸ ਨੂੰ ਟ੍ਰਾਂਸਫਰ ਕਰ ਦਿੱਤੀ ਜਿਸਨੇ ਰਜਿਸਟਰੀ ਦੀ ਪ੍ਰਕਿਰਿਆ ਪੂਰੀ ਕਰਵਾ ਦਿੱਤੀ ਪਰ ਫਿਰ 30,000 ਰੁਪਏ ਦੀ ਰਿਸ਼ਵਤ ਦੀ ਮੰਗ ਇਹ ਕਹਿੰਦੇ ਹੋਏ ਕੀਤੀ ਕਿ ਅਸਲ ਰਜਿਸਟਰੀ ਦੇ ਅਸਲ ਦਸਤਾਵੇਜ਼ਾਂ 'ਤੇ ਤਹਿਸੀਲਦਾਰ ਵੱਲੋਂ ਦਸਤਖ਼ਤ ਪੈਸਿਆਂ ਦਾ ਭੁਗਤਾਨ ਕਰਨ ਤੋਂ ਬਾਅਦ ਹੀ ਕੀਤੇ ਜਾਣਗੇ।

ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ, ਅੰਮ੍ਰਿਤਸਰ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਵਸੀਕਾ ਨਵੀਸ ਨੂੰ ਰੰਗੇ ਹੱਥੀਂ ਫੜ ਲਿਆ। ਇਸ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।