Pakistan ’ਚ ਨਿਕਾਹ ਕਰਵਾਉਣ ਵਾਲੀ ਸਰਬਜੀਤ ਕੌਰ ਦੇ ਮੁੱਦੇ ’ਤੇ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਕਿਹਾ : ਸ਼੍ਰੋਮਣੀ ਕਮੇਟੀ ਆਪਣੀ ਜ਼ਿੰਮੇਵਾਰੀ ਸਬੰਧੀ ਸਥਿਤੀ ਕਰੇ ਸਪੱਸ਼ਟ
ਨਾਭਾ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਨਾਭਾ ਵਿਖੇ ਪਹੁੰਚੇ, ਜਿੱਥੇ ਉਹ ਪਾਕਿਸਤਾਨ ਗਈ ਸਰਬਜੀਤ ਕੌਰ ਵੱਲੋਂ ਨਿਕਾਹ ਕਰਵਾਉਣ ਦੇ ਮੁੱਦੇ ’ਤੇ ਬੋਲੇ। ਉਨ੍ਹਾਂ ਕਿਹਾ ਕਿ ਇਹ ਪਹਿਲੀ ਘਟਨਾ ਨਹੀਂ ਹੈ, ਇਸ ਤਰ੍ਹਾਂ ਦਾ ਇਕ ਮਾਮਲਾ ਪਹਿਲਾਂ ਵੀ ਸਾਹਮਣੇ ਆਇਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਸਰਕਾਰ ’ਤੇ ਇਨਕੁਆਰੀ ਨਾ ਕਰਵਾਉਣ ਦੇ ਚੁੱਕੇ ਸਵਾਲ ’ਤੇ ਬੋਲਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਹਿਲਾਂ ਐਸ.ਜੀ.ਪੀ.ਸੀ. ਇਹ ਦੱਸੇ ਕਿ ਉਨ੍ਹਾਂ ਦੀ ਜ਼ਿੰਮੇਵਾਰੀ ਕੀ ਬਣਦੀ ਹੈ।
ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਸਰਕਾਰ ਧਾਰਮਿਕ ਮਸਲੇ ’ਚ ਕੋਈ ਦਖਲਅੰਦਾਜ਼ੀ ਕਰਦੀ ਹੈ ਤਾਂ ਸ਼੍ਰੋਮਣੀ ਕਮੇਟੀ ਵਾਲੇ ਅੱਗੋਂ ਕਹਿ ਦਿੰਦੇ ਹਨ ਕਿ ਸਰਕਾਰ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਨਾ ਕਰੇ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਨਸੀਹਤ ਦਿੱਤੀ ਕਿ ਉਹ ਪਹਿਲਾਂ ਪੰਜਾਬ ਸਰਕਾਰ ਨੂੰ ਇਹ ਲਿਖ ਕੇ ਭੇਜਿਆ ਕਰਨ ਕਿ ਇਨਕੁਆਰੀ ਕਿਸ ਚੀਜ਼ ਦੀ ਕਰਵਾਉਣੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕੋਈ ਘਟਨਾ ਵਾਪਰ ਜਾਂਦੀ ਹੈ ਤਾਂ ਸ਼੍ਰੋਮਣੀ ਕਮੇਟੀ ਵਾਲੇ ਪੰਜਾਬ ਸਰਕਾਰ ’ਤੇ ਇਲਜ਼ਾਮ ਲਗਾਉਣ ਲੱਗ ਜਾਂਦੇ ਹਨ, ਜੋ ਕਿ ਸ਼੍ਰੋਮਣੀ ਕਮੇਟੀ ਲਈ ਬਹੁਤ ਮਾੜੀ ਗੱਲ ਹੈ।