ਪੰਜਾਬ ਭਾਜਪਾ ਦੀ ਵੱਡੀ ਕਾਰਵਾਈ, ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਸਮੇਤ 12 ਆਗੂਆਂ ਨੂੰ ਪਾਰਟੀ ’ਚੋਂ ਕੱਢਿਆ ਬਾਹਰ
ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਕੀਤੀ ਕਾਰਵਾਈ
ਜਲੰਧਰ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡੀ ਕਾਰਵਾਈ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਪਿਤਾ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਸਮੇਤ 12 ਆਗੂਆਂ ਨੂੰ ਬਰਖਾਸਤ ਕਰ ਦਿੱਤਾ ਹੈ। ਇਨ੍ਹਾਂ ਸਾਰਿਆਂ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ ਲਗਾਇਆ ਹੈ।
ਇਹ ਜਾਣਕਾਰੀ ਜਲੰਧਰ ਭਾਜਪਾ ਵੱਲੋਂ ਜਾਰੀ ਬਿਆਨ ਵਿੱਚ ਦਿੱਤੀ ਗਈ ਹੈ। ਪੱਛਮੀ ਹਲਕੇ ਵਿੱਚ ਹੋ ਰਹੀ ਜ਼ਿਮਨੀ ਚੋਣ ਦੌਰਾਨ ਕਾਰਵਾਈ ਲਈ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਹਾਈਕਮਾਂਡ ਨੂੰ ਪੱਤਰ ਲਿਖਿਆ ਗਿਆ ਸੀ। ਜਿਸ ਤੋਂ ਬਾਅਦ ਹੁਣ ਉਕਤ ਸ਼ਿਕਾਇਤ 'ਤੇ ਕਾਰਵਾਈ ਕੀਤੀ ਗਈ ਹੈ।
ਭਾਜਪਾ ਦੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਖ਼ਿਲਾਫ਼ ਭਾਜਪਾ ਜ਼ਿਲ੍ਹਾ ਕਮੇਟੀ ਦੇ ਸੀਨੀਅਰ ਆਗੂਆਂ ਵੱਲੋਂ ਹਾਈਕਮਾਂਡ ਨੂੰ ਰਿਪੋਰਟ ਸੌਂਪੀ ਗਈ। ਜਿਸ 'ਚ ਮੁੱਖ ਤੌਰ 'ਤੇ 'ਆਪ' ਦੀ ਟਿਕਟ 'ਤੇ ਆਪਣੇ ਪੁੱਤਰ ਵੱਲੋਂ ਚੋਣ ਲੜਨ ਅਤੇ ਜਿੱਤ ਤੋਂ ਬਾਅਦ ਆਪਣੇ ਪਿਤਾ ਨੂੰ ਲੱਡੂ ਖੁਆਉਣ ਦਾ ਜ਼ਿਕਰ ਕੀਤਾ ਗਿਆ ਸੀ।
ਅਜਿਹੇ 'ਚ ਭਾਜਪਾ ਨੇ ਉਨ੍ਹਾਂ ਅਤੇ 12 ਹੋਰ ਨੇਤਾਵਾਂ 'ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਪਾਰਟੀ 'ਚੋਂ ਕੱਢ ਦਿੱਤਾ ਹੈ।