ਅਧਿਕਾਰੀ ਨਵੀਆਂ ਪੰਚਾਇਤਾਂ ਨੂੰ ਸਰਗਰਮ ਸਹਿਯੋਗ ਦੇਣ : ਤ੍ਰਿਪਤ ਬਾਜਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਵਿਭਾਗ ਦੇ ਸਮੂਹ ਅਧਿਕਾਰੀਆਂ ਖਾਸ ਕਰਕੇ ਫ਼ੀਲਡ ਵਿਚ........

Tripat Rajinder Singh Bajwa

ਲੁਧਿਆਣਾ  : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਵਿਭਾਗ ਦੇ ਸਮੂਹ ਅਧਿਕਾਰੀਆਂ ਖਾਸ ਕਰਕੇ ਫ਼ੀਲਡ ਵਿਚ ਕੰਮ ਕਰ ਰਹੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ, ਪੰਚਾਇਤ ਸਕੱਤਰਾਂ ਅਤੇ ਪਿੰਡ ਵਿਕਾਸ ਅਫ਼ਸਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਨੂੰ ਸਰਗਰਮ ਸਹਿਯੋਗ ਦੇਣ। ਬਾਜਵਾ ਨੇ ਅੱਜ ਇਥੋਂ ਜਾਰੀ ਕੀਤੇ ਗਏ ਇਕ ਬਿਆਨ ਵਿਚ ਕਿਹਾ ਹੈ ਕਿ ਫ਼ੀਲਡ ਵਿਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੁਢਲੀ ਜ਼ਿੰਮੇਵਾਰੀ ਹੈ

ਕਿ ਪਿੰਡਾਂ ਦਾ ਵਿਕਾਸ ਕਰਾਉਣ ਅਤੇ ਪੰਚਾਇਤਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਤਨਦੇਹੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੂੰ ਅਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਅ ਕੇ ਪਿੰਡਾਂ ਦੇ ਵਿਕਾਸ ਵਿਚ ਅਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਬਾਜਵਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਕਿਹਾ ਕਿ ਉਹ ਅਜਿਹਾ ਸਿਸਟਮ ਬਣਾਉ ਜਿਸ ਨਾਲ ਈਮਾਨਦਾਰ, ਮਿਹਨਤੀ ਅਤੇ ਹੋਰਨਾਂ ਲਈ ਪ੍ਰੇਰਨਾਸ਼੍ਰੋਤ ਬਣਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਰ ਵਰ੍ਹੇ ਸਨਮਾਨਤ ਕੀਤਾ ਜਾ ਸਕੇ

ਅਤੇ ਕੰਮ ਨਾ ਕਰਨ ਵਾਲੇ ਕਰਮਚਾਰੀਆਂ ਨੂੰ ਕੋਈ ਸਜ਼ਾ ਦਿਤੀ ਜਾ ਸਕੇ।  ਬਾਜਵਾ ਨੇ ਕਿਹਾ ਕਿ ਵਿਭਾਗ ਦੇ ਈਮਾਨਦਾਰ ਅਤੇ ਮਿਹਨਤ ਕਰਨ ਵਾਲੇ ਅਧਿਕਾਰੀਆਂ ਨੂੰ ਕਿਸੇ ਤੋਂ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਫ਼ੀਲਡ ਕਰਮਚਾਰੀਆਂ ਨੂੰ ਬੇਨਤੀ ਕੀਤੀ ਕਿ ਉਹ ਵਿਭਾਗ ਦੀਆਂ ਸਾਰੀਆਂ ਸਕੀਮਾਂ ਨੂੰ ਸਹੀ ਭਾਵਨਾ ਨਾਲ ਲਾਗੂ ਕਰਾਉਣ ਅਤੇ ਮਨਰੇਗਾ ਵਲ ਖਾਸ ਧਿਆਨ ਦੇਣ।