ਸੰਨੀ ਦਿਓਲ ਤੋਂ ਬਾਅਦ ਹੁਣ ‘ਸੁਖਪਾਲ ਖਹਿਰਾ ਗੁੰਮਸ਼ੁਦਾ’ ਦੇ ਲੱਗੇ ਪੋਸਟਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਧਾਨ ਸਭਾ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਦੇ ਗੁੰਮਸ਼ੁਦਾ ਦੇ ਪੋਸਟਰ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ।

Photo

ਭੁਲੱਥ: ਬੀਤੇ ਦਿਨੀਂ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਵਿਚ ਸੰਸਦ ਮੈਂਬਰ ਸੰਨੀ ਦਿਓਲ ਦੇ ਗੁੰਮਸ਼ੁਦਾ ਦੇ ਪੋਸਟਰ ਲੱਗਣ ਦੀ ਖ਼ਬਰ ਸਾਹਮਣੇ ਆਈ ਸੀ। ਇਸ ਤੋਂ ਬਾਅਦ ਹੁਣ ਵਿਧਾਨ ਸਭਾ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਦੇ ਗੁੰਮਸ਼ੁਦਾ ਦੇ ਪੋਸਟਰ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ।

ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਦੇ ‘ਗੁੰਮਸ਼ੁਦਾ ਦੀ ਤਲਾਸ਼’ ਲਿਖੇ ਪੋਸਟਰ ਭੁਲੱਥ ਸ਼ਹਿਰ ਵਿਚ ਲੱਗ ਚੁੱਕੇ ਹਨ। ਜ਼ਿਕਰਯੋਗ ਹੈ ਕਿ ਭੁੱਲਥ ਦੇ ਕਚਹਿਰੀ ਚੌਂਕ ਤੋਂ ਇਲਾਵਾ ਸ਼ਹਿਰ ਦੀਆਂ ਹੋਰ ਕਈ ਥਾਵਾਂ ‘ਤੇ ਇਹ ਪੋਸਟਰ ਲੱਗੇ ਹਨ। ਇਸ ਸਬੰਧੀ ਗੱਲਬਾਤ ਕਰਨ ਲਈ ਜਦੋਂ ਵਿਧਾਇਕ ਸੁਖਪਾਲ ਖਹਿਰਾ ਨਾਲ ਮੋਬਾਇਲ ‘ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਸੰਪਰਕ ਨਹੀਂ ਹੋ ਸਕਿਆ।

ਪਰ ਉਹਨਾਂ ਦੇ ਖੇਤਰ ਵਿਚ ਸਿਆਸੀ ਸੈਕਟਰੀ ਕੁਲਦੀਪ ਸਿੰਘ ਕੰਗ ਨੇ ਦੱਸਿਆ ਕਿ ਸੁਖਪਾਲ ਖਹਿਰਾ ਖੇਤਰ ਵਿਚ ਹਰ ਪ੍ਰੋਗਰਾਮ ‘ਚ ਸ਼ਾਮਲ ਹੁੰਦੇ ਹਨ ਅਤੇ ਲੋਕਾਂ ਦੇ ਦੁੱਖ-ਸੁੱਖ ਵਿਚ ਵੀ ਅਪਣੀ ਸ਼ਮੂਲੀਅਤ ਦਿੰਦੇ ਹਨ। ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਵੱਲੋਂ ਚੋਣ ਜਿੱਤ ਕੇ ਵਿਧਾਨ ਸਭਾ ਹਲਕਾ ਭੁਲੱਥ ਦੇ ਵਿਧਾਇਕ ਬਣੇ ਸਨ।

ਇਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਵੀ ਰਹੇ ਅਤੇ ਵਿਰੋਧ ਧਿਰ ਦੇ ਨੇਤਾ ਵਜੋਂ ਹਟਾਏ ਜਾਣ ਤੋਂ ਬਾਅਦ ਖਹਿਰਾ ਆਪ ਨਾਲ ਨਰਾਜ਼ ਚੱਲ ਰਹੇ ਸਨ। ਇਸ ਤੋਂ ਬਾਅਦ ਉਹਨਾਂ ਨੇ ‘ਪੰਜਾਬ ਏਕਤਾ ਪਾਰਟੀ’ ਦੇ ਉਮੀਦਵਾਰ ਵਜੋਂ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜੀ ਸੀ।