ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫੈਸਲਾ, ਜ਼ੀਰਾ ਦੀ ਸ਼ਰਾਬ ਫੈਕਟਰੀ ਤੁਰੰਤ ਪ੍ਰਭਾਵ ਨਾਲ ਬੰਦ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਦਾ ਵਾਤਾਵਰਨ ਤੇ ਇੱਥੋਂ ਦੇ ਲੋਕ ਮੇਰੀ ਤਰਜੀਹ: ਮੁੱਖ ਮੰਤਰੀ

Big news: CM Bhagwant Mann ordered to close the Zeera liquor factory

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਲਈ ਜ਼ੀਰਾ ਦੀ ਮਾਲਬਰੋ ਸ਼ਰਾਬ ਫੈਕਟਰੀ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦਾ ਐਲਾਨ ਕੀਤਾ ਹੈ।

ਇਹ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਉਸ ਨੂੰ ਵਾਤਾਵਰਨ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵੀ ਸੂਬਾ ਸਰਕਾਰ ਵੱਲੋਂ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰੇਗਾ, ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਫੈਸਲਾ ਵਾਤਾਵਰਨ ਮਾਹਿਰਾਂ ਅਤੇ ਕਾਨੂੰਨੀ ਮਾਹਿਰਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਫ਼ੈਕਟਰੀ ਦੇ ਸੂਬੇ ਦੇ ਵਾਤਾਵਰਨ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਪ੍ਰਾਜੈਕਟ ਨੂੰ ਰੱਦ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਫ਼ੈਕਟਰੀ ਨਾਲ ਇਲਾਕੇ ਦਾ ਵਾਤਾਵਰਨ ਸੰਤੁਲਨ ਵਿਗੜ ਸਕਦਾ ਸੀ। ਉਨ੍ਹਾਂ ਕਿਹਾ ਕਿ ਇਸ ਫ਼ੈਕਟਰੀ ਦੇ ਵਾਤਾਵਰਨ ਅਤੇ ਮਨੁੱਖੀ ਜੀਵਨ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਸ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ।

ਮੁੱਖ ਮੰਤਰੀ ਨੇ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਵਾਸਤੇ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਉਨ੍ਹਾਂ ਸਪੱਸ਼ਟ ਕਿਹਾ ਕਿ ਸੂਬੇ ਦੇ ਵਾਤਾਵਰਨ ਨਾਲ ਖਿਲਵਾੜ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਣਗੇ।