Jalandhar News: ਵਿਜੀਲੈਂਸ ਵੱਲੋਂ PSPCL ਦਾ JE ਤੇ ਲਾਈਨਮੈਨ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਕਾਬੂ
Jalandhar News:ਪੁਰਾਣੇ ਮੀਟਰ ਨੂੰ ਲਾਹੁਣ ਅਤੇ ਬਿਜਲੀ ਦਾ ਨਵਾਂ ਮੀਟਰ ਲਗਾਉਣ ਬਦਲੇ 10.000 ਰੁਪਏ ਦੀ ਮੰਗੀ ਸੀ ਰਿਸ਼ਵਤ
Vigilance arrests JE and lineman of PSPCL taking bribe jalandhar News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਅਤੇ ਲਾਈਨਮੈਨ ਹਰਜੀਤ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੁਮੀਤ ਵਧਵਾ ਵਾਸੀ ਸੁਦਰਸ਼ਨ ਪਾਰਕ, ਮਕਸੂਦਾਂ, ਜਲੰਧਰ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਦੋਵੇਂ ਮੁਲਜ਼ਮ ਉਸਦੀ ਰਿਹਾਇਸ਼ 'ਤੇ ਲੱਗੇ ਹੋਏ ਪੁਰਾਣੇ ਮੀਟਰ ਨੂੰ ਲਾਹੁਣ ਅਤੇ ਬਿਜਲੀ ਦਾ ਨਵਾਂ ਮੀਟਰ ਲਗਾਉਣ ਬਦਲੇ 10000 ਰੁਪਏ ਰਿਸ਼ਵਤ ਮੰਗ ਰਹੇ ਹਨ। ਸ਼ਿਕਾਇਤ ਵਿੱਚ ਅੱਗੇ ਦੱਸਿਆ ਗਿਆ ਹੈ ਕਿ ਉਕਤ ਲਾਈਨਮੈਨ ਯੂ.ਪੀ.ਆਈ. ਪੇਮੈਂਟ ਰਾਹੀਂ ਪਹਿਲਾਂ ਵੀ 5000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਵਜੋਂ 5000 ਰੁਪਏ ਮੰਗ ਰਿਹਾ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਉਕਤ ਲਾਈਨਮੈਨ ਅਤੇ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।
ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।