ਪੰਜਾਬ ਸਰਕਾਰ ਨੇ ਕਿਸਾਨਾਂ ਦਾ 4736 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ : ਤ੍ਰਿਪਤ ਬਾਜਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਨੇ ਕਰਜ਼ੇ ਹੇਠ ਦੱਬੀ.....

Cabinet Minister Tript Rajinder Singh Bajwa,

ਬਟਾਲਾ : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਨੇ ਕਰਜ਼ੇ ਹੇਠ ਦੱਬੀ ਕਿਸਾਨੀ ਦੀ ਬਾਂਹ ਫੜ ਕੇ ਵੱਡੀ ਰਾਹਤ ਦਿਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਤੀ ਕਰਜ਼ਾ ਰਾਹਤ ਸਕੀਮ ਤਹਿਤ ਹੁਣ ਤੱਕ 5.83 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ 4736 ਕਰੋੜ ਰੁਪਏ ਦੀ ਕਰਜ਼ ਰਾਹਤ ਮੁਹੱਈਆ ਕਰਵਾਈ ਜਾ ਚੁੱਕੀ ਹੈ ਅਤੇ

10.25 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਇਸ ਸਕੀਮ ਅਧੀਨ ਛੇਤੀ ਹੀ ਲਿਆਂਦਾ ਜਾ ਰਿਹਾ ਹੈ। ਕੈਬਨਿਟ ਮੰਤਰੀ ਸ. ਬਾਜਵਾ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਦੌਰਾਨ ਕਣਕ ਅਤੇ ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਂਦੇ ਹੋਏ ਸੂਬਾ ਸਰਕਾਰ ਨੇ ਸਾਲ 2015-16 ਅਤੇ 2016-17 ਦੌਰਾਨ 4 ਸਬੰਧਤ ਫ਼ਸਲਾਂ ਵਿਚ ਕਿਸਾਨਾਂ ਨੂੰ ਅਦਾ ਕੀਤੇ ਗਏ 77,984 ਕਰੋੜ ਰੁਪਏ ਦੇ ਮੁਕਾਬਲੇ ਪਿਛਲੀਆਂ ਚਾਰ ਫ਼ਸਲਾਂ ਵਿਚ 1,00,235 ਕਰੋੜ ਰੁਪਏ ਅਦਾ ਕੀਤੇ ਹਨ। ਇਸ ਤਰ੍ਹਾਂ ਪਿਛਲੇ ਦੋ ਸਾਲਾਂ ਦੌਰਾਨ 28.5 ਫ਼ੀ ਸਦੀ ਦਾ ਵਾਧਾ ਹੋਇਆ ਹੈ।  ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਕਿਸਾਨਾਂ ਨੂੰ ਮੁਫ਼ਤ ਅਤੇ

ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਸੂਬੇ ਵਿਚ 14 ਲੱਖ ਟਿਊਬਵੈਲਾਂ ਲਈ ਸਾਲਾਨਾ 6250 ਕਰੋੜ ਰੁਪਏ ਦੀ ਅਨੁਮਾਨਿਤ ਸਬਸਿਡੀ 'ਤੇ ਮਫ਼ਤ ਬਿਜਲੀ ਦੀ ਸਹੂਲਤ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ, ਗ਼ਰੀਬੀ ਰੇਖਾ ਤੋਂ ਹੇਠਲੇ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਪ੍ਰਵਾਰਾਂ ਲਈ 200 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦੀ ਸਹੂਲਤ ਦਿਤੀ ਜਾ ਰਹੀ ਹੈ ਅਤੇ ਸਰਕਾਰ ਨੇ ਸਾਲਾਨਾਂ 3000 ਯੂਨਿਟਾਂ ਦੀ ਖਪਤ ਦੀ ਸ਼ਰਤ ਨੂੰ ਵੀ ਖ਼ਤਮ ਕਰ ਦਿਤਾ ਹੈ। ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਨਤਕ ਵੰਡ ਪ੍ਰਣਾਲੀ ਵਿੱਚ ਵੱਡੇ ਸੁਧਾਰ ਕੀਤੇ ਗਏ

ਹਨ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਰਕਾਰੀ ਸਹੂਲਤਾਂ ਦਾ ਲਾਭ ਹਰ ਲੋੜਵੰਦ ਤੱਕ ਜ਼ਰੂਰ ਪਹੁੰਚੇ। ਉਨ੍ਹਾਂ ਕਿਹਾ ਕਿ ਨਵੀਂ ਆਟਾ-ਦਾਲ ਸਕੀਮ ਤਹਿਤ ਗ਼ਰੀਬ ਅਤੇ ਲੋੜਵੰਦਾਂ ਦੇ ਕਾਰਡ ਬਣਾਏ ਗਏ ਹਨ ਅਤੇ ਇਸ ਸਹੂਲਤ ਦਾ ਲਾਭ ਬਿਨ੍ਹਾਂ ਕਿਸੇ ਭੇਦ-ਭਾਵ ਦੇ ਦਿਤਾ ਜਾ ਰਿਹਾ ਹੈ। ਸ. ਬਾਜਵਾ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਲੋਕਾਂ ਦੀ ਅਪਣੀ ਸਰਕਾਰ ਹੈ ਅਤੇ ਪਿਛਲੇ ਦੋ ਸਾਲਾਂ ਵਿਚ ਸੂਬਾ ਸਰਕਾਰ ਨੇ ਲੋਕਾਂ ਦੀਆਂ ਉਮੀਦਾਂ ਉੱਪਰ ਖਰ੍ਹਾ ਉਤਰਨ ਦੀਆਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਹਨ।