ਖ਼ਾਲਸਾਈ ਜਾਹੋ-ਜਲਾਲ ਦੇ ਨਾਲ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਹੋਲੇ ਮਹੱਲੇ ਦਾ ਦੂਸਰਾ ਪੜਾਅ ਸ਼ੁਰੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹੋਲੇ ਮਹੱਲੇ ਦੇ ਕੌਮੀ ਤਿਉਹਾਰ ਦੇ ਵਿਚ ਸ਼ਾਮਲ ਹੋਣ ਲਈ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਤਦਾਦ ਵਿਚ ਸੰਗਤਾਂ ਪਹੁੰਚ ਰਹੀਆਂ ਹਨ।

PHOTO

 

ਅਨੰਦਪੁਰ ਸਾਹਿਬ- ਖ਼ਾਲਸੇ ਦੀ ਆਨ ਅਤੇ ਸ਼ਾਨ ਦੇ ਪ੍ਰਤੀਕ ਕੌਮੀ ਤਿਉਹਾਰ ਹੋਲੇ ਮਹੱਲੇ ਦੇ ਦੂਸਰੇ ਪੜਾਅ ਦੀ ਆਰੰਭਤਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੇ ਨਾਲ ਹੋਈ। ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਰਘਬੀਰ ਸਿੰਘ ਜੀ ਵੱਲੋਂ ਕੀਤੀ ਗਈ।
17 ਤੋਂ 19 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੂਜਾ ਪੜਾਅ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਇਹ ਪਾਵਨ ਤਿਉਹਾਰ ਮਨਾਇਆ ਜਾਵੇਗਾ। ਇਸ ਸਬੰਧੀ ਕੌਮ ਦੀ ਕੇਂਦਰੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਤਿਆਰੀ ਕੀਤੀ ਗਈ ਹੈ। 

 

 

ਹੋਲੇ ਮਹੱਲੇ ਦੇ ਕੌਮੀ ਤਿਉਹਾਰ ਦੇ ਵਿਚ ਸ਼ਾਮਲ ਹੋਣ ਲਈ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਤਦਾਦ ਵਿਚ ਸੰਗਤਾਂ ਪਹੁੰਚ ਰਹੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਵੱਖ ਵੱਖ ਇਤਿਹਾਸਕ ਗੁਰੂਘਰਾਂ ਨੂੰ ਸੁੰਦਰ ਫੁੱਲਾਂ ਅਤੇ ਦੀਪ ਮਾਲਾ ਦੇ ਨਾਲ ਸਜਾਇਆ ਗਿਆ ਹੈ। 

 

ਇਸ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਅਤੇ ਐਡੀਸ਼ਨਲ ਮੈਨੇਜਰ ਹਰਦੇਵ ਸਿੰਘ ਨੇ ਦੱਸਿਆ ਕਿ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ’ਚ ਪੁੱਜ ਰਹੀਆਂ ਸੰਗਤਾਂ ਦੇ ਸਵਾਗਤ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੰਗਤਾਂ ਲਈ ਜਿੱਥੇ ਗੁਰੂ ਘਰਾਂ ਵਿਚ ਆਸਾਨੀ ਨਾਲ ਮੱਥਾ ਟੇਕਣ ਲਈ ਯੋਗ ਪ੍ਰਬੰਧ ਕੀਤੇ ਗਏ ਹਨ।

ਉਥੇ ਹੀ ਜੋੜਾ ਘਰ, ਗੱਠੜੀ ਘਰ, ਠੰਡੇ ਪਾਣੀ ਦੀਆਂ ਛਬੀਲਾਂ, ਬਿਜਲੀ, ਪਾਣੀ, ਕੜਾਹ ਪ੍ਰਸ਼ਾਦ ਦੀ ਦੇਗ, ਸਰੋਵਰਾਂ ਵਿਚ ਇਸ਼ਨਾਨ ਆਦਿ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਗੁਰੂ ਘਰਾਂ ਵਿਚ ਰੰਗ ਰੋਗਨ ਅਤੇ ਰੌਸ਼ਨੀਆਂ ਦਾ ਸਾਰਾ ਕੰਮ ਵੀ ਪੂਰਾ ਕਰ ਲਿਆ ਗਿਆ ਹੈ ਤੇ ਬਾਹਰੋਂ ਹੋਰ ਸੇਵਾਦਾਰ ਵੀ ਮੰਗਵਾਏ ਗਏ ਹਨ ਤਾਂ ਜੋ ਯੋਗ ਪ੍ਰਬੰਧ ਕੀਤੇ ਜਾ ਸਕਣ।