ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ 5.50 ਲੱਖ ਦੀ ਠੱਗੀ, ਪੁਲਿਸ ਨੇ ਦੋ ਦਬੋਚੇ 

ਏਜੰਸੀ

ਖ਼ਬਰਾਂ, ਪੰਜਾਬ

ਕੈਨੇਡਾ ਦੇ ਗੁਰਦੁਆਰਾ ਸਾਹਿਬ ਵਿਚ ਗ੍ਰੰਥੀ ਵਜੋਂ ਨੌਕਰੀ ਦਿਵਾਉਣ ਦਾ ਲਗਾਇਆ ਸੀ ਲਾਰਾ 

Representational Image

ਫ਼ਿਰੋਜ਼ਪੁਰ : ਵਿਦੇਸ਼ ਭੇਜਣ ਦੇ ਨਾਮ 'ਤੇ ਹੋ ਰਹੀਆਂ ਠੱਗੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਤਾਜਾ ਮਾਮਲਾ ਫ਼ਿਰੋਜ਼ਪੁਰ ਦੇ ਮਹਾਲਮ ਤੋਂ ਸਾਹਮਣੇ ਆਇਆ ਹੈ ਜਿਥੇ ਇੱਕ ਨਿਹੰਗ ਸਿੰਘ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਉਸ ਕੋਲੋਂ 5.50 ਲੱਖ ਰੁਪਏ ਠੱਗ ਲਏ ਹਨ।

ਜਾਣਕਾਰੀ ਅਨੁਸਾਰ ਪੀੜਤ ਮਹਿਤਾਬ ਸਿੰਘ ਪੁੱਤਰ ਰਛਪਾਲ ਸਿੰਘ ਨੂੰ ਕੈਨੇਡਾ ਦੇ ਸਰੀ ਸਥਿਤ ਗੁਰਦੁਆਰਾ ਸਾਹਿਬ ਵਿਚ ਗ੍ਰੰਥੀ ਵਜੋਂ ਨੌਕਰੀ ਦਿਵਾਉਣ ਦਾ ਝਾਂਸਾ ਦਿੱਤਾ ਗਿਆ ਅਤੇ ਇਸ ਲਈ ਮਹਿਤਾਬ ਸਿੰਘ ਤੋਂ ਸਾਢੇ ਪੰਜ ਲਖ ਰੁਪਏ ਵੀ ਠੱਗ ਲਏ ਪਰ ਉਸ ਨਾਲ ਕੀਤਾ ਵਾਅਦਾ ਪੂਰਾ ਨਹੀਂ ਹੋਇਆ। ਜਿਸ 'ਤੇ ਮਹਿਤਾਬ ਸਿੰਘ ਨੇ ਪੂਰੇ ਮਾਮਲੇ ਬਾਰੇ ਪੁਲਿਸ ਨੂੰ ਜਾਣਕਾਰੀ ਦਿੱਤੀ ਅਤੇ ਮੁਲਜ਼ਮਾਂ ਖ਼ਿਲਾਫ਼ ਸ਼ਿਕਾਇਤ ਵੀ ਦਰਜ ਕਰਵਾਈ ਹੈ।

ਇਹ ਵੀ ਪੜ੍ਹੋ: ਵਿਰੋਧੀ ਪਾਰਟੀਆਂ ਵਲੋਂ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ

ਪੁਲਿਸ ਨੂੰ ਦਿੱਤੀ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਉਰਫ਼ ਅਮਨਾ ਪੁੱਤਰੀ ਜਰਨੈਲ ਸਿੰਘ, ਉਸ ਦੀ ਪਤਨੀ ਜੋਤੀ ਅਤੇ ਇੱਕ ਹੋਰ ਸਾਥੀ ਸੁਰਿੰਦਰ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਰੁਪਾਣਾ ਨੇ ਕੈਨੇਡਾ ਦੇ ਸਰੀ ਸ਼ਹਿਰ ਦੇ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਦੀ ਡਿਊਟੀ ਲਗਵਾਉਣ ਦੇ ਬਹਾਨੇ ਉਸ ਤੋਂ 5.50 ਲੱਖ ਰੁਪਏ ਦੀ ਠੱਗੀ ਮਾਰੀ ਹੈ। ਸ਼ਿਕਾਇਤ ਦੇ ਅਧਾਰ 'ਤੇ ਪੁਲਿਸ ਨੇ ਪਤੀ-ਪਤਨੀ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਦੇ ਨਾਲ ਹੀ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ ਔਰਤ ਅਜੇ ਫਰਾਰ ਹੈ ਜਿਸ ਨੂੰ ਜਲਦ ਹੀ ਗ੍ਰਿਫ਼ਤਾਰ ਕਰਨ ਦੀ ਗੱਲ ਕਹੀ ਜਾ ਰਹੀ ਹੈ।