Lok Sabha Election 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਏਜੰਸੀ

ਖ਼ਬਰਾਂ, ਪੰਜਾਬ

ਨਾਮਜ਼ਦਗੀਆਂ ਦੀ ਪੜਤਾਲ 15 ਮਈ, 2024 (ਬੁੱਧਵਾਰ) ਨੂੰ ਹੋਵੇਗੀ।

The Chief Election Officer of Punjab, Sibin C released the election program

Lok Sabha Election 2024: ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਪੰਜਾਬ ਰਾਜ ਲਈ ਲੋਕ ਸਭਾ ਚੋਣਾਂ 2024 ਦਾ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ।  ਇਸ ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ, 2024 (ਮੰਗਲਵਾਰ) ਨੂੰ ਜਾਰੀ ਕੀਤਾ ਜਾਣਾ ਤੈਅ ਹੋਇਆ ਹੈ।  ਨਾਮਜ਼ਦਗੀਆਂ  ਲਈ ਅੰਤਿਮ ਮਿਤੀ 14 ਮਈ, 2024 (ਮੰਗਲਵਾਰ) ਨਿਰਧਾਰਤ ਕੀਤੀ ਗਈ ਹੈ

ਜਦਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ, 2024 (ਬੁੱਧਵਾਰ) ਨੂੰ ਹੋਵੇਗੀ।  ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ।  ਪੰਜਾਬ ਵਿੱਚ 1 ਜੂਨ, 2024 (ਸ਼ਨੀਵਾਰ) ਨੂੰ ਵੋਟਾਂ ਪੈਣਗੀਆਂ, ਜਦਕਿ ਪੰਜਾਬ ਸਮੇਤ ਪੂਰੇ ਦੇਸ਼ ਵਿੱਚ 4 ਜੂਨ, 2024 (ਮੰਗਲਵਾਰ) ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।  ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ, 2024 (ਵੀਰਵਾਰ) ਹੈ।

 ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ 16 ਮਾਰਚ, 2024 ਨੂੰ ਚੋਣ ਪ੍ਰੋਗਰਾਮ ਐਲਾਨੇ ਜਾਣ ਤੋਂ ਬਾਅਦ, ਪੰਜਾਬ ਰਾਜ ਵਿੱਚ ਆਦਰਸ਼ ਚੋਣ ਜ਼ਾਬਤਾ (ਐਮ.ਸੀ.ਸੀ)  ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਇਹ ਆਦਰਸ਼ ਚੋਣ ਜਾਬਤਾ ਸਾਰੇ ਉਮੀਦਵਾਰਾਂ, ਰਾਜਨੀਤਿਕ ਪਾਰਟੀਆਂ, ਰਾਜ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ 'ਤੇ ਵੀ ਲਾਗੂ ਹੋਵੇਗਾ।  ਉਨ੍ਹਾਂ ਨੇ ਦੱਸਿਆ ਕਿ ਚੋਣ ਜਾਬਤੇ ਸਬੰਧੀ  ਮੈਨੂਅਲ ਦੀ ਕਾਪੀ ਭਾਰਤੀ ਚੋਣ ਕਮਿਸ਼ਨ ਦੇ ਵੈੱਬਸਾਈਟ ਲਿੰਕ https://www.eci.gov.in/handbooks-manuals-modelchecklist ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ।

 ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁੱਖ ਸਕੱਤਰ ਰਾਹੀਂ ਮੁੱਖ ਮੰਤਰੀ, ਸਾਰੇ ਮੰਤਰੀਆਂ, ਸਪੀਕਰ, ਡਿਪਟੀ ਸਪੀਕਰ, ਸਾਰੇ ਵਧੀਕ ਮੁੱਖ ਸਕੱਤਰਾਂ, ਵਿੱਤ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ, ਸਕੱਤਰਾਂ, ਸਾਰੇ ਵਿਭਾਗਾਂ ਦੇ ਮੁਖੀਆਂ, ਪੰਜਾਬ ਦੇ ਸਾਰੇ ਬੋਰਡਾਂ, ਕਾਰਪੋਰੇਸ਼ਨਾਂ ਅਤੇ ਅਥਾਰਟੀਆਂ ਦੇ ਚੇਅਰਮੈਨਾਂ ਅਤੇ ਮੈਨੇਜਿੰਗ ਡਾਇਰੈਕਟਰਾਂ ਨੂੰ ਭੇਜ ਦਿੱਤੀਆਂ ਗਈਆਂ ਹਨ ਤਾਂ ਜੋ ਇਨ੍ਹਾਂ ਦੀ ਇੰਨ- ਬਿੰਨ ਤੇ ਸਖਤੀ ਨਾਲ ਪਾਲਣਾ ਕੀਤੀ ਜਾ ਸਕੇ।