ਅਕਾਲੀ ਦਲ ਦੇ ਉਮੀਦਵਾਰ ਦਾ ਕਾਲ਼ੀਆ ਝੰਡੀਆਂ ਨਾਲ ਸਵਾਗਤ
ਇਸ ਤੋਂ ਪਹਿਲਾਂ ਵੀ ਕਈ ਉਮੀਦਵਾਰਾਂ ਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਪਿੰਡਾਂ ਵਿਚ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ ਹਨ।
ਫਰੀਦਕੋਟ: ਕੋਟਕਪੂਰਾ ਹਲਕੇ ਦੇ ਪਿੰਡ ਕੋਟ ਸੁਖੀਆ ਵਿਚ ਆਪਣੇ ਚੋਣ ਪ੍ਰਚਾਰ ਲਈ ਪਹੁੰਚੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਅਕਾਲੀ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦਾ ਕਾਲ਼ੀਆਂ ਝੰਡੀਆਂ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਪਿੰਡ ਦੇ ਕੁਝ ਲੋਕਾਂ ਨੇ ਕਾਲੀਆਂ ਝੰਡੀਆਂ ਵਿਖਾ ਕੇ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਗੋਲ਼ੀਕਾਂਡ ਦੇ ਵਿਰੋਧ ਵਿਚ ਆਪਣਾ ਰੋਸ ਜ਼ਾਹਰ ਕੀਤਾ। ਜਦ ਰਣੀਕੇ ਪਿੰਡ ਕੋਟ ਸੁਖੀਆ ਪੁੱਜੇ ਤਾਂ ਲੋਕ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਕਾਲੀਆਂ ਝੰਡੀਆਂ ਲੈ ਕੇ ਖੜ੍ਹੇ ਸਨ।
ਇਸ ਦੌਰਾਨ ਲੋਕਾਂ ਨੇ ਕਿਹਾ ਕਿ ਬੇਅਦਬੀ ਮਾਮਲੇ ਵਿਚ ਆਕਲੀ ਦਲ ਤੇ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਬਰਾੜ ਦਾ ਨਾਂ ਆਉਣ ਕਰਕੇ ਲੋਕ ਅਕਾਲੀ ਦਲ ਤੋਂ ਖ਼ਾਸੇ ਨਾਰਾਜ਼ ਹਨ। ਲੋਕਾਂ ਦਾ ਕਹਿਣਾ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਬਹਿਬਲਾ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੇ ਜ਼ਖਮ ਹਾਲੇ ਭਰੇ ਨਹੀਂ। ਅਕਾਲੀ ਦਲ ਪ੍ਰਤੀ ਲੋਕਾਂ ਦਾ ਰੋਸ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ।
ਇਸ ਤੋਂ ਪਹਿਲਾਂ ਵੀ ਕਈ ਉਮੀਦਵਾਰਾਂ ਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਪਿੰਡਾਂ ਵਿਚ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ ਹਨ। ਦੱਸ ਦਈਏ ਕਿ 14 ਅਕਤੂਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਲੋਕਾਂ ਵਿਚੋਂ ਦੋ ਨੌਜਵਾਨ ਪੁਲਿਸ ਫਾਇਰਿੰਗ ਵਿੱਚ ਮਾਰੇ ਗਏ ਸਨ।
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਬਹਿਬਲ ਕਲਾਂ ਅਤੇ ਬਰਗਾੜੀ ਵਿੱਚ ਲੋਕ ਧਰਨਾ ਦੇ ਰਹੇ ਸਨ। ਐਸਆਈਟੀ ਨੇ ਇਸ ਸਾਲ ਫਰਵਰੀ ਵਿੱਚ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ।