ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਨੇ ਮੰਗਾਂ ਨਾ ਮੰਨਣ ਨੂੰ ਲੈ ਕੇ 19 ਤੋਂ ਪੰਜਾਬ ਵਿੱਚ ਬੱਸ ਡਿਪੂ ਬੰਦ ਕਰਨ ਦੀ ਚੇਤਾਵਨੀ

ਏਜੰਸੀ

ਖ਼ਬਰਾਂ, ਪੰਜਾਬ

ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ 26 ਅਪਰੈਲ ਨੂੰ ਜਲੰਧਰ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ

photo

 

ਚੰਡੀਗੜ੍ਹ : ਐਤਵਾਰ ਨੂੰ ਹੋਈ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜੇਕਰ ਟਰਾਂਸਪੋਰਟ ਵਿਭਾਗ ਨੇ 6 ਡਿਪੂਆਂ ਦੇ ਆਊਟਸੋਰਸ ਮੁਲਾਜ਼ਮਾਂ ਅਤੇ ਨਵੇਂ ਭਰਤੀ ਕੀਤੇ 28 ਡਰਾਈਵਰਾਂ ਦੀਆਂ ਤਨਖਾਹਾਂ 18 ਅਪ੍ਰੈਲ ਤੱਕ ਜਾਰੀ ਨਹੀਂ ਕੀਤੀਆਂ ਤਾਂ 19 ਅਪਰੈਲ ਨੂੰ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਦੇ ਡਿਪੂ ਬੰਦ ਕਰਕੇ ਮੈਨੇਜਮੈਂਟ ਖਿਲਾਫ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ। 

ਯੂਨੀਅਨ ਦੇ ਸੰਸਥਾਪਕ ਕਮਲ ਕੁਮਾਰ ਅਤੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ’ਤੇ ਮੁਲਾਜ਼ਮ ਵਿਰੋਧੀ ਨੀਤੀਆਂ ਜਾਰੀ ਰੱਖਣ, ਕਈ ਸਾਲਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਵੱਲ ਧਿਆਨ ਨਾ ਦੇਣ ਦੇ ਦੋਸ਼ ਲਾਏ ਗਏ।

ਇਸ ਮੌਕੇ ਜਥੇਬੰਦੀ ਦੇ ਸੂਬਾ ਸਕੱਤਰ ਜਲੌਰ ਸਿੰਘ, ਜੋਧ ਸਿੰਘ, ਮੀਤ ਪ੍ਰਧਾਨ ਦਲਜੀਤ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਰਕਾਰ ਨਾਲ ਹੋਈਆਂ ਮੀਟਿੰਗਾਂ ਵਿੱਚ ਜੋ ਮੰਗਾਂ ਮੰਨੀਆਂ ਗਈਆਂ ਸਨ, ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਲਾਗੂ ਨਹੀਂ ਕੀਤਾ ਗਿਆ।

ਉੱਚ ਅਧਿਕਾਰੀਆਂ ਅਤੇ ਸੂਬਾ ਸਰਕਾਰ ਦੇ ਇਸ ਰਵੱਈਏ ਖ਼ਿਲਾਫ਼ 24 ਅਪਰੈਲ ਨੂੰ ਜਲੰਧਰ ਵਿੱਚ ਪ੍ਰੈਸ ਕਾਨਫਰੰਸ ਕਰ ਕੇ ਵਿਭਾਗ ਵਿੱਚ ਫੈਲੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ 26 ਅਪਰੈਲ ਨੂੰ ਜਲੰਧਰ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ ਅਤੇ ਸ਼ਹਿਰ ਦੀ ਚੱਕਾ ਜਾਮ ਕੀਤਾ ਜਾਵੇਗਾ।

ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਗੁਰਪ੍ਰੀਤ ਸਿੰਘ ਪੰਨੂ ਅਤੇ ਪ੍ਰਦੀਪ ਕੁਮਾਰ ਨੇ ਕਿਹਾ ਕਿ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨ ਕਾਰਨ ਸਵਾਰੀਆਂ ਓਵਰਲੋਡ ਹੋਣ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਨਾਲ ਹੀ ਮੁਲਾਜ਼ਮਾਂ ਨੂੰ ਵੀ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ। ਵਰਕਸ਼ਾਪ ਵਿੱਚ ਸਪੇਅਰ ਪਾਰਟਸ ਅਤੇ ਟਾਇਰ ਨਾ ਹੋਣ ਕਾਰਨ ਕਈ ਡਿਪੂਆਂ ਵਿੱਚ ਬੱਸਾਂ ਖੜ੍ਹੀਆਂ ਹਨ ਪਰ ਵਿਭਾਗ ਦੇ ਅਧਿਕਾਰੀ ਇਸ ਪਾਸੇ ਧਿਆਨ ਨਹੀਂ ਦੇ ਰਹੇ।