Punjab Vigilance Bureau News: 15,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵਲੋਂ ਰੰਗੇ ਹੱਥੀਂ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਰਮ ਸਿੰਘ ਨੇ ਪੁਲਿਸ ਕੇਸ ਵਿਚ ਪੱਖ ਲੈਣ ਬਦਲੇ ਮੰਗੀ ਸੀ 65,000 ਰੁਪਏ ਰਿਸ਼ਵਤ

Punjab Vigilance Bureau nabs ASI for accepting Rs 15000 bribe

Punjab Vigilance Bureau News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਸਦਰ ਪੱਟੀ, ਜ਼ਿਲ੍ਹਾ ਤਰਨਤਾਰਨ ਵਿਖੇ ਤਫਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਦੇ ਪਿੰਡ ਸਰਹਾਲੀ ਕਲਾਂ ਦੀ ਵਸਨੀਕ ਵੀਰੋ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ ਨੇ ਉਸ ਦੇ ਜਵਾਈ ਖ਼ਿਲਾਫ਼ ਥਾਣਾ ਸਦਰ ਵਿਚ ਦਰਜ ਇਕ ਪੁਲਿਸ ਕੇਸ ਵਿਚ ਉਸ ਦਾ ਪੱਖ ਲੈਣ ਬਦਲੇ 65,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸ ਨੇ ਅੱਗੇ ਦਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਰਿਸ਼ਵਤ ਵਜੋਂ 24,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦਸਿਆ ਕਿ ਮੁੱਢਲੀ ਪੁੱਛਗਿੱਛ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦਸਿਆ ਕਿ ਮੁੱਢਲੀ ਜਾਂਚ ਦੌਰਾਨ ਰਿਸ਼ਵਤ ਵਜੋਂ ਲਈ ਪਹਿਲੀ ਕਿਸ਼ਤ ਦੇ 24,000 ਰੁਪਏ ਵੀ ਬਰਾਮਦ ਕਰ ਲਏ ਗਏ ਹਨ।

ਉਨ੍ਹਾਂ ਦਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਚ ਪੁਲਿਸ ਮੁਲਾਜ਼ਮ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

 (For more Punjabi news apart from Punjab Vigilance Bureau nabs ASI for accepting Rs 15000 bribe, stay tuned to Rozana Spokesman)