ਮੁੱਖ ਮੰਤਰੀ ਵਲੋਂ ਪੁਲਿਸ ਨੂੰ ਸ਼ਰਾਬ ਤਸਕਰਾਂ ਵਿਰੁਧ ਸਖ਼ਤ ਕਾਰਵਾਈ ਕਰਨ ਦੇ ਹੁਕਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਡੀਜੀਪੀ ਨੂੰ ਸਬੰਧਤ ਡਵੀਜ਼ਨ ਦੇ ਡੀਐਸਪੀ ਅਤੇ ਐਸਐਚਓ ਵਿਰੁਧ ਕਾਰਵਾਈ ਦੇ ਆਦੇਸ਼

File Photo

ਚੰਡੀਗੜ੍ਹ, 16 ਮਈ (ਸਪੋਕਸਮੈਨ ਸਮਾਚਾਰ ਸੇਵਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੁਲੀਸ ਵਿਭਾਗ ਨੂੰ ਸ਼ਰਾਬ ਦੀ ਹਰੇਕ ਤਰ੍ਹਾਂ ਦੀ ਤਸਕਰੀ, ਨਾਜਾਇਜ਼ ਸ਼ਰਾਬ ਕੱਢਣ ਤੇ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿਤੇ ਤਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਸੂਬੇ ਨੂੰ ਮਾਲੀ ਨੁਕਸਾਨ ਤੋਂ ਬਚਾਇਆ ਜਾ ਸਕੇ।

ਮੁੱਖ ਮੰਤਰੀ ਨੇ ਅਜਿਹੇ ਸਬ-ਡਵੀਜ਼ਨ ਦੇ ਡੀ.ਐਸ.ਪੀ. ਅਤੇ ਐਸ.ਐਚ.ਓਜ਼ ਵਿਰੁਧ ਤੁਰਤ ਕਾਰਵਾਈ ਕਰਨ ਦੇ ਨਿਰਦੇਸ਼ ਦਿਤੇ ਜਿਨ੍ਹਾਂ ਦੇ ਇਲਾਕਿਆਂ ਵਿਚ ਅਜਿਹੀ ਗਤੀਵਿਧੀਆਂ ਵਾਪਰਦੀਆਂ ਸਾਹਮਣੇ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਨਾਜਾਇਜ਼ ਸ਼ਰਾਬ ਕੱਢਣ/ਤਸਕਰੀ ਕਰਨ/ਵੇਚਣ ਆਦਿ ਨਾਲ ਸਬੰਧਤ ਕਿਸੇ ਵੀ ਤਰੀਕੇ ਨਾਲ ਗ਼ੈਰ-ਕਾਨੂੰਨੀ ਗਤੀਵਿਧੀ ਦਾ ਸਮਰਥਨ ਕਰਨ ਜਾਂ ਲਾਪਰਵਾਹੀ ਵਰਤਣ ਵਾਲੇ ਸਰਕਾਰੀ ਅਧਿਕਾਰੀਆਂ/ ਕਰਮਚਾਰੀਆਂ ਵਿਰੁਧ ਵੀ ਸਖ਼ਤ ਕਾਰਵਾਈ ਦੇ ਆਦੇਸ਼ ਦਿਤੇ।

ਮੁੱਖ ਮੰਤਰੀ ਦੇ ਹੁਕਮਾਂ ’ਤੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ 23 ਮਈ ਤਕ ਜ਼ਿਲ੍ਹਾ ਅਤੇ ਪੁਲਿਸ ਥਾਣੇ ਦੇ ਪੱਧਰ ’ਤੇ ਸ਼ਰਾਬ ਦੇ ਤਸਕਰਾਂ/ਸਪਲਾਈ ਕਰਨ ਵਾਲਿਆਂ/ਨਾਜਾਇਜ਼ ਸ਼ਰਾਬ ਕੱਢਣ ਵਾਲਿਆਂ ਦੀ ਪਛਾਣ ਕਰਨ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਅਧਿਕਾਰੀਆਂ ਨੂੰ ਅਜਿਹੇ ਵਿਅਕਤੀਆਂ ਵਿਰੁਧ ਆਫ਼ਤ ਪ੍ਰਬੰਧਨ ਅਤੇ ਮਹਾਂਮਾਰੀ ਐਕਟ ਦੀਆਂ ਸਬੰਧਤ ਧਾਰਾਵਾਂ ਸਮੇਤ ਕਾਨੂੰਨੀ ਕਾਰਵਾਈ ਕਰਨ ਲਈ ਆਖਿਆ।

ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਪੈਰਵੀ ਵਜੋਂ ਪੁਲੀਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਸਾਰੇ ਥਾਣਿਆਂ ਖਾਸਕਰ ਸਰਹੱਦਾਂ ਦੇ ਨਜ਼ਦੀਕੀ ਖੇਤਰਾਂ ਦੇ ਥਾਣਿਆਂ ਦੇ ਮੁਖੀਆਂ (ਐਸ.ਐਚ.ਓਜ਼) ਨੂੰ ਹਰ ਸਮੇਂ ਚੌਕਸ ਰਹਿਣ ਅਤੇ ਪੰਜਾਬ ਅੰਦਰ ਸ਼ਰਾਬ ਦੀ ਤਸਕਰੀ ਨੂੰ ਰੋਕਣ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿਤੇ ਗਏ ਹਨ। ਪੰਜਾਬ ਪੁਲਿਸ ਮੁਖੀ ਵਲੋਂ ਚੇਤਾਵਨੀ ਦਿਤੀ ਗਈ

ਕਿ ਇਸ ਉਦੇਸ਼ ਵਿਚ ਅਸਫ਼ਲ ਹੋਣ ਦੀ ਸੂਰਤ ਵਿੱਚ ਸਬੰਧਤ ਥਾਣਾ ਮੁਖੀ ਨੂੰ ਹੋਰ ਥਾਂ ਤਬਦੀਲ ਕੀਤਾ ਜਾਵੇਗਾ ਅਤੇ ਕਸੂਰਵਾਰ ਮੰਨਦੇ ਹੋਏ ਉਸ ਵਿਰੁਧ ਲੋੜÄਦੀ ਵਿਭਾਗੀ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ  ਕੋਈ ਵੀ ਸਰਕਾਰੀ ਅਧਿਕਾਰੀ/ਕਰਮਚਾਰੀ ਸ਼ਰਾਬ ਆਦਿ ਦੀ ਤਸਕਰੀ/ਨਾਜਾਇਜ਼ ਸ਼ਰਾਬ ਕੱਢਣ ਅਤੇ ਸਪਲਾਈ ਕਰਨ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਦਾ ਸਮਰਥਨ ਕਰਦਾ ਪਾਇਆ ਗਿਆ ਉਸ ਵਿਰੁਧ ਸਖ਼ਤ ਕਾਰਵਾਈ ਹੋਵੇਗੀ। 

ਪੁਲਿਸ ਮੁਖੀ ਵਲੋਂ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼
ਸੂਬੇ ਦੇ ਪੁਲਿਸ ਮੁਖੀ ਦਿਨਕਰ ਗੁਪਤਾ ਨੇ ਕਿਹਾ ਕਿ ਪੁਲਿਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਸਬ-ਡਿਵੀਜ਼ਨਾਂ ਦੇ ਉਪ-ਪੁਲਿਸ ਕਪਤਾਨਾ (ਡੀ.ਐਸ.ਪੀਜ਼) ਅਤੇ ਥਾਣਾ ਮੁਖੀਆਂ ਨਾਲ ਵੀਡੀਉ ਕਾਨਫ਼ਰੰਸ ਕਰ ਕੇ ਉਨ੍ਹਾਂ ਨੂੰ ਇਹ ਸਪਸ਼ਟ ਕਰਨ ਲਈ ਨਿਰਦੇਸ਼ ਦਿਤੇ ਹਨ ਕਿ ਜੇਕਰ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਸ਼ਰਾਬ ਦੀ ਕੋਈ ਵੀ ਗੈਰ-ਕਾਨੂੰਨੀ ਫ਼ੈਕਟਰੀ ਚਲਦੀ ਪਾਈ ਗਈ, ਜਿਵੇਂ ਕਿ ਹਾਲ ਹੀ ਵਿਚ ਖੰਨਾ ਤੇ ਰਾਜਪੁਰਾ ਵਿਚ ਹੋਇਆ, ਤਾਂ ਸਬੰਧਤ ਅਫਸਰ ਨੂੰ ਹੋਰ ਖੇਤਰ ਵਿਚ ਤਬਦੀਲ ਕਰਕੇ ਉਸ ਵਿਰੁਧ ਕਾਨੂੰਨੀ/ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਅਜਿਹਾ ਅਫ਼ਸਰ ਭਵਿੱਖ ਵਿਚ ਐਸ.ਐਚ.ਓ ਲੱਗਣ ਅਤੇ ਜਨਤਕ ਡੀਲਿੰਗ ਦੀ ਨਿਯੁਕਤੀ ਲਈ ਅਯੋਗ ਬਣ ਜਾਵੇਗਾ।

ਡੀ.ਜੀ.ਪੀ ਨੇ ਦਸਿਆ ਕਿ ਸਾਰੇ ਪੁਲੀਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਕਿਹਾ ਗਿਆ ਹੈ ਕਿ ਉਹ ਅੰਤਰ-ਰਾਜੀ ਤਸਕਰੀ ਨੂੰ ਮੁਕੰਮਲ ਰੂਪ ਵਿਚ ਰੋਕਣ ਲਈ ਰੋਜ਼ਾਨਾ ਪੱਧਰ ’ਤੇ ਨਿਗਰਾਨੀ ਕਰਨ। ਇਸ ਤੋਂ ਇਲਾਵਾ ਸਾਰੇ ਪੁਲੀਸ ਕਮਿਸ਼ਨਰ ਅਤੇ  ਆਈ.ਜੀ ਅਤੇ ਡੀ.ਆਈ.ਜੀ ਵਲੋਂ ਉਨ੍ਹਾਂ ਦੇ ਖੇਤਰਾਂ ਅਧੀਨ ਆਉਂਦੇ ਜ਼ਿਲਿ੍ਹਆਂ ਦੀਆਂ ਇਸ ਬਾਬਤ ਪ੍ਰਾਪਤੀਆਂ ਸਬੰਧੀ ਮਹੀਨਾਵਾਰ ਰਿਪੋਰਟ ਸਮੇਤ ਅਰਧ ਸਰਕਾਰੀ ਪੱਤਰ ਲਾ ਕੇ ਬਿਨਾਂ ਦੇਰੀ ਹਰ ਮਹੀਨੇ ਦੀ 5 ਤਾਰੀਕ ਤੋਂ ਪਹਿਲਾਂ-ਪਹਿਲਾਂ ਵਧੀਕ ਡਾਇਰੈਕਟਰ ਜਨਰਲ ਪੁਲੀਸ ( ਏ.ਡੀ.ਜੀ ਪੀ ਕਾਨੂੰਨ ਤੇ ਵਿਵਸਥਾ ) ਨੂੰ ਭੇਜੀ ਜਾਵੇਗੀ। 
ਪੰਜਾਬ ਪੁਲੀਸ ਦੇ ਮੁਖੀ ਨੇ ਸਾਰੇ ਪੁਲੀਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਅਤੇ ਠੇਕਾ ਲਾਇਸੰਸਧਾਰਕਾਂ ਨਾਲ ਨਾਲ ਲਗਾਤਾਰ ਰਾਬਤੇ ਵਿਚ ਰਹਿ ਕੇ ਫੀਡਬੈਕ ਲੈਣ ਅਤੇ ਨਸ਼ਾ ਤਸਕਰਾਂ/ਸਪਲਾਈ ਕਰਨ ਵਾਲਿਆਂ/ਨਾਜਾਇਜ਼ ਸ਼ਰਾਬ ਕੱਢਣ ਵਾਲਿਆਂ ਨੂੰ ਨੱਥ ਪਾਉਣ ਲਈ ਪੂਰੀ ਮੁਸਤੈਦੀ ਤੇ ਸੰਜੀਦਗੀ ਨਾਲ ਯਤਨ ਕਰਨ। ਡੀ.ਜੀ.ਪੀ ਨੇ ਚੇਤਾਵਨੀ ਦਿਤੀ ਕਿ ਇਸ ਵਿਚ ਕਿਸੇ ਪ੍ਰਕਾਰ ਦੀ ਅਸਫ਼ਲਤਾ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।