ਮੁੱਖ ਮੰਤਰੀ ਮਾਨ ਨੇ ਸਥਾਨਕ ਸਰਕਾਰਾਂ ਵਿਭਾਗ ਦੇ 401 ਅਤੇ ਜਲ ਸਪਲਾਈ ਵਿਭਾਗ ਦੇ 18 ਨਵ-ਨਿਯੁਕਤ ਨੌਜੁਆਨਾਂ ਨੂੰ ਨਿਯੁਕਤੀ ਪੱਤਰ ਵੰਡੇ
ਇਸ ਦੌਰਾਨ ਉਨ੍ਹਾਂ ਸਾਰਿਆਂ ਦਾ ਹੌਸਲਾ ਵਧਾਇਆ ਅਤੇ ਸ਼ੁੱਭ ਕਾਮਨਾਵਾਂ ਦਿਤੀਆਂ
ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਤਕਰੀਬਨ ਇਕ ਸਾਲ ਦੇ ਵਕਫ਼ੇ ਵਿੱਚ ਸੂਬੇ ਦੇ ਨੌਜਵਾਨਾਂ ਨੂੰ 29,684 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਅਜਿਹੀਆਂ ਹੋਰ ਬਹੁਤ ਸਾਰੀਆਂ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਚੱਲ ਰਹੀ ਹੈ।
ਇੱਥੇ ਸਥਾਨਕ ਸਰਕਾਰਾਂ ਵਿਭਾਗ ਵਿੱਚ 401 ਕਲਰਕਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 17 ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੌਰਾਨ ਮੁੱਖ ਮੰਤਰੀ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਆਪਣਾ ਫ਼ਰਜ਼ ਪੂਰੇ ਸਮਰਪਣ ਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ, ਜਦੋਂ ਸਰਕਾਰੀ ਦਫ਼ਤਰਾਂ ਵਿੱਚ ਨਵੇਂ ਕੰਮ ਸੱਭਿਆਚਾਰ ਉਤੇ ਆਧਾਰਤ ਟੀਮ ਭਾਵਨਾ ਤੇ ਸਮਰਪਣ ਜ਼ਰੂਰ ਲਿਆਂਦਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨ ਹਮੇਸ਼ਾ ਨਵੇਂ ਵਿਚਾਰਾਂ ਨਾਲ ਭਰਪੂਰ ਹੁੰਦੇ ਹਨ, ਜਿਨ੍ਹਾਂ ਨੂੰ ਸਾਡੀ ਸਰਕਾਰ ਸਮੁੱਚੇ ਵਿਕਾਸ ਲਈ ਤੇਜ਼ ਰਫ਼ਤਾਰ ਨਾਲ ਸੂਬੇ ਵਿੱਚ ਲਾਗੂ ਕਰੇਗੀ।
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੀ ਗੁਲਾਮੀ ਤੋਂ ਮੁਕਤ ਕਰਨ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸੁਤੰਤਰਤਾ ਸੰਗਰਾਮੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਫ਼ਤਰੀ ਕੰਮਕਾਜ ਵਿੱਚ ਅਨੁਸ਼ਾਸਨ ਲਿਆਉਣ ਲਈ ਪੁਰਜ਼ੋਰ ਕੋਸ਼ਿਸ਼ਾਂ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸੂਬਾ ਸਰਕਾਰ ਦੇ ਕੰਮਕਾਜ ਤੋਂ ਲੋਕਾਂ ਨੂੰ ਫਾਇਦਾ ਮਿਲਣਾ ਯਕੀਨੀ ਬਣੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਇਕੋ-ਇਕ ਮਕਸਦ ਸਮੁੱਚੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਮਿਸ਼ਨਰੀ ਉਤਸ਼ਾਹ ਨਾਲ ਸੂਬੇ ਦੀ ਸੇਵਾ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰੇਕ ਕਦਮ ਲੋਕਾਂ ਦੀ ਭਲਾਈ ਦੇ ਮੰਤਵ ਨਾਲ ਚੁੱਕਿਆ ਜਾ ਰਿਹਾ ਹੈ ਅਤੇ ਇਸ ਮਹਾਨ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਆਗੂ ਆਪਣਾ ਅਹੁਦਾ ਸੰਭਾਲਣ ਮਗਰੋਂ ਚਕਾਚੌਂਧ ਦੀ ਦੁਨੀਆ ਵਿੱਚ ਰਹਿੰਦੇ ਸਨ ਪਰ ਉਨ੍ਹਾਂ ਪੰਜਾਬ ਤੇ ਪੰਜਾਬੀਆਂ ਅਤੇ ਸੂਬੇ ਦੀ ਸੇਵਾ ਕਰਨ ਲਈ ਇਹ ਚਕਾਚੌਂਧ ਛੱਡ ਦਿੱਤੀ ਹੈ।
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਆਉਣ ਵਾਲੀਆਂ ਨਸਲਾਂ ਲਈ ਪੰਜਾਬ ਨੂੰ ਰੰਗਲਾ ਬਣਾਉਣ ਲਈ ਪਹਿਲਾਂ ਹੀ ਵਿਆਪਕ ਯੋਜਨਾ ਉਲੀਕੀ ਹੈ। ਉਨ੍ਹਾਂ ਪੁਰਾਣੇ ਆਗੂਆਂ ਉਤੇ ਵਿਅੰਗ ਕਸਦਿਆਂ ਆਖਿਆ ਕਿ ਇਹ ਆਗੂ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਆਪਣੇ ਆਲੀਸ਼ਾਨ ਮਹਿਲਾਂ ਤੋਂ ਬਾਹਰ ਨਹੀਂ ਆਏ ਪਰ ਉਹ ਅਮਨ, ਖ਼ੁਸ਼ਹਾਲੀ ਤੇ ਤਰੱਕੀ ਦਾ ਨਵਾਂ ਦੌਰ ਸ਼ੁਰੂ ਕਰਨ ਲਈ ਹਰੇਕ ਕੋਨੇ-ਕੋਨੇ ਵਿੱਚ ਘੁੰਮ ਰਹੇ ਹਨ।