ਮੁੱਖ ਮੰਤਰੀ ਵਲੋਂ ਡੀ.ਜੀ.ਪੀ. ਨੂੰ ਕੋਵਿਡ ਵਿਰੁਧ ਵਿਸ਼ੇਸ਼ ਦਸਤੇ ਤਿਆਰ ਕਰਨ ਦੇ ਹੁਕਮ
ਪੁਲਿਸ ਕਰਮੀਆਂ ਨੂੰ ਗ਼ੈਰ-ਜ਼ਰੂਰੀ ਡਿਊਟੀਆਂ ਤੋਂ ਹਟਾਇਆ ਜਾਵੇ
ਚੰਡੀਗੜ੍ਹ 16 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਸੂਬੇ ਵਿਚ ਕੋਵਿਡ-19 ਦੇ ਵਧਦੇ ਮਾਮਲਿਆਂ ਅਤੇ ਮੌਤਾਂ ਦੇ ਮਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਦੇ ਡੀ.ਜੀ.ਪੀ. ਨੂੰ ਵਿਸ਼ੇਸ਼ ਰਾਖਵੇਂ ਦਸਤੇ ਤਿਆਰ ਕਰਨ ਦੇ ਹੁਕਮ ਦਿਤੇ ਹਨ ਅਤੇ ਇਸ ਮਕਸਦ ਹਿੱਤ ਅਗਲੇ ਕੁਝ ਮਹੀਨਿਆਂ ਲਈ ਗ਼ੈਰ-ਜ਼ਰੂਰੀ ਡਿਊਟੀਆਂ ’ਤੇ ਤਾਇਨਾਤ ਪੁਲਿਸ ਕਰਮੀਆਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ।
ਵੀਡੀਉ ਕਾਨਫ਼ਰੰਸਿੰਗ ਰਾਹੀਂ ਕੋਵਿਡ ਦੀ ਸਮੀਖਿਆ ਸਬੰਧੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਇਹ ਵੀ ਨਿਰਦੇਸ਼ ਦਿਤੇ ਕਿ ਸੁਰੱਖਿਆ ਨੇਮਾਂ ਦੀ ਉਲੰਘਣਾ ਕਰਨ ਵਾਲਿਆਂ ਖਾਸ ਕਰ ਕੇ ਮਾਸਕ ਨਾ ਪਾਉਣ ਵਾਲਿਆਂ ਵਿਰੁਧ ਸਖ਼ਤ ਕਦਮ ਚੁੱਕੇ ਜਾਣ। ਉਨ੍ਹਾਂ ਡੀ.ਜੀ.ਪੀ. ਨੂੰ ਇਹ ਨਿਰਦੇਸ਼ ਵੀ ਦਿਤੇ ਕਿ ਕੋਵਿਡ ਦੇ ਕੇਸਾਂ ਦੀ ਬਹੁਤਾਤ ਵਾਲੇ ਸ਼ਹਿਰਾਂ ਦੇ ਐਸ.ਐਸ.ਪੀਜ਼ ਨੂੰ ਇਹ ਹਦਾਇਤਾਂ ਵੀ ਦਿਤੀਆਂ ਜਾਣ ਕਿ ਇਸ ਮਹਾਂਮਾਰੀ ਦੇ ਹੋਰ ਫ਼ੈਲਾਅ ਨੂੰ ਰੋਕਣ ਲਈ ਨਿਯਮਾਂ ਅਤੇ ਸਰਕਾਰ ਵਲੋਂ ਲਾਈਆਂ ਪਾਬੰਦੀਆਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।
ਪੰਜਾਬ ਵਿਚ ਪ੍ਰਤੀ ਮਿਲੀਅਨ ਦੇ ਹਿਸਾਬ ਨਾਲ ਮੌਤਾਂ ਦਾ ਅੰਕੜਾ 7.7 ਪ੍ਰਤੀ ਮਿਲੀਅਨ ਤਕ ਵਧਣ ਦੇ ਮਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿਤੇ ਕਿ ਕੰਟੇਨਮੈਂਟ ਅਤੇ ਮਾਈਕਰੋ ਕੰਟੇਨਮੈਂਟ ਜ਼ੋਨਾਂ ਦੀ ਪਛਾਣ ਛੇਤੀ ਤੋਂ ਛੇਤੀ ਕੀਤੀ ਜਾਵੇ ਅਤੇ ਇਸ ਮਹਾਂਮਾਰੀ ਦੇ ਫ਼ੈਲਾਅ ਨੂੰ ਰੋਕਣ ਸਬੰਧੀ ਤੇਜ਼ੀ ਨਾਲ ਕਦਮ ਚੁੱਕੇ ਜਾਣ। ਹੁਕਮਾਂ ਤੋਂ ਬਾਅਦ ਪੰਜਾਬ ਦੇ ਡੀ ਜੀ ਪੀ ਦਿਨਕਰ ਗੁਪਤਾ ਨੇ ਕੋਰੋਨਾ ਦੇ ਵੱਧ ਰਹੇ ਖ਼ਤਰੇ ਦੇ ਮਦੇ ਨਜ਼ਰ ਚੰਡੀਗੜ੍ਹ ਤੇ ਸੂਬੇ ’ਚ ਪੁਲਿਸ ਦਫ਼ਤਰ 50 ਫ਼ੀ ਸਦੀ ਮੁਲਾਜ਼ਮਾਂ ਨਾਲ ਹੀ ਚਲਾਉਣ ਦੇ ਹੁਕਮ ਦਿਤੇ ਹਨ।