ਪੰਜਾਬ ਵਿਚ ਅਗਲੇ 3 ਦਿਨ ਤੱਕ ਭਾਰੀ ਬਾਰਿਸ਼ ਦੀ ਸੰਭਾਵਨਾ, ਸੂਬੇ ‘ਚ ਹਾਈ ਅਲਰਟ ਜਾਰੀ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਵਿਚ ਵੀ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਅਗਲੇ 2 ਜਾਂ 3 ਦਿਨ ਤੱਕ ਭਾਰੀ ਬਾਰਿਸ਼ ਹੋ ਸਕਦੀ ਹੈ।

Heavy rain alert in Punjab

ਚੰਡੀਗੜ੍ਹ: ਦਿੱਲੀ ਅਤੇ ਐਨਸੀਆਰ ਵਿਚ ਸਵੇਰੇ ਤੇਜ਼ ਬਾਰਿਸ਼ ਨੇ ਮੌਸਮ ਨੂੰ ਵਧੀਆ ਬਣਾ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਦਿੱਲੀ ਸਮੇਤ ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ , ਉਤਰਾਖੰਡ,  ਹਰਿਆਣਾ, ਰਾਜਸਥਾਨ, ਆਂਧਰਾ ਪ੍ਰਦੇਸ਼, ਪੱਛਮੀ ਬੰਗਾਲ, ਸਿੱਕਮ ਅਤੇ ਗੋਆ ਵਿਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਸ਼ਨੀਵਾਰ ਨੂੰ ਦਿੱਲੀ ਐਨਸੀਆਰ ਵਿਚ ਬੱਦਲ ਹੋਣ ਦੀ ਸੰਭਾਵਨਾ ਹੈ। ਸ਼ਨੀਵਾਰ ਨੂੰ ਘੱਟੋ-ਘੱਟ ਤਾਪਮਾਨ ਲੜੀਵਾਰ 30 ਅਤੇ 25 ਡਿਗਰੀ ਸੈਲਸੀਅਸ ਦੇ ਨੇੜੇ ਰਹਿਣ ਦੀ ਸੰਭਾਵਨਾ ਹੈ। ਸ਼ੁੱਕਰਵਾਰ ਨੂੰ ਵੀ ਦਿੱਲੀ ਅਤੇ ਪੰਜਾਬ ਦੇ ਕਈ ਇਲਾਕਿਆਂ ਵਿਚ ਭਾਰੀ ਬਾਰਿਸ਼ ਹੋਈ ਸੀ।

ਦੱਸ ਦਈਏ ਕਿ ਦੇਸ਼ ਦੇ ਕਈ ਸੂਬੇ ਇਸ ਸਮੇਂ ਭਾਰੀ ਬਾਰਿਸ਼ ਅਤੇ ਹੜ੍ਹ ਦੀ ਚਪੇਟ ਵਿਚ ਹਨ। ਇਸ ਦੇ ਨਾਲ ਪੰਜਾਬ ਵਿਚ ਵੀ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਅਗਲੇ 2 ਜਾਂ 3 ਦਿਨ ਤੱਕ ਭਾਰੀ ਬਾਰਿਸ਼ ਹੋ ਸਕਦੀ ਹੈ। ਬਾਰਿਸ਼ ਦੇ ਅਲਰਟ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਦੇਸ਼ ਜਾਰੀ ਕੀਤੇ ਹਨ।

ਮੁੱਖ ਮੰਤਰੀ ਨੇ ਸ਼ੁੱਕਰਵਾਰ ਰਾਤ ਨੂੰ ਆਦੇਸ਼ ਜਾਰੀ ਕਰ ਕੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਾਈ ਅਲਰਟ ‘ਤੇ ਰਹਿੰਦੇ ਹੋਏ ਹਲਾਤਾਂ ‘ਤੇ ਨਜ਼ਰ ਰੱਖਣ ਨੂੰ ਕਿਹਾ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ‘ਤੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਹੈ ਕਿ ਉਹ ਬਾਰਿਸ਼ ਦੇ ਹਾਲਾਤ ਨੂੰ ਦੇਖਦੇ ਹੋਏ ਪੂਰੀ ਤਰ੍ਹਾਂ ਤਿਆਰ ਰਹਿਣ। ਜ਼ਿਕਰਯੋਗ ਹੈ ਕਿ ਭਾਰੀ ਬਾਰਿਸ਼ ਦੇ ਚਲਦਿਆਂ ਦੇਸ਼ ਦੇ ਕਈ ਸੂਬਿਆਂ ਵਿਚ ਭਾਰੀ ਗਿਣਤੀ ‘ਚ ਲੋਕਾਂ ਦੀ ਮੌਤ ਹੋ ਗਈ ਹੈ।

ਇਸ ਦੇ ਨਾਲ ਹੀ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਵੀ ਭਾਖੜਾ ਬੰਨ੍ਹ ਤੋਂ 40 ਹਜ਼ਾਰ ਕਿਊਸਿਕ ਪਾਣੀ ਛੱਡੇ ਜਾਣ ਤੋਂ ਬਾਅਦ ਪ੍ਰਸ਼ਾਸ਼ਨ ਨੇ ਜਲੰਧਰ ਜ਼ਿਲ੍ਹੇ 'ਚ ਸਤਲੁਜ ਨਦੀ ਦੇ ਆਸਪਾਸ ਅਤੇ ਹੇਠਲੇ ਇਲਾਕਿਆਂ 'ਚ ਰਹਿਣ ਵਾਲਿਆਂ ਨੂੰ ਸ਼ੁੱਕਰਵਾਰ ਨੂੰ ਚਿਤਾਵਨੀ ਜਾਰੀ ਕੀਤੀ ਗਈ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਪਹਾੜੀ ਖੇਤਰ ਵਿਚ ਭਾਰੀ ਮੀਂਹ ਤੋਂ ਬਾਅਦ ਭਾਖੜਾ ਬੰਨ੍ਹ ਤੋਂ ਵੱਧ ਪਾਣੀ ਛੱਡਣਾ ਪਿਆ ਅਤੇ ਸ਼ਨਿੱਚਰਵਾਰ ਤੱਕ ਜ਼ਿਲ੍ਹੇ ਚ ਇਸ ਪਾਣੀ ਦੇ ਪਹੁੰਚਣ ਦੀ ਸੰਭਾਵਨਾ ਹੈ।