ਅਨਮੋਲ ਗਗਨ ਮਾਨ ਵਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕੰਮ ਵਿਚ ਤੇਜ਼ੀ ਲਿਆਉਣ ਦੇ ਹੁਕਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

 ਰਜਿਸਟ੍ਰੇਸ਼ਨ ਦੇ ਕੰਮ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਕਿਰਤ ਮੰਤਰੀ

Anmol Gagan Maan directs acceleration of construction workers' registration process

 

ਚੰਡੀਗੜ੍ਹ:  ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਰਾਜ ਦੇ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕਾਰਜ਼  ਵਿਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਅੱਜ ਇਥੇ ਕਿਰਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਦੇ ਉਸਾਰੀ ਕਿਰਤੀਆਂ ਦੀ ਭਲਾਈ ਵਚਨਬੱਧ ਹੈ।

ਉਨ੍ਹਾਂ  ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਜਿਸਟ੍ਰੇਸ਼ਨ ਸਬੰਧੀ ਕਾਰਜ਼ ਵਿਚ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹੁਕਮ ਦਿੱਤੇ ਕਿ ਜਿਹੜੇ ਅਧਿਕਾਰੀਆ ਨੇ ਰਜਿਸਟ੍ਰੇਸ਼ਨ ਦੇ ਕੰਮ ਅਤੇ ਕਿਰਤੀ ਉਸਾਰੀਆਂ ਵਲੋਂ ਸਕੀਮਾਂ ਦਾ ਲਾਭ ਲੈਣ ਲਈ ਦਿੱਤੀਆਂ ਅਰਜ਼ੀਆਂ ਦੇ ਨਿਪਟਾਰੇ ਵਿੱਚ ਅਣਗਹਿਲੀ ਵਰਤੀ ਉਨ੍ਹਾਂ ਵਿਰੁੱਧ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਰਜਿਸਟ੍ਰੇਸ਼ਨ ਸਬੰਧੀ ਕਾਰਜ਼ ਦਾ ਮੁਲਾਂਕਣ ਹਰ ਹਫ਼ਤੇ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬਾ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਲਈ ਸ਼ੁਰੂ ਕੀਤੀਆਂ ਸਾਰੀਆਂ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ।

ਅਨਮੋਲ ਗਗਨ ਮਾਨ ਨੇ ਕਿਰਤੀਆਂ ਉਸਾਰੀ ਦੀ ਰਜਿਸਟ੍ਰੇਸ਼ਨ ਲਈ ਹਰ ਹਫ਼ਤੇ ਕੈਂਪ ਲਗਾਉਣ ਦਾ ਹੁਕਮ ਦਿੰਦਿਆਂ ਕਿਹਾ ਕਿ ਹਰੇਕ ਕਿਰਤੀ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਠੇਕੇਦਾਰ ਅਤੇ ਮਾਲਕ ਮਕਾਨ ਵੀ ਪੰਜਾਬ ਕਿਰਤੀ ਸਹਾਇਕ ਬੋਰਡ ਤੇ ਆਨਲਾਈਨ ਰਜਿਸਟ੍ਰੇਸ਼ਨ ਕਰਨ। ਇਸਦੇ ਨਾਲ ਹੀ ਉਨ੍ਹਾਂ ਹਰ ਮਹੀਨੇ ਰਾਜ ਪੱਧਰੀ ਮੁਲਾਂਕਣ ਮੀਟਿੰਗ ਕਰਨ ਦੇ ਹੁਕਮ ਦਿੱਤੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਕਿਰਤ ਵਿਭਾਗ ਦੇ ਸਕੱਤਰ ਸ, ਮਨਵੇਸ਼ ਸਿੰਘ ਸਿੱਧੂ ਅਤੇ ਕਿਰਤ ਕਮਿਸ਼ਨਰ ਟੀ.ਪੀ.ਐਸ.ਫੂਲਕਾ ਅਤੇ ਕਈ ਹੋਰ ਅਧਿਕਾਰੀ ਹਾਜ਼ਰ ਸਨ।