ਹਰਸਿਮਰਤ ਬਾਦਲ ਦੇ ਅਸਤੀਫ਼ੇ 'ਤੇ ਸਿਆਸਤ ਸ਼ੁਰੂ, ਕੈਪਟਨ ਨੇ ਦਸਿਆ ਦੇਰੀ ਨਾਲ ਚੁਕਿਆ ਛੋਟਾ ਕਦਮ!

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੱਚਮੁੱਚ ਸੰਜੀਦਾ ਹੈ ਤਾਂ ਅਜੇ ਵੀ ਐਨ.ਡੀ.ਏ. ਦਾ ਭਾਈਵਾਲ ਕਿਉਂ ਬਣਿਆ ਹੋਇਆ

Capt. Amarinder Singh

ਚੰਡੀਗੜ੍ਹ : ਖੇਤੀ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਅੰਦਰ ਸਿਆਸੀ ਘਮਾਸਾਨ ਚਰਮ-ਸੀਮਾਂ 'ਤੇ ਪਹੁੰਚ ਗਿਆ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਇਸ ਮੁੱਦੇ 'ਤੇ ਅਪਣੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਵਲੋਂ ਬਦਲੇ ਪੈਂਤੜੇ 'ਤੇ ਵੀ ਸਿਆਸਤ ਸ਼ੁਰੂ ਹੋ ਗਈ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਕੌਰ ਬਾਦਲ ਵਲੋਂ ਮੰਤਰੀ ਦੇ ਅਹੁਦੇ ਤੋਂ ਦਿਤੇ ਅਸਤੀਫੇ ਨੂੰ ਅਕਾਲੀ ਦਲ ਵਲੋਂ ਇਕ ਤੋਂ ਬਾਅਦ ਇਕ ਰਚੇ ਜਾ ਰਹੇ ਡਰਾਮਿਆਂ ਦੀ ਇਕ ਹੋਰ ਨੌਟੰਕੀ ਦਸਿਆ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਬਿੱਲਾਂ 'ਤੇ ਕੇਂਦਰ ਸਰਕਾਰ ਵਲੋਂ ਅਕਾਲੀਆਂ ਨੂੰ ਕੋਈ ਅਹਿਮੀਅਤ ਨਾ ਦੇਣ ਦੇ ਬਾਵਜੂਦ ਅਕਾਲੀ ਦਲ ਨੇ ਹਾਲੇ ਤਕ ਸੱਤਾਧਾਰੀ ਗਠਜੋੜ ਨਾਲੋਂ ਨਾਤਾ ਨਹੀਂ ਤੋੜਿਆ।

ਉਨ੍ਹਾਂ ਕਿਹਾ ਕਿ ਇਹ ਬਹੁਤ ਦੇਰੀ ਨਾਲ ਚੁਕਿਆ ਗਿਆ ਕਦਮ ਹੈ, ਜਿਸ ਦਾ ਪੰਜਾਬ ਦੇ ਕਿਸਾਨਾਂ ਦੀ ਕਿਸੇ ਕਿਸਮ ਦੀ ਮੱਦਦ ਨਹੀਂ ਹੋਣੀ। ਉਨ੍ਹਾਂ ਕਿਹਾ ਕਿ ਜੇ ਅਕਾਲੀ ਦਲ ਨੇ ਇਸ ਤੋਂ ਪਹਿਲਾਂ ਸਟੈਂਡ ਲਿਆ ਹੁੰਦਾ ਅਤੇ ਇਨ੍ਹਾਂ ਆਰਡੀਨੈਂਸਾਂ ਵਿਰੁੱਧ ਸੂਬਾ ਸਰਕਾਰ ਦਾ ਸਮਰਥਨ ਕੀਤਾ ਹੁੰਦਾ ਤਾਂ ਸ਼ਾਇਦ ਇਹ ਬਿੱਲ ਪਾਸ ਹੋਣ ਦੇ ਹਾਲਾਤ ਪੈਦਾ ਨਾ ਹੁੰਦੇ ਅਤੇ ਕੇਂਦਰ ਸਰਕਾਰ ਨੂੰ ਇਹ ਆਰਡੀਨੈਂਸ ਲਿਆਉਣ ਅਤੇ ਕਿਸਾਨ ਵਿਰੋਧੀ ਬਿੱਲਾਂ ਨੂੰ ਸੰਸਦ ਵਿਚ ਰੱਖਣ ਤੋਂ ਪਹਿਲਾਂ 10 ਵਾਰ ਸੋਚਣਾ ਪੈਂਦਾ।

ਉਨ੍ਹਾਂ ਕਿਹਾ ਕਿ ਇਨ੍ਹਾਂ ਘਾਤਕ ਖੇਤੀਬਾੜੀ ਆਰਡੀਨੈਂਸਾਂ ਖਿਲਾਫ਼ ਮੈਦਾਨ ਵਿਚ ਨਿੱਤਰੇ ਕਿਸਾਨਾਂ ਦਾ ਰੋਸ ਅਤੇ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਦਾ ਦਬਾਅ ਹੀ ਸੀ ਜਿਨ੍ਹਾਂ ਨੇ ਬਾਦਲਾਂ ਨੂੰ ਅਪਣੇ ਪਹਿਲੇ ਸਟੈਂਡ ਤੋਂ ਪਲਟਣ ਲਈ ਮਜਬੂਰ ਕਰ ਦਿਤਾ।

ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਇਸ ਨੂੰ ਲੋਕ ਰੋਹ ਤੋਂ ਡਰਦਿਆਂ ਚੁੱਕਿਆ ਕਦਮ ਦਸਿਆ। ਉਨ੍ਹਾਂ ਕਿਹਾ ਕਿ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਆਖਰ ਲੋਕ ਰੋਹ ਅੱਗੇ ਝੁਠਦਿਆਂ ਅਸਤੀਫ਼ਾ ਦੇਣਾ ਪਿਆ ਹੈ।