ਕਿਸਾਨ ਦਿੱਲੀ ਜਾ ਕੇ ਰੋਸ ਮਾਰਚ ਕਰਨ ਤਾਂ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੋਵੇਗੀ
ਕਿਸਾਨ ਦਿੱਲੀ ਜਾ ਕੇ ਰੋਸ ਮਾਰਚ ਕਰਨ ਤਾਂ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੋਵੇਗੀ
ਮੁੱਖ ਮੰਤਰੀ ਵਲੋਂ ਕਿਸਾਨਾਂ ਵਿਰੁਧ ਦਰਜ ਕੇਸ ਵਾਪਸ ਲੈਣ ਦਾ ਐਲਾਨ
ਚੰਡੀਗੜ੍ਹ, 16 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪਣੀ ਪੂਰੀ ਹਮਾਇਤ ਦੇਣ ਦੇ ਐਲਾਨ ਕਰਦੇ ਹੋਏ ਅੱਜ ਕਿਹਾ ਕਿ ਉਹ ਜੇ ਦਿੱਲੀ ਵਿਚ ਜਾ ਕੇ ਰੋਸ ਪ੍ਰਦਰਸ਼ਨ ਕਰਨ ਤਾਂ ਅਸੀ ਉਨ੍ਹਾਂ ਨਾਲ ਚੱਲਾਂਗੇ। ਕਿਸਾਨ ਪੰਜਾਬ ਵਿਚ ਰੋਸ ਕਿਉਂ ਪ੍ਰਗਟ ਕਰਦੇ ਹਨ ਜਦਕਿ ਇਥੇ ਤਾਂ ਸਰਕਾਰ ਉਨ੍ਹਾਂ ਦੀ ਹਮਾਇਤ ਵਿਚ ਖੜੀ ਹੈ। ਧੱਕਾ ਤਾਂ ਦਿੱਲੀ ਸਰਕਾਰ ਕਰ ਰਹੀ ਹੈ। ਉਨ੍ਹਾਂ ਹੋਰ ਕਿਹਾ ਕਿ ਕਿਸਾਨਾਂ ਨਾਲ ਜਿੰਨਾ ਵੱਡਾ ਧੱਕਾ ਕੀਤਾ ਜਾ ਰਿਹਾ ਹੈ, ਉਹ ਦੁਖੀ ਹੋ ਕੇ ਕੁੱਝ ਵੀ ਕਰ ਸਕਦੇ ਹਨ ਤੇ ਕੇਂਦਰ ਨੂੰ ਕਿਸਾਨ-ਵਿਰੋਧੀ ਕਾਨੂੰਨ ਨਹੀਂ ਬਣਾਉਣੇ ਚਾਹੀਦੇ। ਉਨ੍ਹਾਂ ਨੇ ਬਾਦਲਾਂ ਤੇ ਇਲਜ਼ਾਮ ਲਾਇਆ ਕਿ ਉਹ ਖ਼ਾਲਸ ਝੂਠ ਬੋਲ ਰਹੇ ਹਨ। ਉਨ੍ਹਾਂ ਦੀ ਗੱਲ ਜੇ ਸਰਕਾਰ ਨਹੀਂ ਮੰਨਦੀ ਤਾਂ ਗੱਦੀ ਨਾਲ ਕਿਉਂ ਚਿੰਬੜੇ ਹੋਏ ਹਨ? ਉਨ੍ਹਾਂ ਹੋਰ ਕਿਹਾ ਕਿ ਕੋਰੋਨਾ ਦੇ ਕਾਲ ਵਿਚ ਕਿਸ ਦੀ ਜੀਅ ਕਰਦਾ ਹੈ ਕਿ ਘਰੋਂ ਨਿਕਲ ਕੇ ਸੜਕਾਂ 'ਤੇ ਬੈਠੇ ਪਰ ਜਦ ਭਵਿੱਖ ਹਨੇਰਾ ਹੁੰਦਾ ਦਿਸੇ ਤਾਂ ਬੰਦਾ ਕੁੱਝ ਵੀ ਕਰ ਸਕਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਬੁਧਵਾਰ ਨੂੰ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਵਿਚ ਟ੍ਰੈਫ਼ਿਕ ਜਾਮ ਨਾ ਕੀਤਾ ਜਾਵੇ ਅਤੇ ਨਾ ਹੀ ਧਾਰਾ 144 ਦੀ ਉਲੰਘਣਾ ਕੀਤੀ ਜਾਵੇ। ਮੁੱਖ ਮੰਤਰੀ ਨੇ ਇਸ ਦੇ ਨਾਲ ਹੀ ਇਹ ਸਪੱਸ਼ਟ ਕੀਤਾ ਕਿ ਧਾਰਾ 144 ਦੀ ਉਲੰਘਣਾ ਦੇ ਮਾਮਲੇ ਵਿਚ ਕੋਈ ਕੇਸ ਦਰਜ ਨਹੀਂ ਕੀਤਾ ਜਾਵੇਗਾ ਕਿਉਂਕਿ ਉਹ ਅਪਣੀ ਜ਼ਿੰਦਗੀ ਅਤੇ ਰੋਜ਼ੀ-ਰੋਟੀ ਲਈ ਸੰਘਰਸ਼ ਕਰ ਰਹੇ ਹਨ।
ਪੰਜਾਬ ਕਾਂਗਰਸ ਵਲੋਂ ਖੇਤੀਬਾੜੀ ਵਿਰੋਧੀ ਬਿੱਲਾਂ ਵਿਰੁਧ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਰਾਜ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਪ੍ਰਦਰਸ਼ਨਕਾਰੀ ਕਿਸਾਨਾਂ ਵਿਰੁਧ ਧਾਰਾ 144 ਦੀ ਉਲੰਘਣਾ ਦੇ ਪਹਿਲਾਂ ਹੀ ਕੇਸ ਦਰਜ ਹੋ ਚੁੱਕੇ ਹਨ, ਉਹ ਵਾਪਸ ਲਏ ਜਾਣਗੇ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕਿਸਾਨ ਇਸ ਲਈ ਕਾਨੂੰਨ ਦੀ ਉਲੰਘਣਾ ਕਰ ਰਹੇ ਹਨ ਕਿਉਂਕਿ ਇਹ ਆਰਡੀਨੈਂਸ ਉਨ੍ਹਾਂ ਅਤੇ ਉਨ੍ਹਾਂ ਦੇ ਪਰਵਾਰਾਂ ਨੂੰ ਬਰਬਾਦ ਕਰ ਦੇਣਗੇ।
ਮੁੱਖ ਮੰਤਰੀ ਨੇ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਸੂਬਾ ਕਾਂਗਰਸ ਅਤੇ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੇ ਕਾਨੂੰਨ ਪੰਜਾਬ ਅਤੇ ਖੇਤੀਬਾੜੀ ਨੂੰ ਤਬਾਹ ਕਰ ਦੇਣਗੇ ਜੋ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ।