ਰਾਜ ਸਭਾ 'ਚ ਪੰਜਾਬੀ ਭਾਸ਼ਾ ਦੇ ਹੱਕ 'ਚ ਬੋਲੇ ਪ੍ਰਤਾਪ ਸਿੰਘ ਬਾਜਵਾ

ਏਜੰਸੀ

ਖ਼ਬਰਾਂ, ਪੰਜਾਬ

ਰਾਜ ਸਭਾ 'ਚ ਪੰਜਾਬੀ ਭਾਸ਼ਾ ਦੇ ਹੱਕ 'ਚ ਬੋਲੇ ਪ੍ਰਤਾਪ ਸਿੰਘ ਬਾਜਵਾ

image

ਜੰਮੂ-ਕਸ਼ਮੀਰ ਦੀ ਅਧਿਕਾਰਤ ਭਾਸ਼ਾ ਦੀ ਸੂਚੀ ਵਿਚ ਪੰਜਾਬੀ ਨੂੰ ਸ਼ਾਮਲ ਕੀਤਾ ਜਾਵੇ
 

ਨਵੀਂ ਦਿੱਲੀ, 16 ਸਤੰਬਰ : ਰਾਜ ਸਭਾ ਵਿਚ ਬੁਧਵਾਰ ਨੂੰ ਪੰਜਾਬੀ ਨੂੰ ਜੰਮੂ-ਕਸ਼ਮੀਰ ਦੀ ਅਧਿਕਾਰਤ ਭਾਸ਼ਾ ਬਣਾਏ ਜਾਣ ਦੀ ਮੰਗ ਲਗਾਤਾਰ ਵੱਖ-ਵੱਖ ਆਗੂਆਂ ਤੇ ਪਾਰਟੀਆਂ ਵਲੋਂ ਕੀਤੀ ਜਾ ਰਹੀ ਹੈ। ਸਿਫ਼ਰ ਕਾਲ ਦੌਰਾਨ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਪੰਜਾਬੀ ਭਾਸ਼ਾ ਨੂੰ ਜੰਮੂ-ਕਸ਼ਮੀਰ ਦੀ ਅਧਿਕਾਰਤ ਭਾਸ਼ਾ ਬਣਾਏ ਜਾਣ ਦਾ ਮੁੱਦਾ ਚੁਕਿਆ।
ਉਨ੍ਹਾਂ ਕਿਹਾ ਕਿ ਕਸ਼ਮੀਰ ਅਤੇ ਪੰਜਾਬ ਦਾ ਬਹੁਤ ਡੂੰਘਾ ਰਿਸ਼ਤਾ ਹੈ ਅਤੇ ਕਸ਼ਮੀਰ 'ਚ ਵੱਡੀ ਗਿਣਤੀ 'ਚ ਲੋਕ ਪੰਜਾਬੀ ਭਾਸ਼ਾ ਬੋਲਦੇ ਹਨ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੀ ਅਧਿਕਾਰਤ ਭਾਸ਼ਾ ਦੀ ਸੂਚੀ ਵਿਚ ਪੰਜਾਬੀ ਨੂੰ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ, ਨਹੀਂ ਤਾਂ ਘੱਟ ਗਿਣਤੀਆਂ 'ਚ ਅਸੰਤੁਸ਼ਟੀ ਵਧੇਗੀ। ਉਧਰ ਸ਼੍ਰੋਮਣੀ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੁੰਦੜ ਨੇ ਵੀ ਇਹ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਅਧਿਕਾਰਤ ਭਾਸ਼ਾ ਸੂਚੀ ਵਿਚ ਪੰਜਾਬੀ ਨੂੰ ਬਾਹਰ ਰੱਖਣ ਦਾ ਫ਼ੈਸਲਾ ਬੇਹੱਦ ਦੁਖਦ ਹੈ। ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ ਵਿਦੇਸ਼ਾਂ ਵਿਚ ਵੀ ਘੱਟ ਨਹੀਂ ਹੈ। ਦਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੰਸਦ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕੇਂਦਰ ਸ਼ਾਸਤ ਪ੍ਰਦੇਸ਼ ਦੀ ਅਧਿਕਾਰਤ ਭਾਸ਼ਾ ਦੀ ਸੂਚੀ 'ਚ ਪੰਜਾਬੀ ਭਾਸ਼ਾ ਨੂੰ ਵੀ ਸ਼ਾਮਲ ਕੀਤਾ ਜਾਵੇ।   (ਏਜੰਸੀ)

ਰਾਜ ਸਭਾ ਵਿਚ ਪੰਜਾਬੀ ਭਾਸ਼ਾ ਦੇ ਹੱਕ ਵਿਚ ਬੋਲਦੇ ਹੋਏ ਪ੍ਰਤਾਪ ਸਿੰਘ ਬਾਜਵਾ।