ਬੇਅਦਬੀ ਕਾਂਡ ਵਿਚ ਡੇਰਾ ਸੱਚਾ ਸੌਦਾ ਦੇ ਹੱਥ ਹੋਣ ਦਾ ਸ਼ੱਕ

ਏਜੰਸੀ

ਖ਼ਬਰਾਂ, ਪੰਜਾਬ

ਬੇਅਦਬੀ ਕਾਂਡ ਵਿਚ ਡੇਰਾ ਸੱਚਾ ਸੌਦਾ ਦੇ ਹੱਥ ਹੋਣ ਦਾ ਸ਼ੱਕ

image

ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਸੁਖਵਿੰਦਰਪਾਲ ਸਿੰਘ  ਸੁੱਖੂ):  ਇਕ ਸ਼ਰਾਰਤੀ ਅਨਸਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤੀ ਬੇਅਦਬੀ ਦੇ ਮਾਮਲੇ ਵਿਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਇੰਗਲੈਂਡ ਦੌਰੇ ਤੋਂ ਪਰਤਦਿਆਂ ਹੀ ਦਿੱਲੀ ਤੋਂ ਸਿੱਧੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਪਹੁੰਚੇ ਅਤੇ ਸਮੁੱਚੇ ਮਾਮਲੇ ਦੀ ਜਾਣਕਾਰੀ ਪ੍ਰਾਪਤ ਕੀਤੀ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‘ਜਥੇਦਾਰ’ ਨੇ ਕਿਹਾ ਕਿ ਤਖ਼ਤ ਸਾਹਿਬ ਵਿਖੇ ਹੋਈ ਬੇਅਦਬੀ ਦੇ ਮਾਮਲੇ ਵਿਚ ਸਾਨੂੰ ਪੂਰਾ ਸ਼ੱਕ ਹੈ ਕਿ ਇਸ ਵਿਚ ਡੇਰਾ ਸੱਚਾ ਸੌਦਾ ਦਾ ਪੂਰਾ ਹੱਥ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਵਾਲੇ ਇਸ ਡੇਰੇ ਨੂੰ ਪੱਕੇ ਤੌਰ ’ਤੇ ਪਾਬੰਦੀ ਲਾਈ ਜਾਵੇ। 
ਉਨ੍ਹਾਂ ਅੱਗੇ ਕਿਹਾ ਕਿ ਇਹ ਗਹਿਰੀ ਸਾਜ਼ਸ਼ ਸਿੱਖਾਂ ਅਤੇ ਹਿੰਦੂਆਂ ਵਿਚ ਪਾੜਾ ਪਾਉਣ ਅਤੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨਾ ਹੈ ਜਿਸ ਵਿਚ ਏਜੰਸੀਆਂ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ। ਤਖ਼ਤ ਸਾਹਿਬ ਦੇ ਸਾਹਮਣੇ ਪਸ਼ਚਾਤਾਪ ਕਰਨ ਵਜੋਂ ਬੈਠੀਆਂ ਸੰਗਤਾਂ ਦੇ ਮਾਮਲੇ ਵਿਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਥਾਨਕ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਇਨ੍ਹਾਂ ਸਿੰਘਾਂ ਵਿਚ ਆ ਕੇ ਬੈਠਣਾ ਚਾਹੀਦਾ ਹੈ ਅਤੇ ਇਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ ਜੋ ਕਿ ਉਹ ਨਹੀਂ ਕਰ ਰਹੇ। ਉਨ੍ਹਾਂ ਇਸ ਮੌਕੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਕਤ ਕਥਿਤ ਦੋਸ਼ੀ ਤੇ ਮਾਮਲੇ ਵਿਚ ਪੂਰੀ ਪੜਤਾਲ ਕਰ ਕੇ ਸਖ਼ਤ ਸਜ਼ਾਵਾਂ ਦਿਤੀਆਂ ਜਾਣ।